ਚੰਡੀਗੜ੍ਹ: ਜੂਨ ਚੁਰਾਸੀ ਵਿੱਚ ਹੋਏ ਘੱਲੂਘਾਰੇ ਦੀ ਬਰਸੀ ਮੌਕੇ ਗ੍ਰਿਫਤਾਰ ਚਾਰ ਸਿੱਖ ਨੌਜਵਾਨਾਂ ਤੋਂ ਨੈਸ਼ਨਲ ਜਾਂਚ ਏਜੰਸੀ (ਐਨਆਈਏ) ਪੁੱਛ-ਪੜਤਾਲ ਕਰੇਗੀ। ਪੁਲਿਸ ਦਾ ਦਾਅਵਾ ਹੈ ਕਿ ਇਨ੍ਹਾਂ ਦੇ ਸਬੰਧ ਖਾਲਿਸਤਾਨੀ ਜਥੇਬੰਦੀ ਬੱਬਰ ਖ਼ਾਲਸਾ ਨਾਲ ਹਨ। ਮੁਹਾਲੀ ਅਦਾਲਤ ਨੇ ਐਨਆਈਏ ਨੂੰ ਇਨ੍ਹਾਂ ਤੋਂ ਹੋਰ ਪੁੱਛਗਿੱਛ ਤੇ ਮਾਮਲੇ ਦੀ ਨਵੇਂ ਸਿਰਿਓਂ ਪੜਤਾਲ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ।


ਕਾਬਲੇਗੌਰ ਹੈ ਕਿ ਬੀਤੇ ਦਿਨੀਂ ਐਨਆਈਏ ਦੀ ਜਾਂਚ ਟੀਮ ਨੇ ਮੁਹਾਲੀ ਦੀ ਵਿਸ਼ੇਸ਼ ਐਨਆਈਏ ਅਦਾਲਤ ਵਿੱਚ ਅਰਜ਼ੀ ਦਾਇਰ ਕੀਤੀ ਗਈ ਸੀ। ਇਸ ’ਤੇ ਐਨਆਈਏ ਦੇ ਵਿਸ਼ੇਸ਼ ਜੱਜ ਐਨਐਸ ਗਿੱਲ ਦੀ ਅਦਾਲਤ ਵਿੱਚ ਸੁਣਵਾਈ ਹੋਈ। ਅਦਾਲਤ ਨੇ ਐਨਆਈਏ ਦੀ ਅਰਜ਼ੀ ਮਨਜ਼ੂਰ ਕਰਦਿਆਂ ਜਾਂਚ ਟੀਮ ਨੂੰ ਨਵੇਂ ਸਿਰਿਓਂ ਵੱਖ-ਵੱਖ ਪਹਿਲੂਆਂ ’ਤੇ ਆਪਣੀ ਜਾਂਚ ਮੁਕੰਮਲ ਕਰਕੇ ਦੋ ਮਹੀਨੇ ਅੰਦਰ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨ ਲਈ ਆਖਿਆ ਹੈ।

ਸੂਤਰਾਂ ਮੁਤਾਬਕ ਐਨਆਈਏ ਜਿਨ੍ਹਾਂ ਕਾਰਕੁਨਾਂ ਤੋਂ ਪੁੱਛਗਿੱਛ ਕਰਨਾ ਚਾਹੁੰਦੀ ਹੈ, ਉਨ੍ਹਾਂ ਵਿੱਚ ਰਵਿੰਦਰਪਾਲ ਸਿੰਘ, ਜਗਦੇਵ ਸਿੰਘ, ਹਰਚਰਨ ਸਿੰਘ ਤੇ ਨਿਸ਼ਾਨ ਸਿੰਘ ਸ਼ਾਮਲ ਹਨ। ਇਹ ਸਾਰੇ ਜਣੇ ਇਸ ਸਮੇਂ ਅੰਮ੍ਰਿਤਸਰ ਦੀ ਜੇਲ੍ਹ ਵਿੱਚ ਬੰਦ ਹਨ। ਇਨ੍ਹਾਂ ਨੂੰ ਇਸ ਸਾਲ ਮਨਾਏ ਗਏ ਘੱਲੂਘਾਰਾ ਦਿਵਸ ਮੌਕੇ ਗ੍ਰਿਫ਼ਤਾਰ ਕਰਕੇ ਉਨ੍ਹਾਂ ਖ਼ਿਲਾਫ਼ ਗੈਰਕਾਨੂੰਨੀ ਗਤੀਵਿਧੀਆਂ ਤੇ ਹੋਰ ਧਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਐਨਆਈਏ ਨੇ 180 ਦਿਨਾਂ ਵਿੱਚ ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕਰਨਾ ਚਾਹੀਦਾ ਸੀ ਪਰ ਦਾਖਲ ਨਹੀਂ ਕਰ ਸਕੀ।