'ਭ੍ਰਿਸ਼ਟਾਚਾਰੀਆਂ' 'ਚ ਭੁਲੇਖੇ ਨਾਲ ਛਾਪ ਦਿੱਤੀ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਦੀ ਫੋਟੋ, ਹੁਣ ਭਗਵੰਤ ਮਾਨ ਤੇ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ
ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਕਿਸੇ ਹੋਰ ਦੀ ਥਾਂ ਉਨ੍ਹਾਂ ਦੀ ਫੋਟੋ ਲਗਾ ਕੇ ਲੋਕਾਂ ਵਿੱਚ ਭਗਵੰਤ ਸਿੰਘ ਮਾਨ ਤੇ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਚੰਡੀਗੜ੍ਹ: ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਆਮ ਆਦਮੀ ਪਾਰਟੀ ਵੱਲੋਂ ਸੋਸ਼ਲ ਮੀਡੀਆ ’ਤੇ ਕਿਸੇ ਹੋਰ ਦੀ ਥਾਂ ਉਨ੍ਹਾਂ ਦੀ ਫੋਟੋ ਲਗਾ ਕੇ ਲੋਕਾਂ ਵਿੱਚ ਉਨ੍ਹਾਂ ਦੀ ਛਵੀ ਖਰਾਬ ਕਰਨ ਦੇ ਦੋਸ਼ ਹੇਠ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਕਾਨੂੰਨੀ ਨੋਟਿਸ ਭੇਜਿਆ ਹੈ।
ਸਾਬਕਾ ਪੁਲਿਸ ਅਧਿਕਾਰੀ ਤੇ ਵਿਧਾਨ ਸਭਾ ਹਲਕਾ ਰੂਪਨਗਰ ਤੋਂ ਭਾਜਪਾ ਦੀ ਟਿਕਟ ’ਤੇ ਚੋਣ ਲੜ ਚੁੱਕੇ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਆਮ ਆਦਮੀ ਪਾਰਟੀ ਦੇ ਆਈਟੀ ਸੈੱਲ ਨੇ ਸੋਸ਼ਲ ਮੀਡੀਆ ’ਤੇ ਮਾਨ ਸਰਕਾਰ ਵੱਲੋਂ ਫੜੇ ਜਾਣਗੇ ਸਾਰੇ ਭ੍ਰਿਸ਼ਟਾਚਾਰੀ ਸਿਰਲੇਖ ਅਧੀਨ ਇੱਕ ਤਸਵੀਰ ਸਾਂਝੀ ਕੀਤੀ ਹੈ, ਜਿਸ ਵਿੱਚ ਸਾਧੂ ਸਿੰਘ ਧਰਮਸੋਤ, ਜੋਗਿੰਦਰ ਪਾਲ, ਸੰਗਤ ਸਿੰਘ ਗਿਲਜੀਆਂ ਤੇ ਉਨ੍ਹਾਂ ਦੀ ਤਸਵੀਰ ਲਗਾਈ ਹੈ।
ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਨ੍ਹਾਂ ਦੀ ਤਸਵੀਰ ਥੱਲੇ ਉਨ੍ਹਾਂ ਦਾ ਨਾਮ ਲਿਖ ਕੇ ਉਨ੍ਹਾਂ ਨੂੰ ਦਰੱਖਤਾਂ ਦੀ ਕਟਾਈ ਵਿੱਚ ਰਿਸ਼ਵਤਖੋਰੀ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਦਿਖਾਇਆ ਗਿਆ ਹੈ ਤੇ ਉਨ੍ਹਾਂ ਸਾਬਕਾ ਜੰਗਲਾਤ ਮੰਤਰੀ ਦੱਸਿਆ ਗਿਆ ਹੈ। ਲਾਲਪੁਰਾ ਨੇ ਦੱਸਿਆ ਕਿ ਉਹ ਨਾ ਤਾਂ ਕਦੇ ਜੰਗਲਾਤ ਮੰਤਰੀ ਰਹੇ ਹਨ ਤੇ ਨਾ ਹੀ ਉਨ੍ਹਾਂ ਨੂੰ ਕਿਸੇ ਵੀ ਜੁਰਮ ਅਧੀਨ ਆਮ ਆਦਮੀ ਪਾਰਟੀ ਵੱਲੋਂ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ‘ਆਪ’ ਗਿਣੀ-ਮਿਥੀ ਸਾਜ਼ਿਸ਼ ਅਧੀਨ ਫੋਟੋ ਲਗਾ ਕੇ ਉਨ੍ਹਾਂ ਨੂੰ ਲੋਕਾਂ ਵਿੱਚ ਬਦਨਾਮ ਕਰ ਰਹੀ ਹੈ, ਜਿਸ ਸਬੰਧੀ ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਤੇ ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਨੂੰ ਮਾਣਹਾਨੀ ਨੋਟਿਸ ਭੇਜਿਆ ਹੈ।