ਨਵੀਂ ਦਿੱਲੀ: ਬੀਜੇਪੀ ਦੇ ਸਾਬਕਾ ਸਾਂਸਦ ਨਵਜੋਤ ਸਿੰਘ ਸਿੱਧੂ ਸੋਮਵਾਰ ਨੂੰ ਆਪਣੀ ਅਗਲੀ ਰਣਨੀਤੀ ਦਾ ਐਲਾਨ ਕਰਨਗੇ। ਉਹ ਦਿੱਲੀ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਉਨ੍ਹਾਂ ਬਾਰੇ ਉੱਠ ਰਹੇ ਹਰ ਸਵਾਲ ਦਾ ਜਵਾਬ ਦੇਣਗੇ। ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਕਿਹਾ ਹੈ ਕਿ ਉਹ ਸੋਮਵਾਰ ਨੂੰ ਹਰ ਸਵਾਲ ਦਾ ਜਵਾਬ ਦੇਣਗੇ।   ਕਾਬਲੇਗੌਰ ਹੈ ਕਿ ਨਵਜੋਤ ਸਿੱਧੂ ਵੱਲੋਂ ਰਾਜ ਸਭਾ ਦੀ ਮੈਂਬਰੀ ਤੋਂ ਅਸਤੀਫਾ ਦੇਣ ਮਗਰੋਂ ਉਨ੍ਹਾਂ ਬਾਰੇ ਕਈ ਤਰ੍ਹਾਂ ਦੀਆਂ ਚਰਚਾਵਾਂ ਚੱਲ ਰਹੀਆਂ ਹਨ। ਹਰ ਕਿਸੇ ਦੀ ਇਸ ਗੱਲ 'ਤੇ ਨਿਗ੍ਹਾ ਹੈ ਕਿ ਨਵਜੋਤ ਸਿੱਧੂ ਅਗਲਾ ਕਦਮ ਕੀ ਚੁੱਕਣਗੇ। ਹੁਣ ਤੱਕ ਇਹ ਵੀ ਚਰਚਾ ਰਹੀ ਹੈ ਕਿ ਉਹ ਮੀਡੀਆ ਤੋਂ ਲੁੱਕ ਰਹੇ ਹਨ।   ਇਨ੍ਹਾਂ ਸਾਰੀਆਂ ਚਰਚਾਵਾਂ ਦਾ ਭੋਗ ਪਾਉਣ ਲਈ ਉਹ ਸੋਮਵਾਰ ਨੂੰ ਮੀਡੀਆ ਦੇ ਸਾਹਮਣੇ ਆ ਰਹੇ ਹਨ। ਮੰਨਿਆ ਜਾ ਰਿਹਾ ਹੈ ਕਿ ਇਸ ਦੌਰਾਨ ਉਹ 'ਆਪ' ਵਿੱਚ ਸ਼ਾਮਲ ਹੋਣ ਦਾ ਐਲਾਨ ਵੀ ਕਰ ਸਕਦੇ ਹਨ। ਇਸ ਤੋਂ ਇਲਾਵਾ ਉਹ ਬੀਜੇਪੀ 'ਤੇ ਵੱਡੇ ਹਮਲੇ ਬੋਲ ਸਕਦੇ ਹਨ ਕਿਉਂਕਿ ਉਨ੍ਹਾਂ ਦੇ ਅਸਤੀਫੇ ਮਗਰੋਂ ਬੀਜੇਪੀ ਦੇ ਕਈ ਲੀਡਰਾਂ ਨੇ ਉਨ੍ਹਾਂ ਬਾਰੇ ਤਿੱਖੀ ਬਿਆਨਬਾਜ਼ੀ ਕੀਤੀ ਸੀ।