ਪੰਜਾਬ 'ਚ ਮੀਟਿੰਗਾਂ ਮਗਰੋਂ ਦਿੱਲੀ ਪੁੱਜੇ ਨਵਜੋਤ ਸਿੱਧੂ, ਹਾਈਕਮਾਨ ਨਾਲ ਕਰ ਸਕਦੇ ਮੁਲਾਕਾਤ
Punjab News : ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੰਮ੍ਰਿਤਸਰ ਫੇਰੀ ਦੌਰਾਨ ਸਿੱਧੂ ਸ਼ਹਿਰ ਤੋਂ ਬਾਹਰ ਚਲੇ ਗਏ ਸਨ।
ਅੰਮ੍ਰਿਤਸਰ: ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਦਿੱਲੀ ਪੁੱਜੇ ਹਨ। ਇਸ ਦੌਰਾਨ ਉਹ ਪਾਰਟੀ ਦੀ ਸੀਨੀਅਰ ਲੀਡਰਸ਼ਿਪ ਨਾਲ ਮੁਲਾਕਾਤ ਕਰ ਸਕਦੇ ਹਨ। ਨਵਜੋਤ ਸਿੱਧੂ ਨੂੰ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੀ ਪ੍ਰਧਾਨਗੀ ਤੋਂ ਹਟਾਏ ਜਾਣ ਤੋਂ ਬਾਅਦ ਸਿੱਧੂ ਹਾਲੇ ਵੀ ਆਪਣੇ ਨਜ਼ਦੀਕੀ ਪਾਰਟੀ ਆਗੂਆਂ/ਸਾਬਕਾ ਵਿਧਾਇਕਾਂ ਨਾਲ ਮੀਟਿੰਗਾਂ ਕਰ ਰਹੇ ਹਨ।
ਹਾਲ ਹੀ ਪੰਜਾਬ ਕਾਂਗਰਸ ਕਮੇਟੀ ਦੇ ਨਵੇਂ ਬਣੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਦੀ ਅੰਮ੍ਰਿਤਸਰ ਫੇਰੀ ਦੌਰਾਨ ਸਿੱਧੂ ਸ਼ਹਿਰ ਤੋਂ ਬਾਹਰ ਚਲੇ ਗਏ ਸਨ। ਰਾਜਾ ਵੜਿੰਗ ਦੀ ਹਾਲੇ ਤੱਕ ਸਿੱਧੂ ਨਾਲ ਮੁਲਾਕਾਤ ਨਹੀਂ ਹੋਈ ਤੇ ਅੱਜ ਸਿੱਧੂ ਨਵੀਂ ਦਿੱਲੀ ਚਲੇ ਗਏ ਹਨ। ਕੱਲ੍ਹ ਵੀ ਨਵਜੋਤ ਸਿੱਧੂ ਨੇ ਜੰਡਿਆਲਾ ਗੁਰੂ ਦਾਣਾ ਮੰਡੀ ਦਾ ਦੌਰਾ ਕੀਤਾ ਸੀ ਤੇ ਆਪਣੇ ਤੌਰ 'ਤੇ ਸਰਗਰਮੀਆਂ ਜਾਰੀ ਰੱਖੀਆਂ ਹਨ।
ਨਵਜੋਤ ਸਿੱਧੂ ਕੋਲ ਇਸ ਵੇਲੇ ਭਾਵੇਂ ਕੋਈ ਵੱਡਾ ਅਹੁਦਾ ਨਹੀਂ ਪਰ ਉਹ ਲਗਾਤਾਰ ਆਮ ਆਦਮੀ ਪਾਰਟੀ ਨੂੰ ਘੇਰ ਰਹੇ ਹਨ। ਉਹ ਲਗਤਾਰ ਮੰਡੀਆਂ ਦਾ ਦੌਰਾ ਕਰ ਰਹੇ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਚੋਣਾਂ ਤੋਂ ਪਹਿਲਾਂ ਐਲਾਨ ਕੀਤਾ ਸੀ ਕਿ ਜੇਕਰ ਕਿਸੇ ਕਿਸਾਨ ਦੀ ਫ਼ਸਲ ਖ਼ਰਾਬ ਹੁੰਦੀ ਹੈ ਤਾਂ ਉਨ੍ਹਾਂ ਦੀ ਸਰਕਾਰ 50,000 ਰੁਪਏ ਪ੍ਰਤੀ ਹੈਕਟੇਅਰ ਮੁਆਵਜ਼ਾ ਦੇਵੇਗੀ ਪਰ ਇਹ ਵਾਅਦਾ ਸਿਰਫ ਉਨ੍ਹਾਂ ਦੇ ਭਾਸ਼ਨ ਤੱਕ ਹੀ ਸੀਮਤ ਹੋ ਕੇ ਰਹਿ ਗਿਆ ਹੈ।
ਨਵਜੋਤ ਸਿੱਧੂ ਪੰਜਾਬ ’ਚ ਬਿਜਲੀ ਦੇ 300 ਯੂਨਿਟ ਮੁਆਫੀ ਉੱਪਰ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਘੇਰ ਰਹੇ ਹਨ। ਨਵਜੋਤ ਸਿੱਧੂ ਦਾ ਕਹਿਣਾ ਹੈ ਕਿ ਕਿ ‘ਆਪ’ ਸਰਕਾਰ ਪੰਜਾਬ ਵਾਸੀਆਂ ਨੂੰ ਪਹਿਲਾਂ ਬਿਜਲੀ ਦੇਵੇ ਕਿਉਂਕਿ ਪੰਜਾਬ ਦੇ ਪਿੰਡਾਂ ਵਿੱਚ ਸਿਰਫ ਦੋ ਘੰਟੇ ਬਿਜਲੀ ਮਿਲ ਰਹੀ ਹੈ, ਜਿਸ ਕਾਰਨ ਕਿਸਾਨ ਮੁਸ਼ਕਲ ਵਿੱਚ ਹਨ। ਉਨ੍ਹਾਂ ਦਾ ਕਹਿਣਾ ਹੈ ਕਿ ਅੱਜ-ਕੱਲ੍ਹ ਪੰਜਾਬ ਵਿੱਚ 8000 ਮੈਗਾਵਾਟ ਬਿਜਲੀ ਦੀ ਖਪਤ ਹੈ, ਜੋ ਝੋਨੇ ਦੇ ਸੀਜ਼ਨ ਵਿੱਚ 15000 ਮੈਗਾਵਾਟ ਤੱਕ ਪਹੁੰਚ ਜਾਵੇਗੀ। ਸਰਕਾਰ ਵੱਲੋਂ 300 ਯੂਨਿਟ ਮੁਆਫ ਕਰਨ ’ਤੇ ਉਨ੍ਹਾਂ ਕਿਹਾ ਕਿ ਜਨਰਲ ਕੈਟਾਗਰੀ ਜੇਕਰ ਦੋ ਮਹੀਨੇ ਦੇ 600 ਯੂਨਿਟ ਤੋਂ ਇੱਕ ਯੂਨਿਟ ਵੀ ਵੱਧ ਵਰਤੇਗੀ ਤਾਂ ਉਨ੍ਹਾਂ ਨੂੰ ਸਾਰਾ ਬਿੱਲ ਦੇਣਾ ਪਵੇਗਾ।