Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਤੇ ਸੀਨੀਅਰ ਨੇਤਾ ਨਵਜੋਤ ਸਿੰਘ ਸਿੱਧੂ ਨੇ ਇੱਕ ਵਾਰ ਫਿਰ ਮੁੱਖ ਮੰਤਰੀ ਭਗਵੰਤ ਮਾਨ 'ਤੇ ਹਮਲਾ ਬੋਲਿਆ ਹੈ। ਸਿੱਧੂ ਨੇ ਦੋਸ਼ ਲਾਇਆ ਕਿ ਸੂਬੇ ਵਿੱਚ ਇੱਕ ਮਾਫੀਆ ਪਲ ਰਿਹਾ ਹੈ ਜਿਸ ਵਿੱਚ ਮੁੱਖ ਮੰਤਰੀ ਦੀ ਸਹਿਮਤੀ ਹੈ। ਦੱਸ ਦੇਈਏ ਕਿ ਸਿੱਧੂ ਅੱਜ ਪੰਜਾਬ ਦੇ ਸ਼ਹਿਰੀ ਹਵਾਬਾਜ਼ੀ ਦਫਤਰ ਪਹੁੰਚੇ ਸਨ ਜਿੱਥੇ ਉਨ੍ਹਾਂ ਨੇ ਸੂਚਨਾ ਦੇ ਅਧਿਕਾਰ ਤਹਿਤ ਅਰਜ਼ੀ ਦਾਇਰ ਕੀਤੀ ਹੈ। ਇਸ 'ਚ ਜਾਣਕਾਰੀ ਮੰਗੀ ਗਈ ਹੈ ਕਿ ਪੰਜਾਬ ਸਰਕਾਰ ਨੇ ਪਿਛਲੇ ਡੇਢ ਸਾਲ 'ਚ ਪ੍ਰਾਈਵੇਟ ਜੈੱਟ ਕਿਰਾਏ 'ਤੇ ਲੈਣ 'ਤੇ ਕਿੰਨਾ ਖਰਚ ਕੀਤਾ ਹੈ।



ਸਿੱਧੂ ਨੇ ਆਰਟੀਆਈ ਰਾਹੀਂ ਜਵਾਬ ਮੰਗਿਆ



ਨਵਜੋਤ ਸਿੱਧੂ ਨੇ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੂਜੇ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਪ੍ਰਾਈਵੇਟ ਜੈੱਟ ਕਿਰਾਏ ’ਤੇ ਲੈਂਦੀ ਹੈ ਤੇ ਦੂਜੇ ਰਾਜਾਂ ਵਿੱਚ ਆਮ ਆਦਮੀ ਪਾਰਟੀ ਦੇ ਪ੍ਰਚਾਰ ਲਈ ਹੈਲੀਕਾਪਟਰ ਵੀ ਵਰਤੇ ਗਏ ਹਨ। ਸਿੱਧੂ ਨੇ ਕਿਹਾ ਕਿ ਇਹ ਪੰਜਾਬ ਦੇ ਲੋਕਾਂ ਦੇ ਪੈਸੇ ਦੀ ਦੁਰਵਰਤੋਂ ਹੈ ਤੇ ਉਨ੍ਹਾਂ ਆਰਟੀਆਈ ਰਾਹੀਂ ਜਾਣਕਾਰੀ ਮੰਗੀ ਹੈ ਕਿ ਇਸ 'ਤੇ ਕਿੰਨਾ ਖਰਚ ਹੋਇਆ ਹੈ।


ਸਰਕਾਰ ਮਾਲੀਆ ਪੈਦਾ ਕਰਨ 'ਚ ਨਾਕਾਮ: ਸਿੱਧੂ



ਨਵਜੋਤ ਸਿੱਧੂ ਨੇ ਪੰਜਾਬ ਦੇ ਲੋਕਾਂ ਨੂੰ ਪੱਤਰ ਵੀ ਲਿਖਿਆ ਹੈ। ਉਨ੍ਹਾਂ ਨੇ ਦੋਸ਼ ਲਾਇਆ ਹੈ ਕਿ ਪੰਜਾਬ ਵਿੱਚ ਮਾਫੀਆ ਵੱਧ-ਫੁੱਲ ਰਿਹਾ ਹੈ ਤੇ ਪੰਜਾਬ ਸਰਕਾਰ ਮਾਲੀਆ ਪੈਦਾ ਕਰਨ ਵਿੱਚ ਪੂਰੀ ਤਰ੍ਹਾਂ ਨਾਕਾਮ ਰਹੀ ਹੈ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਵੱਡੇ-ਵੱਡੇ ਵਾਅਦੇ ਕਰਕੇ ਸੱਤਾ ਵਿੱਚ ਆਈ ਸੀ ਪਰ ਹੁਣ ਪੂਰੀ ਤਰ੍ਹਾਂ ਫੇਲ੍ਹ ਹੋ ਚੁੱਕੀ ਹੈ। ਉਨ੍ਹਾਂ ਕਿਹਾ ਕਿ 'ਆਪ' ਸਰਕਾਰ ਦੇ ਰਾਜ ਦੌਰਾਨ ਸੂਬੇ ਸਿਰ 50 ਹਜ਼ਾਰ ਕਰੋੜ ਰੁਪਏ ਦਾ ਹੋਰ ਕਰਜ਼ਾ ਚੜ੍ਹ ਗਿਆ ਹੈ। ਹੁਣ ਸਰਕਾਰ ਦੱਸੇ ਕਿ ਇਹ ਪੈਸਾ ਕਿੱਥੇ ਖਰਚ ਕੀਤਾ ਗਿਆ ਹੈ।


ਸੂਬੇ 'ਚ ਹੋ ਰਹੀ ਸ਼ਰਾਬ ਦੀ ਤਸਕਰੀ



ਸਿੱਧੂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਮੁਫਤ ਬਿਜਲੀ ਦਿੱਤੀ ਜਾ ਰਹੀ ਹੈ ਪਰ ਇਹ ਬਿਜਲੀ ਪੰਜਾਬ ਰਾਜ ਪਾਵਰ ਕਾਰਪੋਰੇਸ਼ਨ ਲਿਮਟਿਡ ਨੂੰ ਗਿਰਵੀ ਰੱਖ ਕੇ ਦਿੱਤੀ ਜਾ ਰਹੀ ਹੈ। ਸਿੱਧੂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਕਿਹਾ ਸੀ ਕਿ ਪੰਜਾਬ ਵਿੱਚ ਸ਼ਰਾਬ ਦੇ ਕਾਰੋਬਾਰ ਲਈ ਨਿਗਮ ਬਣਾਇਆ ਜਾਵੇਗਾ, ਪਰ ਇਹ ਵਾਅਦਾ ਭੁੱਲ ਗਈ ਹੈ ਤੇ ਹੁਣ ਸੂਬੇ ਵਿੱਚ ਸ਼ਰਾਬ ਦੀ ਤਸਕਰੀ ਹੋ ਰਹੀ ਹੈ।