Punjab Election 2022: ਵਿਰੋਧੀ ਪਾਰਟੀਆਂ ਨੇ ਸੋਮਵਾਰ ਨੂੰ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਵੱਲੋਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਕੀਤੇ ਗਏ ਲੁਭਾਉਣੇ ਵਾਅਦਿਆਂ ਨੂੰ ਲੈ ਕੇ ਆਲੋਚਨਾ ਕੀਤੀ ਹੈ। ਵਿਰੋਧੀਆਂ ਨੇ ਕਿਹਾ ਕਿ ਹੁਣ ਤੱਕ ਸਿੱਧੂ ਖੁਦ ਅਜਿਹੇ ਵਾਅਦਿਆਂ ਦਾ ਵਿਰੋਧ ਕਰਦੇ ਆ ਰਹੇ ਹਨ। ਪੰਜਾਬ ਵਿੱਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿੱਧੂ ਨੇ ਸੋਮਵਾਰ ਨੂੰ ਵਾਅਦਾ ਕੀਤਾ ਕਿ ਜੇਕਰ ਉਨ੍ਹਾਂ ਦੀ ਪਾਰਟੀ ਮੁੜ ਸੱਤਾ ਵਿੱਚ ਆਉਂਦੀ ਹੈ ਤਾਂ ਘਰੇਲੂ ਔਰਤਾਂ ਨੂੰ 2,000 ਰੁਪਏ ਪ੍ਰਤੀ ਮਹੀਨਾ ਦਿੱਤੇ ਜਾਣਗੇ। ਉਨ੍ਹਾਂ ਨੇ ਘਰੇਲੂ ਔਰਤਾਂ ਨੂੰ ਹਰ ਸਾਲ ਅੱਠ ਮੁਫ਼ਤ ਐਲਪੀਜੀ ਸਿਲੰਡਰ ਦੇਣ ਦਾ ਵਾਅਦਾ ਵੀ ਕੀਤਾ।
ਭਾਜਪਾ ਤੇ 'ਆਪ' ਨੇ ਸਿੱਧੂ 'ਤੇ ਸਾਧਿਆ ਨਿਸ਼ਾਨਾ
ਨਵਜੋਤ ਸਿੱਧੂ ਨੇ ਅੱਗੇ ਦੀ ਪੜ੍ਹਾਈ ਲਈ ਕਾਲਜਾਂ ਵਿੱਚ ਦਾਖਲਾ ਲੈਣ ਵਾਲੀਆਂ ਲੜਕੀਆਂ ਨੂੰ ਦੋਪਹੀਆ ਵਾਹਨ ਤੇ 12ਵੀਂ ਜਮਾਤ ਪਾਸ ਕਰਨ ਵਾਲੀਆਂ ਲੜਕੀਆਂ ਨੂੰ 20,000 ਰੁਪਏ ਦੇਣ ਦਾ ਵਾਅਦਾ ਵੀ ਕੀਤਾ। ਸਿੱਧੂ ਵੱਲੋਂ ਕੀਤੇ ਵਾਅਦਿਆਂ ਦਾ ਜਵਾਬ ਦਿੰਦੇ ਹੋਏ ਭਾਰਤੀ ਜਨਤਾ ਪਾਰਟੀ ਦੀ ਪੰਜਾਬ ਇਕਾਈ ਦੇ ਜਨਰਲ ਸਕੱਤਰ ਸੁਭਾਸ਼ ਸ਼ਰਮਾ ਨੇ ਕਿਹਾ ਕਿ ਨਵਜੋਤ ਸਿੱਧੂ ਔਰਤਾਂ ਤੇ ਲੜਕੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਮੁਫਤ ਸਹੂਲਤਾਂ ਲਈ ਨਵੀਂ ਸਰਕਾਰ ਦੇ ਗਠਨ ਦਾ ਇੰਤਜ਼ਾਰ ਕਿਉਂ ਕਰਨਾ ਚਾਹੁੰਦੇ ਹਨ। ਉਨ੍ਹਾਂ ਦੀ ਪਾਰਟੀ ਦੀ ਸਰਕਾਰ ਉਨ੍ਹਾਂ ਨੂੰ ਹੁਣ ਤੋਂ ਲਾਗੂ ਕਿਉਂ ਨਹੀਂ ਕਰਦੀ।
ਸੁਭਾਸ਼ ਸ਼ਰਮਾ ਨੇ ਦੋਸ਼ ਲਾਇਆ ਕਿ ਇਹ ਸਾਫ਼ ਤੌਰ ’ਤੇ ਲੋਕਾਂ ਨੂੰ ਮੂਰਖ ਬਣਾਉਣ ਦਾ ਤਰੀਕਾ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਰਾਘਵ ਚੱਢਾ ਨੇ ਸਿੱਧੂ 'ਤੇ ਦੋਸ਼ ਲਗਾਇਆ ਕਿ ਨਵਜੋਤ ਸਿੱਧੂ 'ਆਪ' ਨੇਤਾ ਅਰਵਿੰਦ ਕੇਜਰੀਵਾਲ ਦੇ ਐਲਾਨਾਂ ਦੀ ਨਕਲ ਕਰ ਰਹੇ ਹਨ।
ਇਹ ਕੀਤੇ ਹਨ ਵਾਅਦੇ
ਦੱਸ ਦੇਈਏ ਕਿ ਕਾਂਗਰਸ ਦੀ ਪੰਜਾਬ ਇਕਾਈ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਵੱਡੇ-ਵੱਡੇ ਵਾਅਦੇ ਕੀਤੇ ਹਨ। ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਜੇਕਰ ਦੁਬਾਰਾ ਕਾਂਗਰਸ ਦੀ ਸਰਕਾਰ ਬਣੀ ਤਾਂ ਪੰਜਾਬ ਦੇ ਘਰ ਦਾ ਗੁਜ਼ਾਰਾ ਚਲਾਉਣ ਵਾਲੀਆਂ ਮਹਿਲਾਵਾਂ ਨੂੰ 2 ਹਜ਼ਾਰ ਰੁਪਏ ਮਹੀਨਾ ਅਤੇ ਸਾਲ ਵਿੱਚ 8 ਸਿਲੰਡਰ ਦਿੱਤੇ ਜਾਣਗੇ। ਇਸ ਤੋਂ ਪਹਿਲਾਂ ਆਮ ਆਦਮੀ ਪਾਰਟੀ ਨੇ ਪੰਜਾਬ ਦੀ ਹਰ ਔਰਤ ਨੂੰ ਇੱਕ ਹਜ਼ਾਰ ਰੁਪਏ ਪ੍ਰਤੀ ਮਹੀਨਾ ਦੇਣ ਦਾ ਵਾਅਦਾ ਕੀਤਾ ਸੀ।
ਇਹ ਵੀ ਪੜ੍ਹੋ : ਠੰਢ 'ਚ ਮੂੰਗਫਲੀ ਲੱਗਦੀ ਸਭਨਾ ਨੂੰ ਸੁਆਦ, ਪਰ ਬਹੁਤੇ ਨਹੀਂ ਜਾਣਦੇ ਇਸ ਦੇ ਇਹ ਰਾਜ਼
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ :
https://play.google.com/store/apps/details?id=com.winit.starnews.hin
https://apps.apple.com/in/app/abp-live-news/id81111490