ਚੰਡੀਗੜ੍ਹ: ਨਵਜੋਤ ਸਿੰਘ ਸਿੱਧੂ ਨੇ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਮਗਰੋਂ ਹੁਣ ਭਾਜਪਾ ਦੀ ਮੁੱਢਲੀ ਮੈਂਬਰਸ਼ਿਪ ਤੋਂ ਵੀ ਅਸਤੀਫਾ ਦੇ ਦਿੱਤਾ ਹੈ। ਇਸ ਦੀ ਜਾਣਕਾਰੀ ਉਨ੍ਹਾਂ ਦੀ ਪਤਨੀ ਨਵਜੋਤ ਕੌਰ ਸਿੱਧੂ ਨੇ ਹੀ ਦਿੱਤੀ ਹੈ। ਨਵਜੋਤ ਕੌਰ ਨੇ ਦੱਸਿਆ ਕਿ ਸਿੱਧੂ ਨੇ ਆਪਣਾ ਅਸਤੀਫਾ ਭਾਜਪਾ ਦੇ ਕੌਮੀ ਪ੍ਰਧਾਨ ਅਮਿਤ ਸ਼ਾਹ ਨੂੰ ਭੇਜਿਆ ਹੈ। ਹਾਲਾਂਕਿ ਪੰਜਾਬ ਭਾਜਪਾ ਦੇ ਪ੍ਰਧਾਨ ਵਿਜੈ ਸਾਂਪਲਾ ਨੇ ਇਸ ਸਬੰਧੀ ਕੋਈ ਜਾਣਕਾਰੀ ਹੋਣ ਤੋਂ ਇਨਕਾਰ ਕੀਤਾ ਹੈ।









ਦੱਸਣਯੋਗ ਹੈ ਕਿ ਰਾਜ ਸਭਾ ਸੀਟ ਤੋਂ ਅਸਤੀਫਾ ਦੇਣ ਮਗਰੋਂ ਖਬਰਾਂ ਸਨ ਕਿ ਸਿੱਧੂ ਜੋੜਾ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਸਕਦਾ ਹੈ। ਇਸ ਮਗਰੋਂ ਨਵਜੋਤ ਸਿੱਧੂ ਦੀਆਂ ਕਈ ਵਾਰ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨਾਲ ਬੈਠਕਾਂ ਵੀ ਹੋਈਆਂ। ਇਨ੍ਹਾਂ ਬੈਠਕਾਂ ਦਾ ਕੋਈ ਸਿੱਟਾ ਨਾ ਨਿਕਲਿਆ। ਜਦੋਂ ਇਨ੍ਹਾਂ ਖ਼ਬਰਾਂ ਨੂੰ ਠੱਲ੍ਹ ਪਈ ਤਾਂ ਨਵਜੋਤ ਸਿੰਘ ਸਿੱਧੂ ਨੇ ਬੈਂਸ ਭਰਾਵਾਂ ਨਾਲ ਮਿਲ ਕੇ ਆਵਾਜ਼-ਏ-ਪੰਜਾਬ ਫਰੰਟ ਬਣਾਇਆ।











ਇਸ ਫਰੰਟ ਵਿੱਚ ਪ੍ਰਮੁੱਖ ਤੌਰ 'ਤੇ ਨਵਜੋਤ ਸਿੰਘ ਸਿੱਧੂ, ਸਿਮਰਜੀਤ ਸਿੰਘ ਬੈਂਸ, ਬਲਵਿੰਦਰ ਸਿੰਘ ਬੈਂਸ ਤੇ ਸਾਬਕਾ ਅਕਾਲੀ ਲੀਡਰ ਪਰਗਟ ਸਿੰਘ ਇੱਕਜੁੱਟ ਹੋ ਕੇ ਸਭ ਦੇ ਸਾਹਮਣੇ ਆਏ। ਹਾਲਾਂਕਿ ਨਵਜੋਤ ਕੌਰ ਸਿੱਧੂ ਨੇ ਇਸ ਫਰੰਟ ਤੋਂ ਦੂਰੀ ਬਣਾਈ ਹੋਈ ਹੈ ਤੇ ਉਹ ਹਾਲੇ ਵੀ ਬੀਜੇਪੀ ਵਿੱਚ ਹੀ ਹਨ।