ਲੁਧਿਆਣਾ : ਅੱਜ ਲੁਧਿਆਣਾ ਦੀ ਸਥਾਨਕ ਅਦਾਲਤ ਵਿੱਚ ਸਾਬਕਾ ਕੈਬਨਿਟ ਮੰਤਰੀ ਨਵਜੋਤ ਸਿੰਘ ਸਿੱਧੂ ਦੀ ਪਟੀਸ਼ਨ 'ਤੇ ਸੁਣਵਾਈ ਹੋਈ ਹੈ। ਜਿਸ ਦੀ ਸੁਣਵਾਈ 17 ਸਤੰਬਰ ਤੱਕ ਮੁਲਤਵੀ ਕਰ ਦਿੱਤੀ ਗਈ ਹੈ। ਇਸ ਦੇ ਨਾਲ ਹੀ ਨਵਜੋਤ ਸਿੱਧੂ ਨੂੰ ਵੀਡੀਓ ਕਾਨਫਰੰਸਿੰਗ ਰਾਹੀਂ 17 ਤਰੀਕ ਨੂੰ ਪੇਸ਼ ਹੋਣ ਦੇ ਹੁਕਮ ਦਿੱਤੇ ਗਏ ਹਨ। 

 

ਦੱਸਣਯੋਗ ਹੈ ਕਿ ਨਵਜੋਤ ਸਿੱਧੂ ਦੇ ਵਕੀਲ ਵਲੋਂ ਪਾਈ ਪਟੀਸ਼ਨ ‘ਚ ਕਿਹਾ ਕਿ ਨਵਜੋਤ ਸਿੱਧੂ ਦੀ ਪੇਸ਼ੀ ਵੀਡੀਓ ਕਾਨਫਰੰਸਿੰਗ ਰਾਹੀਂ ਕੀਤੀ ਜਾਵੇ। ਦਰਅਸਲ ਸਾਬਕਾ ਡੀਐਸਪੀ ਬਲਵਿੰਦਰ ਸਿੰਘ ਸੇਖੋਂ ਵੱਲੋਂ ਸਾਬਕਾ ਖੁਰਾਕ ਸਿਵਲ ਸਪਲਾਈ ਮੰਤਰੀ ਭਾਰਤ ਭੂਸ਼ਣ ਆਸ਼ੂ ਖ਼ਿਲਾਫ਼ ਸ਼ਿਕਾਇਤ ਮਾਮਲੇ ਵਿੱਚ ਨਵਜੋਤ ਸਿੰਘ ਸਿੱਧੂ ਨੂੰ ਗਵਾਹ ਬਣਾਇਆ ਗਿਆ ਹੈ।

 

ਦੱਸ ਦੇਈਏ ਕਿ ਨਵਜੋਤ ਸਿੱਧੂ ਇਸ ਸਮੇਂ  ਰੋਡ ਰੇਜ ਮਾਮਲੇ ਵਿੱਚ ਪਟਿਆਲਾ ਜੇਲ੍ਹ 'ਚ ਸਜ਼ਾ ਕੱਟ ਰਿਹਾ ਹੈ। ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੂੰ 34 ਸਾਲ ਪੁਰਾਣੇ ਰੋਡ ਰੇਜ ਕੇਸ ਵਿੱਚ ਸੁਪਰੀਮ ਕੋਰਟ ਨੇ ਇੱਕ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਹੈ। ਸਿੱਧੂ ਦੇ ਹਮਲੇ ਵਿੱਚ ਇੱਕ ਬਜ਼ੁਰਗ ਦੀ ਮੌਤ ਹੋ ਗਈ ਸੀ। ਇਸ ਤੋਂ ਪਹਿਲਾਂ ਸੁਪਰੀਮ ਕੋਰਟ ਨੇ ਉਸ ਨੂੰ 1000 ਰੁਪਏ ਜੁਰਮਾਨਾ ਭਰ ਕੇ ਰਿਹਾਅ ਕਰ ਦਿੱਤਾ ਸੀ। 

 

ਸਿੱਧੂ ਖਿਲਾਫ ਰੋਡ ਰੇਜ ਦਾ ਮਾਮਲਾ ਸਾਲ 1988 ਦਾ ਹੈ। ਪਟਿਆਲਾ 'ਚ ਪਾਰਕਿੰਗ ਨੂੰ ਲੈ ਕੇ ਸਿੱਧੂ ਦੀ ਗੁਰਨਾਮ ਸਿੰਘ ਨਾਂ ਦੇ 65 ਸਾਲਾ ਵਿਅਕਤੀ ਨਾਲ ਲੜਾਈ ਹੋ ਗਈ ਸੀ। ਇਲਜ਼ਾਮ ਹੈ ਕਿ ਦੋਵਾਂ ਵਿਚਾਲੇ ਝਗੜਾ ਹੋਇਆ ਸੀ। ਜਿਸ 'ਚ ਸਿੱਧੂ ਨੇ ਗੁਰਨਾਮ ਸਿੰਘ 'ਤੇ ਕਥਿਤ ਤੌਰ 'ਤੇ ਮੁੱਕਾ ਮਾਰਿਆ ਅਤੇ ਬਾਅਦ ਵਿੱਚ ਗੁਰਨਾਮ ਸਿੰਘ ਦੀ ਮੌਤ ਹੋ ਗਈ ਸੀ। ਪੁਲਿਸ ਨੇ ਨਵਜੋਤ ਸਿੱਧੂ ਅਤੇ ਉਸਦੇ ਦੋਸਤ ਰੁਪਿੰਦਰ ਸਿੰਘ ਸਿੱਧੂ ਦੇ ਖਿਲਾਫ ਇਰਾਦਾ ਕਤਲ ਦਾ ਮਾਮਲਾ ਦਰਜ ਕਰ ਲਿਆ ਸੀ।


 

ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।