ਸ਼ੰਕਰ ਦਾਸ ਦੀ ਰਿਪੋਰਟ


ਚੰਡੀਗੜ੍ਹ: ਪੰਜਾਬ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣਦਿਆਂ ਹੀ ਵਿਰੋਧੀ ਪਾਰਟੀਆਂ ਨੇ ਉਨ੍ਹਾਂ ਨੂੰ ਘੇਰਨਾ ਸ਼ੁਰੂ ਕਰ ਦਿੱਤਾ ਹੈ। ਇਸ ਦੌਰਾਨ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੱਧੂ ਨੇ ਬਰਗਾੜੀ ਬੇਅਦਬੀ ਕਾਂਡ 'ਤੇ ਹੁਣ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਘੇਰਿਆ ਹੈ। ਨਵਜੋਤ ਸਿੱਧੂ ਨੇ ਅਰਵਿੰਦ ਕੇਜਰੀਵਾਲ ਦੀ ਬਰਗਾੜੀ ਮੁੱਦੇ 'ਤੇ ਬੋਲਣ ਦੀ ਇੱਕ ਪੁਰਾਣੀ ਵੀਡੀਓ ਪੋਸਟ ਕੀਤੀ ਹੈ ਤੇ ਉਨ੍ਹਾਂ ਨੂੰ ਇਸ 'ਤੇ ਕਾਰਵਾਈ ਕਰਨ ਲਈ ਕਿਹਾ ਹੈ।


ਇਸ ਵੀਡੀਓ 'ਚ ਕੇਜਰੀਵਾਲ ਕਹਿੰਦਾ ਹੈ ਪੰਜਾਬ ਦੇ ਲੋਕ ਬਰਗਾੜੀ ਬੇਅਦਬੀ ਕਾਂਡ 'ਤੇ ਗੁੱਸੇ 'ਚ ਹਨ; ਉਹ ਚਾਹੁੰਦੇ ਹਨ ਕਿ ਇਸ ਕੇਸ ਦੇ ਮਾਸਟਰਮਾਈਂਡ ਨੂੰ ਸਜ਼ਾ ਦਿੱਤੀ ਜਾਵੇ। ਉਨ੍ਹਾਂ ਕਿਹਾ ਕਿ ਲੋਕ ਜਾਣਦੇ ਹਨ ਕਿ ਦੋਸ਼ੀ ਕੌਣ ਹਨ, ਕੁੰਵਰ ਵਿਜੇ ਪ੍ਰਤਾਪ ਸਿੰਘ ਦੀ ਰਿਪੋਰਟ ਦੇਖ ਸਕਦੇ ਹੋ। ਉਨ੍ਹਾਂ ਕਿਹਾ ਕਿ ਦੋਸ਼ੀ ਨੂੰ 24 ਘੰਟਿਆਂ 'ਚ ਗ੍ਰਿਫਤਾਰ ਕੀਤਾ ਜਾ ਸਕਦਾ ਹੈ।

ਦੱਸਣਯੋਗ ਹੈ ਕਿ ਉਸ ਸਮੇਂ ਕੇਜਰੀਵਾਲ ਨੇ ਕਿਹਾ ਸੀ ਕਿ ਦੂਜਾ ਮੁੱਦਾ ਬਰਗਾੜੀ ਕਾਂਡ ਦੇ ਸਾਜਿਸ਼ਕਾਰਾਂ ਨੂੰ ਸਜ਼ਾ ਦੇਣ ਦਾ ਹੈ, ਜਿਨਾਂ ਦੇ ਨਾਂ ਕੁੰਵਰ ਵਿਜੈ ਪ੍ਰਤਾਪ ਸਿੰਘ ਦੀ ਜਾਂਚ ਰਿਪੋਰਟ ਵਿੱਚ ਸ਼ਾਮਲ ਹਨ। ਜੇ ਚੰਨੀ ਚਾਹੁਣ ਤਾਂ 24 ਘੰਟਿਆਂ 'ਚ ਦੋਸ਼ੀਆਂ ਦੀ ਗ੍ਰਿਫ਼ਤਾਰੀ ਹੋ ਸਕਦੀ ਹੈ। ਕੇਜਰੀਵਾਲ ਨੇ ਕਿਹਾ ਸੀ ਕਿ ਜੇ ਬਰਗਾੜੀ ਕਾਂਡ ਦੇ ਦੋਸ਼ੀਆਂ ਤੇ ਸਾਜਿਸ਼ਕਾਰਾਂ ਨੂੰ ਸਜ਼ਾ ਮਿਲੇਗੀ ਤਾਂ ਹੀ ਪੰਜਾਬ ਦੀ ਆਤਮਾ ਨੂੰ ਸ਼ਾਂਤੀ ਮਿਲੇਗੀ।

 ਕੀ ਬਰਗਾੜੀ ਬੇਅਦਬੀ ਮਾਮਲਾ
ਫ਼ਰੀਦਕੋਟ ਦੇ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਦੇ ਗੁਰਦੁਆਰਾ ਸਾਹਿਬ 'ਚੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਕਰਨ ਤੇ ਵਿਵਾਦਤ ਪੋਸਟਰ ਲਗਾਉਣ ਦੀਆਂ ਘਟਨਾਵਾਂ 'ਚ ਡੇਰਾ ਸੱਚਾ ਸੌਦਾ ਦੇ 6 ਪੈਰੋਕਾਰਾਂ 'ਤੇ ਕੇਸ ਚੱਲ ਰਿਹਾ ਹੈ। ਜਿਨ੍ਹਾਂ ’ਚ ਡੇਰਾ ਸਿਰਸਾ ਦੇ 6 ਡੇਰਾ ਪ੍ਰੇਮੀ ਸੁਖਜਿੰਦਰ ਸਿੰਘ ਸੰਨੀ, ਸ਼ਕਤੀ ਸਿੰਘ, ਰਣਜੀਤ ਸਿੰਘ ਭੋਲਾ, ਮਨਜੀਤ ਸਿੰਘ, ਨਿਸ਼ਾਂਨ ਸਿੰਘ ਅਤੇ ਪ੍ਰਦੀਪ ਸਿੰਘ ਸ਼ਾਮਲ ਹੈ, ਜਿਨ੍ਹਾਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

ਦੱਸ ਦੇਈਏ ਕਿ ਥਾਣਾ ਬਾਜਾਖਾਨਾ ਵਿਖੇ 2015 'ਚ ਪਿੰਡ ਬੁਰਜ ਜਵਾਹਰ ਸਿੰਘ ਵਾਲਾ ਤੋਂ ਸ੍ਰੀ ਗ੍ਰੰਥ ਸਾਹਿਬ ਜੀ ਦੇ ਸਰੂਪ ਚੋਰੀ ਹੋਣ ਦੀ ਸਭ ਤੋਂ ਪਹਿਲੀ ਐਫਆਈਆਰ ਦਰਜ ਹੋਈ ਸੀ ਜਿਸ ਤੋਂ ਕੁਝ ਦਿਨ ਬਾਅਦ ਚੋਰੀ ਹੋਏ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸਰੂਪਾਂ ਦੇ ਪੱਤਰੇ ਬਰਗਾੜੀ ਵਿਖੇ ਪਹਿਲਾਂ ਚਿਤਾਵਨੀ ਵਾਲੇ ਪੋਸਟਰ ਲਗਾਏ ਗਏ ਸਨ ਤੇ ਬਾਅਦ ਵਿੱਚ ਪੱਤਰਿਆਂ ਦੀ ਬੇਅਦਬੀ ਕੀਤੀ ਗਈ ਸੀ। ਉਸ ਸਮੇਂ ਪਹਿਲੇ ਐਫ ਆਈ ਆਰ ਤੋਂ ਇਲਾਵਾ ਦੋ ਹੋਰ ਐਫਆਈਆਰਜ ਦਰਜ ਹੋਈਆਂ ਸਨ ।