ਚੰਡੀਗੜ੍ਹ: ਕਾਂਗਰਸੀ ਲੀਡਰ ਨਵਜੋਤ ਸਿੱਧੂ ਦੇ ਕੈਬਨਿਟ ਮੰਤਰੀ ਵਜੋਂ ਅਸਤੀਫਾ ਮਗਰੋਂ ਸਿਆਸਤ ਗਰਮਾ ਗਈ ਹੈ। ਉਨ੍ਹਾਂ ਦੇ ਅਸਤੀਫੇ ਦੀਆਂ ਖਬਰਾਂ ਮਗਰੋਂ ਮੁੱਖ ਮੰਤਰੀ ਦਫਤਰ ਨੇ ਬਿਆਨ ਜਾਰੀ ਕੀਤਾ ਕਿ ਕੋਈ ਅਸਤੀਫਾ ਨਹੀਂ ਮਿਲਿਆ। ਇਸ ਤੋਂ ਬਾਅਦ ਨਵਜੋਤ ਸਿੱਧੂ ਨੇ ਮੁੜ ਟਵੀਟ ਕਰਕੇ ਕਿਹਾ ਹੈ ਕਿ ਜਲਦ ਹੀ ਮੁੱਖ ਮੰਤਰੀ ਕੋਲ ਅਸਤੀਫਾ ਪਹੁੰਚ ਜਾਏਗਾ।


ਦਰਅਸਲ ਕੈਬਨਿਟ ਤੋਂ ਅਸਤੀਫਾ ਮੁੱਖ ਮੰਤਰੀ ਨੂੰ ਹੀ ਦੇਣਾ ਹੁੰਦਾ ਹੈ ਕਿਉਂਕਿ ਉਹ ਕੈਬਨਿਟ ਦੇ ਮੁਖੀ ਹੁੰਦੇ ਹਨ। ਸਿੱਧੂ ਨੇ ਆਪਣਾ ਅਸਤੀਫਾ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਸੌਂਪਿਆ ਹੈ। ਇਸ ਲਈ ਉਨ੍ਹਾਂ ਵੱਲੋਂ ਮੁੱਖ ਮੰਤਰੀ ਨੂੰ ਹੀ ਅਸਤੀਫਾ ਸੌਂਪਣਾ ਪਏਗਾ।


ਸਿੱਧੂ ਨੇ ਆਪਣਾ ਵਿਭਾਗ ਬਦਲੇ ਜਾਣ ਤੋਂ ਚਾਰ ਦਿਨ ਬਾਅਦ 10 ਜੂਨ ਨੂੰ ਹੀ ਅਸਤੀਫਾ ਦੇ ਦਿੱਤਾ ਸੀ ਪਰ ਇਸ ਦਾ ਖੁਲਾਸਾ ਅੱਜ ਹੋਇਆ ਹੈ। ਕੈਪਟਨ ਨੇ 6 ਜੂਨ ਨੂੰ ਸਿੱਧੂ ਤੋਂ ਸਥਾਨਕ ਸਰਕਾਰਾਂ ਵਿਭਾਗ ਖੋਹ ਕੇ ਬਿਜਲੀ ਮੰਤਰਾਲਾ ਦੇ ਦਿੱਤਾ ਸੀ। ਸਿੱਧੂ ਨੇ ਆਪਣਾ ਅਹੁਦਾ ਨਹੀਂ ਸੰਭਾਲਿਆ ਸੀ। ਇਸ ਲਈ ਉਨ੍ਹਾਂ ਦੀ ਵਿਰੋਧੀਆਂ ਵੱਲੋਂ ਅਲੋਚਨਾ ਵੀ ਹੋ ਰਹੀ ਸੀ। ਅੱਜ ਨਵਜੋਤ ਸਿੱਧੂ ਨੇ ਟਵਿੱਟਰ 'ਤੇ ਆਪਣਾ ਅਸਤੀਫਾ ਪਾ ਕੇ ਖੁਲਾਸਾ ਕੀਤਾ ਹੈ।

ਦਰਅਸਲ ਸਿੱਧੂ ਨੇ ਲੋਕ ਸਭਾ ਚੋਣਾਂ ਵਿੱਚ ਕੈਪਟਨ ਤੇ ਬਾਦਲਾਂ ਦੇ ਮਿਲੇ ਹੋਣ ਦਾ ਇਸ਼ਾਰਾ ਕੀਤਾ ਸੀ। ਇਸ ਮਗਰੋਂ ਕੈਪਟਨ ਨੇ ਸਿੱਧੂ 'ਤੇ ਵਾਰ ਕਰਦਿਆਂ ਕਿਹਾ ਸੀ ਕਿ ਸਥਾਨਕ ਸਰਕਾਰਾਂ ਵਿਭਾਗ ਦੀ ਮਾੜੀ ਕਾਰਗੁਜਾਰੀ ਕਰਕੇ ਸ਼ਹਿਰਾਂ ਵਿੱਚ ਹੀ ਕਾਂਗਰਸ ਹਾਰੀ ਹੈ। ਉਨ੍ਹਾਂ ਨੇ ਸਿੱਧੂ ਤੋਂ ਵਿਭਾਗ ਵਾਪਸ ਲੈ ਲਿਆ ਸੀ। ਇਸ ਖਿਲਾਫ ਸਿੱਧੂ ਹਾਈਕਮਾਨ ਕੋਰ ਪਹੁੰਚ ਗਏ ਸੀ।

ਉਧਰ, ਲੋਕ ਸਭਾ ਚੋਣਾਂ ਵਿੱਚ ਹਾਰ ਕਰਕੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਵੀ ਅਸਤੀਫਾ ਦੇ ਚੁੱਕੇ ਹਨ। ਇਸ ਲਈ ਸਿੱਧੂ ਦਾ ਮਾਮਲਾ ਲਟਕਿਆ ਹੋਇਆ ਹੈ। ਅਹੁਦਾ ਨਾ ਸੰਭਾਲਣ ਕਰਕੇ ਸਿੱਧੂ ਦੀ ਅਲੋਚਨਾ ਵੀ ਹੋ ਰਹੀ ਹੈ। ਇਸ ਲਈ ਹੀ ਅੱਜ ਉਨ੍ਹਾਂ ਨੇ ਸਪਸ਼ਟ ਕਰ ਦਿੱਤਾ ਹੈ ਕਿ ਉਨ੍ਹਾਂ ਨੇ ਕੈਬਨਿਟ ਮੰਤਰੀ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।