ਚੰਡੀਗੜ੍ਹ: ਪੰਜਾਬ ਕਾਂਗਰਸ ਦਾ ਕਲੇਸ਼ ਅਜੇ ਮੁੱਕਿਆ ਨਹੀਂ। ਹੁਣ ਪਾਰਟੀ ਲੀਡਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਪੰਜਾਬ ਪ੍ਰਧਾਨ ਨਵਜੋਤ ਸਿੱਧੂ ਦੀ ਅਗਵਾਈ ਹੇਠ ਦੋ ਧੜਿਆਂ ਵਿੱਚ ਵੰਡੇ ਗਏ ਹਨ। ਕੈਪਟਨ ਧੜਾ ਕਹਿ ਰਿਹਾ ਹੈ ਕਿ ਸਿੱਧੂ ਪਹਿਲਾਂ ਜਨਤਕ ਮਾਫੀ ਮੰਗੇ ਫਿਰ ਉਨ੍ਹਾਂ ਨਾਲ ਚੱਲਾਂਗੇ। ਉਧਰ ਸਿੱਧੂ ਧੜੇ ਦੇ ਲੀਡਰ ਕਹਿ ਰਹੇ ਹਨ ਕਿ ਮਾਫੀ ਕਾਹਦੀ ਜਦੋਂ ਸਿੱਧੂ ਨੇ ਕੋਈ ਗਲਤ ਕੰਮ ਹੀ ਨਹੀਂ ਕੀਤਾ।
ਅੱਜ ਅੰਮ੍ਰਿਤਸਰ ਪਹੁੰਚੇ ਲੀਡਰਾਂ ਨੇ ਸਪਸ਼ਟ ਕਹਿ ਦਿੱਤਾ ਹੈ ਕਿ ਸਿੱਧੂ ਨੂੰ ਕੋਈ ਮਾਫੀ ਮੰਗਣ ਦੀ ਲੋੜ ਨਹੀਂ। ਵਿਧਾਇਕ ਮਦਨ ਲਾਲ ਜਲਾਲਪੁਰ, ਸੰਗਤ ਸਿੰਘ ਗਿਲਜ਼ੀਆਂ, ਪਰਗਟ ਸਿੰਘ ਤੇ ਜੋਗਿੰਦਰਪਾਲ ਨੇ ਕਿਹਾ ਕਿ ਸਿੱਧੂ ਨੂੰ ਮਾਫੀ ਮੰਗਣ ਦੀ ਕੋਈ ਲੋੜ ਨਹੀਂ। ਉਨ੍ਹਾਂ ਕਿਹਾ ਕਿ ਕੈਪਟਨ ਨੂੰ ਹੁਣ ਇਹ ਗੱਲਾਂ ਭੁੱਲ ਜਾਣੀਆਂ ਚਾਹੀਦੀਆਂ ਹਨ। ਕੁਝ ਵਿਧਾਇਕਾਂ ਨੇ ਤਾਂ ਇੱਥੋਂ ਤੱਕ ਕਹਿ ਦਿੱਤਾ ਕਿ ਕੈਪਟਨ ਨੂੰ ਪੰਜਾਬ ਤੋਂ ਮਾਫੀ ਮੰਗਣੀ ਚਾਹੀਦੀ ਹੈ।
ਦੱਸ ਦਈਏ ਕਿ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੁੜ ਆਪਣਾ ਸਟੈਂਡ ਦੁਹਰਾਇਆ ਕਿ ਉਹ ਨਵਜੋਤ ਸਿੱਧੂ ਨੂੰ ਉਦੋਂ ਤੱਕ ਨਹੀਂ ਮਿਲਣਗੇ ਜਦੋਂ ਤੱਕ ਉਹ ਸੋਸ਼ਲ ਮੀਡੀਆ ’ਤੇ ਉਨ੍ਹਾਂ ਖਿਲਾਫ਼ ਕੀਤੇ ਅਪਮਾਨਜਨਕ ਹਮਲਿਆਂ ਲਈ ਜਨਤਕ ਤੌਰ ’ਤੇ ਮੁਆਫ਼ੀ ਨਹੀਂ ਮੰਗ ਲੈਂਦੇ।
ਮੁੱਖ ਮੰਤਰੀ ਦੇ ਮੀਡੀਆ ਸਲਾਹਕਾਰ ਰਵੀਨ ਠੁਕਰਾਲ ਨੇ ਮੰਗਲਵਾਰ ਨੂੰ ਟਵੀਟ ਕਰ ਕੇ ਇਹ ਜਾਣਕਾਰੀ ਦਿੰਦਿਆਂ ਕਿਹਾ ਕਿ ਨਵਜੋਤ ਸਿੱਧੂ ਵੱਲੋਂ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਮਿਲਣ ਲਈ ਸਮਾਂ ਮੰਗਣ ਦੀਆਂ ਖ਼ਬਰਾਂ ਪੂਰੀ ਤਰ੍ਹਾਂ ਗਲਤ ਹਨ। ਕੋਈ ਵੀ ਸਮਾਂ ਨਹੀਂ ਲਿਆ ਗਿਆ ਤੇ ਨਾ ਹੀ ਰੁਖ਼ ਵਿੱਚ ਕੋਈ ਤਬਦੀਲੀ ਹੈ।
ਦੱਸ ਦਈਏ ਕਿ ਪੰਜਾਬ ਕਾਂਗਰਸ ਦੀ ਕਮਾਨ ਸੰਭਾਲਣ ਮਗਰੋਂ ਅੱਜ ਨਵਜੋਤ ਸਿੱਧੂ ਆਪਣੀ ਕਰਨ ਭੂਮੀ ਅੰਮ੍ਰਿਤਸਰ ਵਿਖੇ ਸ਼ਕਤੀ ਪ੍ਰਦਰਸ਼ਨ ਕਰਨਗੇ। ਉਨ੍ਹਾਂ ਪ੍ਰਧਾਨ ਵਜੋਂ ਅੱਜ ਅੰਮ੍ਰਿਤਸਰ ਵਿੱਚ ਪਹਿਲੀ ਮੀਟਿੰਗ ਬੁਲਾਈ ਹੈ। ਇਸ ਮੀਟਿੰਗ ਵਿੱਚ ਪਾਰਟੀ ਦੇ ਅੱਧਿਓਂ ਵੱਧ ਵਿਧਾਇਕ ਨਜ਼ਰ ਆਉਣਗੇ। ਇਸ ਦੇ ਨਾਲ ਹੀ ਸਿੱਧੂ ਆਪਣੀ ਪਾਰੀ ਦੀ ਸ਼ੁਰੂਆਤ ਕਰਨਗੇ। ਉਂਝ ਉਨ੍ਹਾਂ ਦੀ ਅਧਿਕਾਰਤ ਤੌਰ 'ਤੇ ਮੀਟਿੰਗ ਵੀਰਵਾਰ ਨੂੰ ਚੰਡੀਗੜ੍ਹ ਵਿੱਚ ਹੋਏਗੀ।
ਅਹਿਮ ਗੱਲ ਹੈ ਕਿ ਚੰਡੀਗੜ੍ਹ ਵਿੱਚ 22 ਜੁਲਾਈ ਨੂੰ ਹੋਣ ਵਾਲੀ ਮੀਟਿੰਗ ਸਬੰਧੀ ਫਰਮਾਨ ਨਵੀਂ ਦਿੱਲੀ ਤੋਂ ਪਾਰਟੀ ਹਾਈਕਮਾਨ ਵੱਲੋਂ ਜਾਰੀ ਕੀਤਾ ਗਿਆ ਹੈ। ਇਸ ਲਈ ਸਾਰੇ ਕਾਂਗਰਸੀ ਆਗੂਆਂ, ਵਿਧਾਇਕਾਂ ਨੂੰ ਪ੍ਰਧਾਨ ਦੀ ਅਗਵਾਈ 'ਚ ਲਾਮਬੰਦ ਹੋਣ ਲਈ ਕਿਹਾ ਗਿਆ ਹੈ। ਇਸ ਤੋਂ ਤੈਅ ਹੈ ਕਿ ਹਾਈਕਮਾਨ ਸਾਰੇ ਵਿਧਾਇਕਾਂ ਤੇ ਸੀਨੀਅਰ ਲੀਡਰਾਂ ਨੂੰ ਸਿੱਧੂ ਨਾਲ ਤੋਰਨ ਲਈ ਆਪ ਅੱਗੇ ਆਈ ਹੈ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ