Punjab News: ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਨੇ ਪਾਰਟੀ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਨਸ਼ਿਆਂ ਦੇ ਮਾਮਲੇ 'ਚ ਸੂਬਾ ਪੁਲਿਸ ਵੱਲੋਂ ਗ੍ਰਿਫਤਾਰ ਕੀਤੇ ਜਾਣ ਤੋਂ ਬਾਅਦ ਭਗਵੰਤ ਮਾਨ ਸਰਕਾਰ 'ਤੇ ਵੱਡਾ ਹਮਲਾ ਬੋਲਿਆ ਹੈ। ਉਨ੍ਹਾਂ ਕਿਹਾ ਕਿ ਸੁਖਪਾਲ ਸਿੰਘ ਖਹਿਰਾ ਨੂੰ ਗ੍ਰਿਫਤਾਰ ਕਰਕੇ ਸੂਬਾ ਸਰਕਾਰ ਅਸਲ ਸਮੱਸਿਆ ਤੋਂ ਲੋਕਾਂ ਦਾ ਧਿਆਨ ਹਟਾਉਣਾ ਚਾਹੁੰਦੀ ਹੈ। ‘ਆਪ’ ਸਰਕਾਰ ਲੋਕਾਂ ਦੀਆਂ ਸਮੱਸਿਆਵਾਂ ਦਾ ਹੱਲ ਲੱਭਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।


ਪੰਜਾਬ ਕਾਂਗਰਸ ਦੇ ਸੀਨੀਅਰ ਆਗੂ ਨਵਜੋਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਲੋਕਾਂ ਕੋਲ ਨੌਕਰੀਆਂ ਨਹੀਂ ਹਨ। ਨੌਜਵਾਨ ਰੁਜ਼ਗਾਰ ਦੀ ਭਾਲ ਵਿੱਚ ਇਧਰ-ਉਧਰ ਭਟਕਣ ਲਈ ਮਜਬੂਰ ਹਨ। ਦੂਜੇ ਪਾਸੇ ਪੰਜਾਬ ਵਿੱਚ ਮਾਫੀਆ ਦੇ ਪੈਸੇ ਦੁੱਗਣੇ ਹੋ ਰਹੇ ਹਨ। ਪੰਜਾਬ ਵਿੱਚ ਭ੍ਰਿਸ਼ਟਾਚਾਰ ਸਿਖਰਾਂ ’ਤੇ ਹੈ। ਪੰਜਾਬ ਦੇ ਲੋਕਾਂ ਨੂੰ ਹੁਣ ਸਮਝਣਾ ਪਵੇਗਾ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਨੂੰ ਸਰਕਾਰ ਵਿੱਚ ਆਉਣ ਦਾ ਮੌਕਾ ਦੇ ਕੇ ਗ਼ਲਤੀ ਕੀਤੀ ਹੈ।


ਸੁਖਪਾਲ ਦੇ ਹੱਕ ਵਿੱਚ ਆਈ ਕਾਂਗਰਸ


ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਨੇ ਵੀ ਸੁਖਪਾਲ ਸਿੰਘ ਖਹਿਰਾ ਦੀ ਗ੍ਰਿਫਤਾਰੀ ਤੋਂ ਬਾਅਦ ਸੂਬੇ ਦੀ ‘ਆਪ’ ਸਰਕਾਰ ‘ਤੇ ਦੋਸ਼ ਲਾਇਆ ਹੈ ਕਿ ਇਸ ਗ੍ਰਿਫਤਾਰੀ ਰਾਹੀਂ ਮੁੱਦਿਆਂ ਤੋਂ ਪਾਸੇ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਕਾਂਗਰਸੀ ਵਿਧਾਇਕ ਸੁਖਪਾਲ ਦੀ ਗ੍ਰਿਫਤਾਰੀ ਵਿਰੋਧੀ ਧਿਰ ਨੂੰ ਡਰਾਉਣ ਦੀ ਕੋਸ਼ਿਸ਼ ਹੈ। ਇਹ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਦਾ ਧਿਆਨ ਮੁੱਖ ਮੁੱਦਿਆਂ ਤੋਂ ਭਟਕਾਉਣ ਦੀ ਚਾਲ ਹੈ। ਕਾਂਗਰਸ ਪਾਰਟੀ ਸੁਖਪਾਲ ਖਹਿਰਾ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ।


ਇਸ ਦੌਰਾਨ ਸੁਖਪਾਲ ਸਿੰਘ ਖਹਿਰਾ ਦੇ ਪੁੱਤਰ ਮਹਿਤਾਬ ਸਿੰਘ ਦਾ ਕਹਿਣਾ ਹੈ, "ਸੁਖਪਾਲ ਸਿੰਘ ਨੇ ਭਗਵੰਤ ਮਾਨ ਅਤੇ ਉਨ੍ਹਾਂ ਦੀ ਪਾਰਟੀ ਦਾ ਸ਼ਰਾਬੀ ਚਿਹਰਾ ਨੰਗਾ ਕਰ ਦਿੱਤਾ ਸੀ। ਉਹ ਹਮੇਸ਼ਾ ਹੀ ਪੰਜਾਬ ਵਿੱਚ ਨਸ਼ੇ ਦੀ ਓਵਰਡੋਜ਼ ਨਾਲ ਮਰਨ ਵਾਲਿਆਂ ਦੇ ਪਰਿਵਾਰਾਂ ਨਾਲ ਖੜ੍ਹੇ ਹਨ।" ਸੱਚ ਤਾਂ ਇਹ ਹੈ ਕਿ ਜਦੋਂ ਵੀ ਕੋਈ ਸਰਕਾਰ ਵਿਰੁੱਧ ਬੋਲਦਾ ਹੈ ਤਾਂ ਅਜਿਹਾ ਹੀ ਹੁੰਦਾ ਹੈ।


ਇਹ ਵੀ ਪੜ੍ਹੋ: Sukhpal Khaira: ਭਗਵੰਤ ਮਾਨ ਮੇਰੇ ਖ਼ੂਨ ਦਾ ਪਿਆਸਾ, ਗ੍ਰਿਫ਼ਤਾਰ ਕਰਵਾਕੇ ਬੁਝਾਈ ਆਪਣੀ ਪਿਆਸ- ਖਹਿਰਾ