ਲੁਧਿਆਣਾ 'ਚ ਕਾਂਗਰਸੀ ਵਰਕਰ ਦੇ ਕਤਲ ਮਗਰੋਂ ਪੀੜਤ ਪਰਿਵਾਰ ਨੂੰ ਮਿਲਣ ਪਹੁੰਚੇ ਨਵਜੋਤ ਸਿੱਧੂ, ਪ੍ਰਸ਼ਾਸਨ ਨੂੰ ਦਿੱਤਾ ਅਲਟੀਮੇਟਮ
ਲੁਧਿਆਣਾ: ਬੀਤੇ ਦਿਨੀਂ ਲੁਧਿਆਣਾ ਦੇ ਡਾਬਾ ਇਲਾਕੇ ਅਧੀਨ ਪੈਂਦੇ ਸਵਤੰਤਰ ਨਗਰ ਵਿੱਚ ਹੋਏ ਕਾਂਗਰਸੀ ਵਰਕਰ ਦੇ ਕਤਲ ਦਾ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ।
ਲੁਧਿਆਣਾ: ਬੀਤੇ ਦਿਨੀਂ ਲੁਧਿਆਣਾ ਦੇ ਡਾਬਾ ਇਲਾਕੇ ਅਧੀਨ ਪੈਂਦੇ ਸਵਤੰਤਰ ਨਗਰ ਵਿੱਚ ਹੋਏ ਕਾਂਗਰਸੀ ਵਰਕਰ ਦੇ ਕਤਲ ਦਾ ਮਾਮਲਾ ਗਰਮਾਉਂਦਾ ਨਜ਼ਰ ਆ ਰਿਹਾ ਹੈ। ਜਿੱਥੇ ਬੀਤੇ ਦਿਨ ਸੰਜੇ ਤਲਵਾਰ ਨੇ ਪਰਿਵਾਰ ਨਾਲ ਰਾਬਤਾ ਕੀਤਾ ਸੀ, ਉੱਥੇ ਹੀ ਅੱਜ ਪੰਜਾਬ ਕਾਂਗਰਸ ਦੇ ਪ੍ਰਧਾਨ ਰਹੇ ਨਵਜੋਤ ਸਿੱਧੂ ਪੀੜਤ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਲਈ ਉਨ੍ਹਾਂ ਦੇ ਘਰ ਪਹੁੰਚੇ।
ਇਸ ਦੌਰਾਨ ਨਵਜੋਤ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਕਾਨੂੰਨ ਵਿਵਸਥਾ ਪੂਰੀ ਤਰ੍ਹਾਂ ਖ਼ਤਮ ਹੋ ਚੁੱਕੀ ਹੈ। ਇਸ ਦੌਰਾਨ ਉਨ੍ਹਾਂ ਪ੍ਰਸ਼ਾਸਨ ਨੂੰ ਬੁੱਧਵਾਰ ਤੱਕ ਦਾ ਅਲਟੀਮੇਟਮ ਦਿੰਦੇ ਕਿਹਾ ਕਿ ਜੇਕਰ ਦੋਸ਼ੀ ਨੂੰ ਸਲਾਖਾਂ ਪਿੱਛੇ ਨਾ ਪਹੁੰਚਾਇਆ ਗਿਆ ਤਾਂ ਉਹ ਲੁਧਿਆਣਾ ਪੁਲਿਸ ਕਮਿਸ਼ਨਰ ਦਫਤਰ ਘੇਰਨਗੇ ਜਿਸ ਦੀ ਅਗਵਾਈ ਉਹ ਆਪ ਕਰਨਗੇ।
ਨਵਜੋਤ ਸਿੱਧੂ ਨੇ ਪਰਿਵਾਰ ਦਾ ਦੁੱਖ ਜਾਣਿਆ ਤੇ ਕਿਹਾ ਕਿ ਇਹ ਬਹੁਤ ਮੰਦਭਾਗੀ ਗੱਲ ਹੈ ਜੋ ਪੰਜਾਬ ਦੇ ਵਿੱਚ ਅਜਿਹਾ ਹੋ ਰਿਹਾ ਹੈ। ਉਨ੍ਹਾਂ ਕਿਹਾ ਕੇ ਕਾਨੂੰਨ ਵਿਵਸਥਾ ਨਾਂ ਦੀ ਕੋਈ ਚੀਜ਼ ਪੰਜਾਬ 'ਚ ਨਹੀਂ ਬਚੀ। ਉਨ੍ਹਾਂ ਸਿੱਧੇ ਤੌਰ ਤੇ ਆਮ ਆਦਮੀ ਪਾਰਟੀ ਦੇ ਸਵਾਲ ਖੜ੍ਹੇ ਕੀਤੇ। ਇਸ ਦੇ ਨਾਲ ਹੀ ਅਕਾਲੀ ਦਲ 'ਤੇ ਵੀ ਸਵਾਲ ਖੜ੍ਹੇ ਕੀਤੇ।
ਨਵਜੋਤ ਸਿੱਧੂ ਨੇ ਕਿਹਾ ਕਿ ਕਾਂਗਰਸੀ ਵਰਕਰਾਂ ਨਾਲ ਧੱਕਾ ਕਿਸੇ ਵੀ ਰੂਪ ਵਿੱਚ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਗੱਲ ਸਿਰਫ ਕਾਂਗਰਸੀ ਵਰਕਰ ਦੀ ਨਹੀਂ ਗੱਲ ਸਾਰੇ ਪੰਜਾਬ ਦੇ ਲੋਕਾਂ ਦੀ ਹੈ। ਗੱਲ ਪੰਜਾਬੀਆਂ ਦੀ ਹੈ ਜਿਨ੍ਹਾਂ ਤੇ ਇਸ ਤਰ੍ਹਾਂ ਹਮਲੇ ਬਰਦਾਸ਼ਤ ਨਹੀਂ ਕੀਤੇ ਜਾਣਗੇ।
ਦੱਸ ਦਈਏ ਕਿ ਬੀਤੇ ਦਿਨ ਆਪਸੀ ਰੰਜਿਸ਼ ਦੇ ਚੱਲਦਿਆਂ ਲੁਧਿਆਣਾ ਦੇ ਸਵਤੰਤਰ ਨਗਰ 'ਚ ਵਾਰਡ ਨੰਬਰ 12 ਦੇ ਕਾਂਗਰਸੀ ਪ੍ਰਧਾਨ ਮੰਗਤ ਰਾਮ ਦਾ ਕਤਲ ਕਰ ਦਿੱਤਾ ਗਿਆ ਸੀ ਤੇ ਅਕਾਲੀ ਆਗੂ 'ਤੇ 302 ਦਾ ਪਰਚਾ ਦਰਜ ਕੀਤਾ ਗਿਆ ਸੀ।






















