Navjot Sidhu Security : ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਅਤੇ ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਨੇ ਆਪਣੀ ਸੁਰੱਖਿਆ 'ਚ ਕਟੌਤੀ ਕਰਨ ਨੂੰ ਲੈ ਕੇ ਪੰਜਾਬ ਸਰਕਾਰ ਖਿਲਾਫ ਹਾਈਕੋਰਟ 'ਚ ਪਟੀਸ਼ਨ ਦਾਇਰ ਕੀਤੀ ਹੈ। ਜਿਸ 'ਤੇ ਹਾਈਕੋਰਟ 'ਚ ਸੁਣਵਾਈ ਦੌਰਾਨ ਪੰਜਾਬ ਸਰਕਾਰ ਨੇ ਕਿਹਾ ਕਿ ਉਨ੍ਹਾਂ ਨੂੰ ਕਿੰਨਾ ਖ਼ਤਰਾ ਹੈ , ਇਸ ਦਾ ਪਤਾ ਲਗਾਇਆ ਜਾ ਸਕਦਾ ਹੈ। ਪਹਿਲਾਂ ਖ਼ਤਰੇ ਦੇ ਆਧਾਰ 'ਤੇ ਹੀ ਉਨ੍ਹਾਂ ਨੂੰ ਜ਼ੈੱਡ ਪਲੱਸ ਸੁਰੱਖਿਆ ਦਿੱਤੀ ਗਈ ਸੀ। ਇਸ ਦੇ ਨਾਲ ਹੀ ਉਸ ਖਤਰੇ ਦੇ ਮੱਦੇਨਜ਼ਰ ਉਨ੍ਹਾਂ ਦੀ ਸੁਰੱਖਿਆ ਵਾਈ ਪਲੱਸ ਕਰ ਦਿੱਤੀ ਗਈ ਹੈ।

 


 

'ਕੇਂਦਰ ਤੋਂ ਜਵਾਬ ਦੀ ਉਡੀਕ'


ਪੰਜਾਬ ਸਰਕਾਰ ਦੀ ਤਰਫੋਂ ਕਿਹਾ ਗਿਆ ਕਿ ਉਨ੍ਹਾਂ ਨੂੰ ਕਿੰਨਾ ਖ਼ਤਰਾ ਹੈ ,ਇਹ ਜਾਣਨ ਲਈ ਉਨ੍ਹਾਂ ਨੇ ਆਪਣਾ ਕੰਮ ਕਰ ਦਿੱਤਾ ਹੈ ਪਰ ਕੇਂਦਰ ਦੀਆਂ ਸੁਰੱਖਿਆ ਏਜੰਸੀਆਂ ਵੱਲੋਂ ਜਵਾਬ ਆਉਣਾ ਬਾਕੀ ਹੈ। ਦੱਸ ਦੇਈਏ ਕਿ ਸੂਬਾ ਸਰਕਾਰ ਨੇ 2 ਹਫਤਿਆਂ ਦਾ ਸਮਾਂ ਮੰਗਿਆ ਸੀ ਪਰ ਅਦਾਲਤ ਨੇ ਇਸ ਮਾਮਲੇ ਦੀ ਸੁਣਵਾਈ ਵੀਰਵਾਰ ਨੂੰ ਫਿਰ ਤੋਂ ਟਾਲ ਦਿੱਤੀ ਹੈ। ਸੂਬਾ ਸਰਕਾਰ ਦੀ ਤਰਫੋਂ ਅਦਾਲਤ ਨੂੰ ਦੱਸਿਆ ਗਿਆ ਕਿ ਸਿੱਧੂ ਕੋਲ ਇਸ ਵੇਲੇ 24 ਸੁਰੱਖਿਆ ਮੁਲਾਜ਼ਮ ਹਨ।

 

ਸਿੱਧੂ ਨੇ ਦੱਸਿਆ ਸੀ ਆਪਣੀ ਜਾਨ ਨੂੰ ਖ਼ਤਰਾ 


ਨਵਜੋਤ ਸਿੰਘ ਸਿੱਧੂ ਨੇ ਆਪਣੀ ਜਾਨ ਨੂੰ ਖਤਰਾ ਦੱਸਦੇ ਹੋਏ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਸੀ। ਉਸ ਦੇ ਪੱਖ ਤੋਂ ਦੱਸਿਆ ਗਿਆ ਕਿ ਉਸ ਨੂੰ ਕਈ ਵਾਰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲ ਚੁੱਕੀਆਂ ਹਨ। ਸੁਰੱਖਿਆ ਘੱਟ ਕਰਨ 'ਤੇ ਸਿੱਧੂ ਪਹਿਲਾਂ ਹੀ ਕਹਿ ਚੁੱਕੇ ਹਨ ਕਿ ਸਰਕਾਰ ਉਨ੍ਹਾਂ ਨੂੰ ਸਿੱਧੂ ਮੂਸੇਵਾਲਾ ਵਾਂਗ ਮਾਰਨਾ ਚਾਹੁੰਦੀ ਹੈ। ਕੁਝ ਦਿਨ ਪਹਿਲਾਂ ਸਿੱਧੂ ਦੇ ਪਟਿਆਲਾ ਸਥਿਤ ਘਰ ਦੀ ਛੱਤ 'ਤੇ ਵੀ ਇੱਕ ਸ਼ੱਕੀ ਵਿਅਕਤੀ ਦੇਖਿਆ ਗਿਆ ਸੀ। ਪੁਲੀਸ ਨੇ ਸਿੱਧੂ ਦੇ ਨੌਕਰ ਦੇ ਬਿਆਨਾਂ ਦੇ ਆਧਾਰ ’ਤੇ ਅਣਪਛਾਤੇ ਵਿਅਕਤੀ ਖ਼ਿਲਾਫ਼ ਕੇਸ ਵੀ ਦਰਜ ਕਰ ਲਿਆ ਸੀ।

2 ਮਹੀਨੇ ਪਹਿਲਾਂ ਹੀ ਜੇਲ ਤੋਂ ਰਿਹਾਅ ਹੋਏ ਸਿੱਧੂ 


ਦੱਸ ਦੇਈਏ ਕਿ ਨਵਜੋਤ ਸਿੰਘ ਸਿੱਧੂ ਰੋਡਰੇਂਜ ਕੇਸ ਵਿੱਚ 10 ਮਹੀਨੇ ਦੀ ਸਜ਼ਾ ਕੱਟਣ ਤੋਂ ਬਾਅਦ ਬਾਹਰ ਆਏ ਹਨ। 19 ਮਈ 2022 ਨੂੰ ਅਦਾਲਤ ਵੱਲੋਂ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਗਈ ਸੀ ਪਰ ਚੰਗੇ ਵਿਵਹਾਰ ਅਤੇ ਵਿਚਕਾਰ ਛੁੱਟੀ ਨਾ ਲੈਣ ਕਾਰਨ ਉਸ ਨੂੰ ਦੋ ਮਹੀਨੇ ਪਹਿਲਾਂ ਹੀ ਰਿਹਾਅ ਕਰ ਦਿੱਤਾ ਗਿਆ ਸੀ।