Sidhu Road Rage Case: ਸੁਪਰੀਮ ਕੋਰਟ ਨੇ ਕ੍ਰਿਕਟਰ ਤੋਂ ਸਿਆਸਤਦਾਨ ਬਣੇ ਨਵਜੋਤ ਸਿੰਘ ਸਿੱਧੂ ਨੂੰ 1988 ਦੇ ‘ਰੋਡ ਰੇਜ’ ਕੇਸ ਵਿੱਚ ਇੱਕ ਸਾਲ ਦੀ ਸਜ਼ਾ ਸੁਣਾ ਦਿੱਤੀ ਹੈ। ਜਸਟਿਸ ਏ ਐਮ ਖਾਨਵਿਲਕਰ ਤੇ ਐਸਕੇ ਕੌਲ ਦੇ ਬੈਂਚ ਨੇ ਪੀੜਤ ਪਰਿਵਾਰ ਵੱਲੋਂ ਦਾਇਰ ਸਮੀਖਿਆ ਪਟੀਸ਼ਨ ਦੀ ਸੁਣਵਾਈ ਮਗਰੋਂ ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਸਿੱਧੂ ਨੂੰ ਸਜ਼ਾ ਸੁਣਾਈ ਹੈ। ਸੁਪਰੀਮ ਕੋਰਟ ਵੱਲੋਂ ਸਜ਼ਾ ਸੁਣਾਏ ਜਾਣ 'ਤੇ ਨਵਜੋਤ ਸਿੱਧੂ ਨੇ ਕਿਹਾ ਕਿ ਉਹ ਕਾਨੂੰਨ ਦੀ ਪਾਲਣਾ ਕਰਨਗੇ।
1988 ਵਿੱਚ ਪੰਜਾਬ ਦੇ ਪਟਿਆਲਾ 'ਚ ਵਾਪਰੀ ਇਸ ਘਟਨਾ 'ਚ ਗੁਰਨਾਮ ਸਿੰਘ ਨਾਂ ਦੇ ਸ਼ਖਸ ਦੀ ਮੌਤ ਹੋ ਗਈ ਸੀ। ਸਿੱਧੂ ਤੇ ਉਨ੍ਹਾਂ ਦੇ ਦੋਸਤ ਕੰਵਰ ਸਿੰਘ ਸੰਧੂ ਨੂੰ ਪੰਜਾਬ ਹਰਿਆਣਾ ਹਾਈਕੋਰਟ ਨੇ ਕਤਲ ਦੇ ਇਲਜ਼ਾਮ ਵਿੱਚ ਦੋਸ਼ੀ ਠਹਿਰਾਇਆ ਸੀ ਤੇ ਤਿੰਨ ਸਾਲ ਦੀ ਕੈਦ ਦੀ ਸਜ਼ਾ ਸੁਣਾਈ ਸੀ ਪਰ ਜੁਲਾਈ 2018 ਵਿੱਚ ਸੁਪਰੀਮ ਕੋਰਟ ਨੇ ਸੰਧੂ ਨੂੰ ਪੂਰੀ ਤਰ੍ਹਾਂ ਬਰੀ ਕਰ ਦਿੱਤਾ ਸੀ ਜਦੋਂਕਿ ਸਿੱਧੂ ਨੂੰ ਸਿਰਫ਼ ਕੁੱਟਮਾਰ ਦਾ ਦੋਸ਼ੀ ਠਹਿਰਾਇਆ ਗਿਆ ਸੀ ਤੇ ਸਿਰਫ਼ ਇੱਕ ਹਜ਼ਾਰ ਰੁਪਏ ਜੁਰਮਾਨਾ ਕੀਤਾ ਗਿਆ ਸੀ।
ਇਸ ਖਿਲਾਫ ਗੁਰਨਾਮ ਸਿੰਘ ਦੇ ਪਰਿਵਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਪਰਿਵਾਰ ਨੇ ਇਸ ਫੈਸਲੇ 'ਤੇ ਮੁੜ ਵਿਚਾਰ ਕਰਨ ਦੀ ਮੰਗ ਕੀਤੀ ਸੀ। 13 ਸਤੰਬਰ, 2018 ਨੂੰ ਅਦਾਲਤ ਨੇ ਪਟੀਸ਼ਨ ਨੂੰ ਵਿਚਾਰ ਲਈ ਸਵੀਕਾਰ ਕਰ ਲਿਆ ਪਰ ਉਦੋਂ ਅਦਾਲਤ ਨੇ ਸਪੱਸ਼ਟ ਕੀਤਾ ਸੀ ਕਿ ਉਹ ਸਿਰਫ਼ ਸਜ਼ਾ ਵਧਾਉਣ ਦੀ ਮੰਗ 'ਤੇ ਹੀ ਵਿਚਾਰ ਕਰੇਗੀ। ਇਸ ਦਾ ਮਤਲਬ ਇਹ ਸੀ ਕਿ ਸਿੱਧੂ 'ਤੇ ਫਿਰ ਤੋਂ ਗੈਰ ਇਰਾਦਤਨ ਕਤਲ ਦਾ ਮੁਕੱਦਮਾ ਨਹੀਂ ਚਲਾਇਆ ਜਾਵੇਗਾ।