ਚੰਡੀਗੜ੍ਹ: ਪੰਜਾਬ ਦੀ ਮੁੱਖ ਸਤੱਕਰ ਵਿੰਨੀ ਮਹਾਜਨ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਵਿੱਚ ਛੇਤੀ ਹੀ ਨਵਾਂ ਹਵਾਈ ਅੱਡਾ ਬਣ ਰਿਹਾ ਹੈ ਅਤੇ ਛੇਤੀ ਹੀ ਇਸ ਨੂੰ ਲੋਕਾਂ ਦੇ ਸਪੁਰਦ ਵੀ ਕਰ ਦਿੱਤਾ ਜਾਵੇਗਾ। ਨਾਲ ਹੀ ਉਨ੍ਹਾਂ ਇਹ ਵੀ ਦਾਅਵਾ ਕੀਤਾ ਕਿ ਸੂਬਾ ਸਰਕਾਰ ਕੋਰੋਨਾ ਮਹਾਮਾਰੀ ਦੀ ਸੰਭਾਵਿਤ ਤੀਜੀ ਲਹਿਰ ਨਾਲ ਨਜਿੱਠਣ ਲਈ ਤਿਆਰ ਹੈ।


ਲੁਧਿਆਣਾ ਦੌਰੇ ਦੌਰਾਨ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਵਿੰਨੀ ਮਹਾਜਨ ਨੇ ਆਖਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਹਲਵਾਰਾ ਵਿੱਚ ਹਵਾਈ ਅੱਡੇ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਉਨ੍ਹਾਂ ਕਿਹਾ ਕਿ ਭਾਰਤੀ ਏਅਰਪੋਰਟ ਅਥਾਰਟੀ ਵੱਲੋਂ ਪ੍ਰਵਾਨਗੀ ਮਿਲਣ ਤੋਂ ਬਾਅਦ ਜਲਦੀ ਹੀ ਇੱਥੇ ਟਰਮੀਨਲ ਵੀ ਬਣਾਇਆ ਜਾਵੇਗਾ ਅਤੇ ਅਗਲੇ ਸਾਲ ਮਾਰਚ ਤੱਕ ਲੋਕਾਂ ਦੇ ਸਪੁਰਦ ਵੀ ਕਰ ਦਿੱਤਾ ਜਾਵੇਗਾ।




ਮਹਾਜਨ ਨੇ ਸੂਬੇ ਵਿੱਚ ਅਪਰਾਧ ਦਰ ਸਬੰਧੀ ਸਵਾਲ ਦੇ ਜਵਾਬ ਵਿੱਚ ਕਿਹਾ ਕਿ ਜੁਰਮ 'ਤੇ ਕਾਬੂ ਪਾਉਣ ਲਈ ਕਾਰਵਾਈ ਲਗਾਤਾਰ ਜਾਰੀ ਹੈ। ਇਸ ਤੋਂ ਇਲਾਵਾ ਉਨ੍ਹਾਂ ਕੋਰੋਨਾ ਮਹਾਮਾਰੀ ਬਾਰੇ ਗੱਲਬਾਤ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਨੂੰ ਦੀ ਦੂਜੀ ਲਹਿਰ ਨਾਲ ਨਜਿੱਠਣ ਸਮੇਂ ਕਾਫੀ ਦਿੱਕਤਾਂ ਆਈਆਂ ਪਰ ਹੁਣ ਹਾਲਾਤ ਪੂਰੀ ਤਰ੍ਹਾਂ ਕਾਬੂ ਵਿੱਚ ਹਨ। ਉਨ੍ਹਾਂ ਦੱਸਿਆ ਕਿ ਆਕਸੀਜਨ ਦੀ ਸਪਲਾਈ ਪੂਰੀ ਕੀਤੀ ਜਾ ਚੁੱਕੀ ਹੈ ਅਤੇ ਲਗਾਤਾਰ ਟੈਸਟਿੰਗ ਜਾਰੀ ਹੈ। ਉਨ੍ਹਾਂ ਕਿਹਾ ਕਿ ਹੋਰਨਾਂ ਸੂਬਿਆਂ ਦੇ ਮੁਕਾਬਲੇ ਪੰਜਾਬ ਵਿੱਚ ਮੌਤ ਦਰ ਵੀ ਕਾਫੀ ਘੱਟ ਰਹੀ ਹੈ।


ਮੁੱਖ ਸਕੱਤਰ ਨੇ ਪੰਜਾਬ ਵਿੱਚ ਨਿਵੇਸ਼ ਬਾਰੇ ਵੀ ਕੁਝ ਸਵਾਲਾਂ ਦੇ ਜਵਾਬ ਦਿੱਤੇ ਤੇ ਆਖਿਆ ਕਿ ਸੂਬੇ ਦੇ ਵੱਖ-ਵੱਖ ਹਿੱਸਿਆਂ ਵਿੱਚ ਸਨਅਤੀ ਖੇਤਰ ਵਿਕਸਤ ਕੀਤੇ ਜਾ ਰਹੇ ਹਨ। ਇਨ੍ਹਾਂ ਨਿਵੇਸ਼ਾਂ ਵਿੱਚ ਬਿਰਲਾ ਗਰੁੱਪ ਦਾ ਖਾਸਾ ਯੋਗਦਾਨ ਪਾਇਆ ਹੈ।