ਅੰਮ੍ਰਿਤਸਰ: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਾਹਮਣੇ ਇੱਕ ਹੋਰ ਵੱਡੀ ਚੁਣੌਤੀ ਆਣ ਖੜ੍ਹੀ ਹੈ। ਇਸ ਸਮੱਸਿਆ ਆਰ.ਐਸ.ਐਸ. ਦੀ ਸਰਪ੍ਰਸਤੀ ਹੇਠ ਰਾਸ਼ਟਰੀ ਸਿੱਖ ਸੰਗਤ ਵੱਲੋਂ ਗੁਰੂ ਗੋਬਿੰਦ ਸਿੰਘ ਦੇ 350 ਸਾਲਾ ਪ੍ਰਕਾਸ਼ ਪੁਰਬ ਸਬੰਧੀ ਕਰਵਾਏ ਜਾ ਰਹੇ ਸਮਾਗਮ ਹਨ। ਬੇਸ਼ੱਕ ਗਿਆਨੀ ਗੁਰਬਚਨ ਸਿੰਘ ਤੇ ਹੋਰ ਪੰਥਕ ਲੀਡਰਾਂ ਨੇ ਇਨ੍ਹਾਂ ਸਮਾਗਮਾਂ ਤੋਂ ਦੂਰ ਰਹਿਣ ਦਾ ਫੈਸਲਾ ਕੀਤਾ ਹੈ ਪਰ ਸੰਗਤ ਦੋਚਿੱਤੀ ਵਿੱਚ ਹੈ। ਇਹ ਸਮਾਗਮ ਦਿੱਲੀ ਦੇ ਤਾਲ ਕਟੋਰਾ ਸਟੇਡੀਅਮ ਵਿੱਚ 25 ਅਕਤੂਬਰ ਨੂੰ ਕਰਵਾਏ ਜਾ ਰਹੇ ਹਨ।
ਗਿਆਨੀ ਗੁਰਬਚਨ ਸਿੰਘ ਨੇ ਆਖਿਆ ਹੈ ਕਿ 2004 ਵਿੱਚ ਜਾਰੀ ਹੁਕਮਨਾਮੇ ਨੂੰ ਘੋਖਣ ਮਗਰੋਂ ਅਕਾਲ ਇਸ ਬਾਰੇ ਸਥਿਤੀ ਸਪਸ਼ਟ ਕੀਤੀ ਜਾਵੇਗੀ। ਗਿਆਨੀ ਗੁਰਬਚਨ ਸਿੰਘ ਨੇ ਆਖਿਆ ਕਿ 23 ਜੁਲਾਈ, 2004 ਨੂੰ ਸੰਦੇਸ਼ ਜਾਰੀ ਹੋਣ ਸਮੇਂ ਭਾਵੇਂ ਉਹ ਵੀ ਹਾਜ਼ਰ ਸਨ ਪਰ ਉਨ੍ਹਾਂ ਨੂੰ ਸੰਦੇਸ਼ ਦੀ ਸ਼ਬਦਾਵਲੀ ਬਾਰੇ ਪੂਰੀ ਤਰ੍ਹਾਂ ਜਾਣਕਾਰੀ ਨਹੀਂ। ਉਹ ਸੋਮਵਾਰ ਨੂੰ ਇਸ ਸੰਦੇਸ਼ ਨੂੰ ਘੋਖਣਗੇ ਤੇ ਇਸ ਮਗਰੋਂ ਇਸ ਸਬੰਧ ਵਿੱਚ ਸਿੱਖ ਕੌਮ ਲਈ ਨਿਰਦੇਸ਼ ਜਾਰੀ ਕਰਨਗੇ।
ਉਧਰ ਅਮਰੀਕਾ ਦੀਆਂ ਸਿੱਖ ਜਥੇਬੰਦੀਆਂ ਦੀ ਸਿੱਖ ਕੋਆਰਡੀਨੇਸ਼ਨ ਕਮੇਟੀ ਦੇ ਕੋਆਰਡੀਨੇਟਰ ਹਿੰਮਤ ਸਿੰਘ ਨੇ ਆਖਿਆ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ 25 ਅਕਤੂਬਰ ਨੂੰ ਕਰਾਏ ਜਾ ਰਹੇ ਸਮਾਗਮਾਂ ਦਾ ਸਿੱਖ ਕੌਮ ਬਾਈਕਾਟ ਕਰੇ। ਜੋ ਵੀ ਸਿੱਖ ਇਸ ਸਮਾਗਮ ਵਿੱਚ ਸ਼ਾਮਲ ਹੁੰਦਾ ਹੈ, ਉਸ ਦੀ ਸ਼ਨਾਖਤ ਕੀਤੀ ਜਾਵੇ ਤੇ ਉਸ ਨੂੰ ਕੌਮ ਦਾ ‘ਗ਼ੱਦਾਰ’ ਐਲਾਨਿਆ ਜਾਵੇ।
ਕਾਬਲੇਗੌਰ ਹੈ ਕਿ 23 ਜੁਲਾਈ, 2004 ਨੂੰ ਅਕਾਲ ਤਖ਼ਤ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਿੱਖ ਕੌਮ ਦੇ ਨਾਂ ਸੰਦੇਸ਼ ਜਾਰੀ ਕੀਤਾ ਗਿਆ ਸੀ। ਇਸ ਵਿੱਚ ਸਿੱਖ ਕੌਮ ਨੂੰ ਹਦਾਇਤ ਕੀਤੀ ਗਈ ਸੀ ਕਿ ਰਾਸ਼ਟਰੀ ਸਿੱਖ ਸੰਗਤ ਵੱਲੋਂ ਕੀਤੇ ਜਾ ਰਹੇ ਪ੍ਰਚਾਰ ਤੋਂ ਸੁਚੇਤ ਰਿਹਾ ਜਾਵੇ ਤੇ ਇਸ ਸੰਸਥਾ ਨੂੰ ਕਿਸੇ ਵੀ ਕਿਸਮ ਦਾ ਸਹਿਯੋਗ ਨਾ ਦਿੱਤਾ ਜਾਵੇ। ਇਸ ਸੰਦੇਸ਼ ’ਤੇ ਉਸ ਵੇਲੇ ਦੇ ਜਥੇਦਾਰ ਗਿਆਨੀ ਜੋਗਿੰਦਰ ਸਿੰਘ ਵੇਦਾਂਤੀ, ਗਿਆਨੀ ਇਕਬਾਲ ਸਿੰਘ, ਗਿਆਨੀ ਤਰਲੋਚਨ ਸਿੰਘ, ਗਿਆਨੀ ਬਲਵੰਤ ਸਿੰਘ ਨੰਦਗੜ੍ਹ ਤੇ ਸ੍ਰੀ ਦਰਬਾਰ ਸਾਹਿਬ ਦੇ ਮੁੱਖ ਗ੍ਰੰਥੀ ਵਜੋਂ ਗਿਆਨੀ ਗੁਰਬਚਨ ਸਿੰਘ ਦੇ ਦਸਤਖ਼ਤ ਸਨ।