ਗੈਂਗਸਟਰਾਂ ਦੀਆਂ ਗੋਲੀਆਂ ਦਾ ਸ਼ਿਕਾਰ ਹੋਏ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ਪੁਲਿਸ ਨੇ ਸੂਬੇ ਦੀ ਸ਼ਾਂਤੀ ਭੰਗ ਕਰਨ ਵਾਲਿਆਂ ਨੂੰ ਸਬਕ ਸਿਖਾਉਣ ਲਈ ਕਮਰ ਕੱਸ ਲਈ ਹੈ। ਮੰਗਲਵਾਰ ਨੂੰ ਪੰਜਾਬ ਦੇ ਨਵ-ਨਿਯੁਕਤ ਡੀਜੀਪੀ ਗੌਰਵ ਯਾਦਵ ਨੇ ਅਹੁਦਾ ਸੰਭਾਲਦੇ ਹੀ ਐਕਸ਼ਨ ਮੋਡ ਵਿੱਚ ਆ ਗਿਆ। ਉਨ੍ਹਾਂ ਸੀ.ਆਈ.ਏ ਸਟਾਫ਼ ਖਰੜ ਵਿਖੇ ਮਟੌਰ ਅਤੇ ਮੁਹਾਲੀ ਦੇ ਫੇਜ਼-8 ਥਾਣਿਆਂ ਦੀ ਵੀ ਅਚਨਚੇਤ ਜਾਂਚ ਕੀਤੀ ਅਤੇ ਇੱਥੋਂ ਦੇ ਪੁਲਿਸ ਅਧਿਕਾਰੀਆਂ ਨੂੰ ਗੈਂਗਸਟਰਾਂ ਵਿਰੁੱਧ ਸਖ਼ਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਸ਼ਬਦਾਂ ਵਿੱਚ ਕਿਹਾ ਕਿ ਸੂਬੇ ਦੀ ਸ਼ਾਂਤੀ ਨੂੰ ਮੁੜ ਕਦੇ ਵੀ ਭੰਗ ਨਹੀਂ ਹੋਣ ਦਿੱਤਾ ਜਾਵੇਗਾ।


ਇਸ ਦੌਰਾਨ ਉਨ੍ਹਾਂ ਸੰਕੇਤ ਦਿੱਤਾ ਕਿ ਪੁਲਿਸ ਨੇ ਸਿੱਧੂ ਮੂਸੇਵਾਲਾ ਦੇ ਕਤਲ ਦੀ ਸਾਜ਼ਿਸ਼ ਰਚਣ ਵਾਲੇ ਗੈਂਗਸਟਰ ਲਾਰੈਂਸ ਬਿਸ਼ਨੋਈ ਤੋਂ ਪੁੱਛਗਿੱਛ ਦੌਰਾਨ ਕਈ ਪਰਤਾਂ ਦਾ ਪਰਦਾਫਾਸ਼ ਕੀਤਾ ਹੈ, ਜਿਨ੍ਹਾਂ ਨੂੰ ਫਿਲਹਾਲ ਗੁਪਤ ਰੱਖਿਆ ਗਿਆ ਹੈ। ਜਲਦੀ ਹੀ ਇਸ ਮਾਮਲੇ 'ਚ ਹੋਰ ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਜਾਵੇਗਾ। ਗੌਰਵ ਯਾਦਵ ਨੇ ਕਿਹਾ ਕਿ ਪੰਜਾਬ ਸਰਕਾਰ ਦਾ ਨਿਸ਼ਾਨਾ ਹੁਣ ਪੰਜਾਬ ਨੂੰ ਗੈਂਗਸਟਰ ਮੁਕਤ ਕਰਨਾ ਹੈ ਅਤੇ ਇਸ ਦੀ ਸ਼ੁਰੂਆਤ ਹੋ ਚੁੱਕੀ ਹੈ।


ਉਨ੍ਹਾਂ ਮੁਹਾਲੀ ਦੇ ਥਾਣਿਆਂ ਵਿੱਚ ਜਾ ਕੇ ਵਿਜ਼ਟਰ ਰੂਮ, ਮਲਖਾਨਾ ਅਤੇ ਬੈਰਕਾਂ ਦੀ ਚੈਕਿੰਗ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਥਾਣਿਆਂ ਵਿੱਚ ਬੁਨਿਆਦੀ ਸਹੂਲਤਾਂ ਵੱਲ ਧਿਆਨ ਦਿੱਤਾ ਜਾਵੇ ਅਤੇ ਕਮੀਆਂ ਨੂੰ ਜਲਦੀ ਤੋਂ ਜਲਦੀ ਦੂਰ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਡੀਆਈਜੀ ਗੁਰਪ੍ਰੀਤ ਸਿੰਘ ਭੁੱਲਰ ਰੂਪਨਗਰ ਰੇਂਜ, ਐਸਐਸਪੀ ਮੁਹਾਲੀ ਵਿਵੇਕ ਸ਼ੀਲ ਸੋਨੀ ਹਾਜ਼ਰ ਸਨ।


ਕਾਬਿਲੇਗ਼ੋਰ ਹੈ ਕਿ ਹੁਣ ਤੱਕ ਕਿੰਨੀਆਂ ਹੀ ਕੀਮਤੀ ਜਾਨਾਂ ਗੈਂਗਸਟਰਵਾਦ ਦੀਆਂ ਭੇਟ ਚੜ੍ਹ ਚੁੱਕੀਆਂ ਹਨ। ਪੰਜਾਬ `ਚ ਇਸ ਸਮੇਂ ਮਾਫ਼ੀਆ ਪੂਰੀ ਤਰ੍ਹਾਂ ਸਰਗਰਮ ਹੈ। ਸਾਫ਼ ਦੇਖਿਆ ਜਾ ਸਕਦਾ ਹੈ ਕਿ ਗੁੰਡੇ ਬਦਮਾਸ਼ ਦਿਨ ਦਹਾੜੇ ਕਿਸ ਤਰ੍ਹਾਂ ਖੌਫ਼ਨਾਕ ਵਾਰਦਾਤਾਂ ਨੂੰ ਅੰਜਾਮ ਦਿੰਦੇ ਹਨ।