ਸ੍ਰੀ ਅਕਾਲ ਤਖ਼ਤ ਦੇ ਕਾਰਜਕਾਰੀ ਜਥੇਦਾਰ ਦਾ ਅੱਜ ਹੋਏਗਾ ਐਲਾਨ
ਏਬੀਪੀ ਸਾਂਝਾ | 22 Oct 2018 11:55 AM (IST)
ਚੰਡੀਗੜ੍ਹ: ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਦੇ ਅਸਤੀਫੇ ਮਗਰੋਂ ਕਾਰਜਕਾਰੀ ਜਥੇਦਾਰ ਬਾਰੇ ਅੱਜ ਐਲਾਨ ਹੋਏਗਾ। ਇਸ ਬਾਰੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ਅੱਜ ਹੋ ਰਹੀ ਹੈ। ਮੀਟਿੰਗ ਅੰਮ੍ਰਿਤਸਰ ਸਥਿਤ ਸ਼੍ਰੋਮਣੀ ਕਮੇਟੀ ਦੇ ਮੁੱਖ ਦਫਤਰ ਵਿੱਚ ਹੋਵੇਗੀ। ਚਰਚਾ ਹੈ ਕਿ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜਾਂ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵਿੱਚੋਂ ਇੱਕ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਲਾਉਣਾ ਤੈਅ ਹੈ। ਇਸ ਬਾਰੇ ਬਾਅਦ ਦੁਪਹਿਰ ਦੋ ਵਜੇ ਤੱਕ ਐਲਾਨ ਹੋ ਸਕਦਾ ਹੈ। ਕਾਬਲੇਗੌਰ ਹੈ ਕਿ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਨੇ ਆਪਣਾ ਅਹੁਦਾ ਤਿਆਗਣ ਲਈ ਅਸਤੀਫ਼ਾ ਪੱਤਰ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਨੂੰ ਭੇਜ ਦਿੱਤਾ ਸੀ। ਅਸਤੀਫ਼ਾ ਮਿਲਣ ਮਗਰੋਂ ਅਗਲੇਰੀ ਕਾਰਵਾਈ ਵਾਸਤੇ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਹੰਗਾਮੀ ਮੀਟਿੰਗ 22 ਅਕਤੂਬਰ ਨੂੰ ਸੱਦੀ ਸੀ। ਇਸ ਮੀਟਿੰਗ ਦਾ ਇੱਕ ਨੁਕਾਤੀ ਏਜੰਡਾ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਵੱਲੋਂ ਦਿੱਤੇ ਅਸਤੀਫ਼ੇ ’ਤੇ ਵਿਚਾਰ ਕਰਨਾ ਹੈ।