ਚੰਡੀਗੜ੍ਹ: ਪੰਜਾਬ ਦੇ ਨਵੇਂ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਅਹੁਦੇ ਦੀ ਸਹੁੰ ਚੁੱਕ ਲਈ ਹੈ। ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੇ ਉਨ੍ਹਾਂ ਨੂੰ ਅਹੁਦੇ ਦੀ ਸਹੁੰ ਚੁਕਵਾਈ। ਚੰਨੀ ਦੇ ਨਾਲ ਹੀ ਦੋ ਉਪ ਮੁੱਖ ਮੰਤਰੀਆਂ (ਡਿਪਟੀ CM) ਨੇ ਵੀ ਸਹੁੰ ਚੁੱਕੀ। ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਉੱਪ ਮੁੱਖ ਮੰਤਰੀ ਬਣੇ ਹਨ।


 


ਚਮਕੌਰ ਸਾਹਿਬ ਤੋਂ ਕਾਂਗਰਸੀ ਵਿਧਾਇਕ ਚਰਨਜੀਤ ਸਿੰਘ ਚੰਨੀ ਨੇ ਪੰਜਾਬ ਰਾਜ ਭਵਨ ਪਹੁੰਚ ਕੇ 16ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਉਨ੍ਹਾਂ ਦੇ ਨਾਲ ਸੁਖਜਿੰਦਰ ਸਿੰਘ ਰੰਧਾਵਾ ਤੇ ਓਪੀ ਸੋਨੀ ਨੇ ਵੀ ਸਹੁੰ ਚੁੱਕੀ ਹੈ। ਇਸ ਮੌਕੇ ਪੰਜਾਬ ਕਾਂਗਰਸ ਦੇ ਇੰਚਾਰਜ ਹਰੀਸ਼ ਰਾਵਤ, ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੰਘ ਸਿੱਧੂ ਸਣੇ ਹੋਰ ਵਿਧਾਇਕ ਵੀ ਹਾਜ਼ਰ ਸਨ। 



ਪੰਜਾਬ ਦੇ ਸਿਆਸੀ ਇਤਿਹਾਸ ’ਚ ਪਹਿਲੀ ਦਫ਼ਾ ਕੋਈ ਦਲਿਤ ਆਗੂ ਮੁੱਖ ਮੰਤਰੀ ਦੀ ਕੁਰਸੀ ’ਤੇ ਬੈਠੇ ਹਨ। ਇਸ ਤੋਂ ਪਹਿਲਾਂ ਰਾਮਗੜ੍ਹੀਆ ਭਾਈਚਾਰੇ ਵਿੱਚੋਂ ਗਿਆਨੀ ਜ਼ੈਲ ਸਿੰਘ ਪੰਜਾਬ ਦੇ ਮੁੱਖ ਮੰਤਰੀ ਬਣੇ ਸਨ। 


ਦੱਸਣਯੋਗ ਹੈ ਕਿ ਚਰਨਜੀਤ ਸਿੰਘ ਚੰਨੀ ਕੈਪਟਨ ਸਰਕਾਰ ਵਿੱਚ ਤਕਨੀਕੀ ਸਿੱਖਿਆ ਮੰਤਰੀ ਸਨ। ਉਹ ਚਮਕੌਰ ਸਾਹਿਬ ਤੋਂ ਲਗਾਤਾਰ ਤੀਜੀ ਵਾਰ ਵਿਧਾਇਕ ਬਣੇ ਹਨ। ਮੁੱਖ ਮੰਤਰੀ ਦੀ ਸਹੁੰ ਚੁੱਕਣ ਤੋਂ ਬਾਅਦ ਸ੍ਰੀ ਚਰਨਜੀਤ ਸਿੰਘ ਚੰਨੀ ਨੇ 20 ਸਤੰਬਰ ਨੂੰ ਹੀ ਦੁਪਹਿਰ 12.30 ਵਜੇ ਚੰਡੀਗੜ੍ਹ ਸਥਿਤ ਪੰਜਾਬ ਭਵਨ ’ਚ ਪ੍ਰੈੱਸ ਕਾਨਫਰੰਸ ਸੱਦ ਲਈ ਹੈ।


 


ਦੱਸ ਦੇਈਏ ਹੁਣ ਤੱਕ ਜੱਟ ਸਿੱਖ ਭਾਈਚਾਰੇ ’ਚੋਂ ਹੀ ਪੰਜਾਬ ਦਾ ਮੁੱਖ ਮੰਤਰੀ ਬਣਦਾ ਰਿਹਾ ਹੈ। ਪੰਜਾਬ ਦੇ ਇਤਿਹਾਸ ਵਿੱਚ ਚਰਨਜੀਤ ਚੰਨੀ ਪਹਿਲੇ ਦਲਿਤ ਮੁੱਖ ਮੰਤਰੀ ਹਨ। ਚੰਨੀ ਪੰਜਾਬ ਕਾਂਗਰਸ ਦੇ ਪ੍ਰਧਾਨ ਨਵਜੋਤ ਸਿੱਧੂ ਦੇ ਸਮਰਥਨ ਨਾਲ ਮੁੱਖ ਮੰਤਰੀ ਦੀ ਕੁਰਸੀ ਹਾਸਲ ਕਰਨ ਵਿੱਚ ਕਾਮਯਾਬ ਰਹੇ। ਇਹ ਕੁਰਸੀ ਕੈਪਟਨ ਅਮਰਿੰਦਰ ਸਿੰਘ ਦੇ ਅਸਤੀਫੇ ਤੋਂ ਬਾਅਦ ਖਾਲੀ ਹੋ ਗਈ ਸੀ।


ਇਹ ਵੀ ਪੜ੍ਹੋ: ਪੰਜਾਬ ਦਾ ਸਿਆਸੀ ਘਮਸਾਨ ਨਿਬੇੜ ਸੋਨੀਆ ਤੇ ਰਾਹੁਲ ਗਾਂਧੀ ਹੁਣ ਇਸ ਸ਼ਹਿਰ 'ਚ ਮਨਾ ਰਹੇ ਛੁੱਟੀਆਂ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904