ਚੰਡੀਗੜ੍ਹ: ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਬਾਰੇ ਨਿੱਤ ਨਵੇਂ ਖੁਲਾਸੇ ਹੋ ਰਹੇ ਹਨ। ਤਾਜ਼ਾ ਖੁਲਾਸੇ ਵਿੱਚ ਸਾਹਮਣੇ ਆਇਆ ਹੈ ਕਿ ਸਿੱਧੂ ਮੂਸੇਵਾਲਾ ਦੇ ਕਤਲ ਲਈ ਜੰਗੀ ਪੱਧਰ ਉੱਪਰ ਤਿਆਰੀ ਕੀਤੀ ਗਈ ਸੀ। ਕਤਲ ਦੀ ਪਲਾਨਿੰਗ ਕਰਨ ਵਾਲਿਆਂ ਨੇ ਛੇ ਨਹੀਂ ਨੌਂ ਸ਼ਾਰਪ ਸ਼ੂਟਰਾਂ ਨੂੰ ਇਸ ਕੰਮ ਲਈ ਤਿਆਰ ਕੀਤਾ ਹੋਇਆ ਸੀ। ਪੁਲਿਸ ਨੇ ਹੁਣ ਤੱਕ ਛੇ ਸ਼ਾਰਪ ਸ਼ੂਟਰ ਹੋਣ ਦਾ ਹੀ ਦਾਅਵਾ ਕੀਤਾ ਸੀ।


ਤਾਜ਼ਾ ਖੁਲਾਸੇ ਮੁਤਾਬਕ ਸਿੱਧੂ ਮੂਸੇਵਾਲਾ ਨੂੰ ਮਾਰਨ ਵਾਲੇ 6 ਦੀ ਥਾਂ ’ਤੇ 9 ਸ਼ੂਟਰ ਤਿਆਰ ਕੀਤੇ ਗਏ ਸੀ। ਇਨ੍ਹਾਂ ਵਿੱਚ ਮਨਦੀਪ ਸਿੰਘ ਉਰਫ਼ ਤੂਫਾਨ ਬਟਾਲਾ, ਮਨਪ੍ਰੀਤ ਸਿੰਘ ਉਰਫ਼ ਮਨੀ ਰਈਆ ਤੇ ਇੱਕ ਹੋਰ ਸ਼ੂਟਰ ਵੀ ਸ਼ਾਮਲ ਦੱਸੇ ਜਾਂਦੇ ਹਨ। ਪੁਲਿਸ ਸੂਤਰਾਂ ਮੁਤਾਬਕ ਇਹ ਤਿੰਨੇ ਮੂਸੇਵਾਲਾ ਦੀ ਰੇਕੀ ਵਿੱਚ ਵੀ ਸ਼ਾਮਲ ਸਨ ਪਰ ਕਤਲ ਤੋਂ ਇੱਕ ਦਿਨ ਪਹਿਲਾਂ ਗੈਂਗਸਟਰ ਗੋਲਡੀ ਬਰਾੜ ਨੇ ਉਨ੍ਹਾਂ ਨੂੰ ਵੱਖਰੀ ਕਾਰ ਵਿੱਚ ਉੱਥੋਂ ਜਾਣ ਲਈ ਆਖ ਦਿੱਤਾ ਸੀ।


ਸੂਤਰਾਂ ਮੁਤਾਬਕ ਗੋਲਡੀ ਬਰਾੜ ਨੇ ਅਚਾਨਕ ਇਹ ਫ਼ੈਸਲਾ ਇਸ ਲਈ ਲਿਆ ਕਿਉਂਕਿ ਮੰਨਿਆ ਜਾ ਰਿਹਾ ਹੈ ਕਿ ਮੂਸੇਵਾਲਾ ਦੀ ਸਕਿਉਰਿਟੀ ਨਾ ਹੋਣ ਕਾਰਨ ਜ਼ਿਆਦਾ ਸ਼ੂਟਰਾਂ ਦੀ ਲੋੜ ਨਹੀਂ ਸੀ। ਜਾਣਕਾਰੀ ਮੁਤਾਬਕ ਦਿੱਲੀ ਪੁਲੀਸ ਦੀ ਜਾਂਚ ਵਿੱਚ ਇਹ ਮਾਮਲਾ ਸਾਹਮਣੇ ਆਇਆ ਸੀ, ਜਿਸ ਬਾਰੇ ਪੰਜਾਬ ਪੁਲਿਸ ਨੂੰ ਵੀ ਜਾਣਕਾਰੀ ਦੇ ਦਿੱਤੀ ਗਈ ਸੀ।


ਪੁਲਿਸ ਹੁਣ ਤਿੰਨਾਂ ਦੀ ਗ੍ਰਿਫ਼ਤਾਰੀ ਲਈ ਵੀ ਛਾਪੇ ਮਾਰ ਰਹੀ ਹੈ, ਪਰ ਉਹ ਬੇਖੌਫ਼ ਹੋ ਕੇ ਫੇਸਬੁੱਕ ਚਲਾ ਰਹੇ ਹਨ। ਉਨ੍ਹਾਂ ਸੋਸ਼ਲ ਮੀਡੀਆ ਉਤੇ ਪੁਲੀਸ ਨੂੰ ਚੁਣੌਤੀ ਦਿੱਤੀ ਹੈ, ਜਿਸ ਵਿੱਚ ਲਿਖਿਆ ਹੈ ਕਿ ਜ਼ਰੂਰੀ ਨਹੀਂ ਕਿ ਜੰਗ ਸਿਰਫ਼ ਜਿੱਤਣ ਲਈ ਲੜੀ ਜਾਂਦੀ ਹੈ ਤੇ ਕਈ ਵਾਰ ਇਹ ਦੱਸਣਾ ਵੀ ਜ਼ਰੂਰੀ ਹੋ ਜਾਂਦਾ ਹੈ ਕਿ ਉਹ ਅਜੇ ਜਿਊਂਦੇ ਹਨ।


 


 



ਇਹ ਵੀ ਪੜ੍ਹੋ: Goat Price: ਮੌਲਵੀ ਨੇ ਕਹੀ ਐਸੀ ਗੱਲ ਕਿ ਰਾਤੋ-ਰਾਤ ਬੱਕਰੇ ਦੀ ਕੀਮਤ 16 ਹਜ਼ਾਰ ਤੋਂ 25 ਲੱਖ ਰੁਪਏ ਹੋਈ, ਜਾਣੋ ਪੂਰਾ ਮਾਮਲਾ