ਚੰਡੀਗੜ੍ਹ: ਸੜਕ ਹਾਦਸੇ ਰੋਕਣ ਤੇ ਆਵਾਜਾਈ ਨੂੰ ਬਿਹਤਰ ਬਣਾਉਣ ਦੇ ਨਾਂ 'ਤੇ ਮੋਦੀ ਸਰਕਾਰ ਵੱਲੋਂ ਬਣਾਏ ਗਏ ਸਖਤ ਨਿਯਮਾਂ ਨੂੰ ਲਾਗੂ ਕਰਨ ਲਈ ਪੰਜਾਬ ਸਰਕਾਰ ਤਿਆਰ ਨਹੀਂ। ਪੰਜਾਬ ਸਰਕਾਰ ਦਾ ਟਰਾਂਸਪੋਰਟ ਵਿਭਾਗ ਟ੍ਰੈਫਿਕ ਨਿਯਮਾਂ ਨੂੰ ਸੋਧ ਰਿਹਾ ਹੈ। ਇਹ ਅਗਲੇ ਕੁਝ ਦਿਨਾਂ ਵਿੱਚ ਲਾਗੂ ਹੋਣਗੇ। ਪਤਾ ਲੱਗਾ ਹੈ ਕਿ ਟਰਾਂਸਪੋਰਟ ਵਿਭਾਗ ਜੁਰਮਾਨਿਆਂ ਵਿੱਚ ਕਟੌਤੀ ਕਰੇਗਾ।


ਟਰਾਂਸਪੋਰਟ ਮੰਤਰੀ ਰਜ਼ੀਆ ਸੁਲਤਾਨਾ ਦਾ ਕਹਿਣਾ ਹੈ ਕਿ ਟਰਾਂਸਪੋਰਟ ਪਾਲਿਸੀ ਨੂੰ ਲੈ ਕੇ ਬੈਠਕਾਂ ਜਾਰੀ ਹਨ ਕਿਉਂਕਿ ਕੇਂਦਰ ਵੱਲੋਂ ਜਾਰੀ ਕੀਤੀ ਗਈ ਪਾਲਿਸੀ ਨੂੰ ਜਿਉਂ ਤਾਂ ਤਿਉਂ ਲਾਗੂ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਕਿਹਾ ਕਿ ਜੋ ਜੁਰਮਾਨੇ ਕੇਂਦਰ ਸਰਕਾਰ ਵੱਲੋਂ ਜਾਰੀ ਕੀਤੇ ਗਏ ਹਨ, ਉਨ੍ਹਾਂ ਦੀ ਰਾਸ਼ੀ ਘਟਾਉਣ ਬਾਰੇ ਮੰਥਨ ਚੱਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਜਲਦ ਹੀ ਟਰਾਂਸਪੋਰਟ ਨਿਯਮਾਂ ਨੂੰ ਕਿਸ ਤਰੀਕੇ ਨਾਲ ਲਾਗੂ ਕਰਨਾ ਹੈ, ਇਹ ਤੈਅ ਕਰ ਦਿੱਤਾ ਜਾਵੇਗਾ ਪਰ ਆਉਣ ਵਾਲੇ ਕੁਝ ਦਿਨਾਂ ਵਿੱਚ ਟਰਾਂਸਪੋਰਟ ਪਾਲਿਸੀ ਪੰਜਾਬ ਵਿੱਚ ਲਾਗੂ ਕਰ ਦਿੱਤੀ ਜਾਵੇਗੀ। ਯਾਦ ਰਹੇ ਕੇਂਦਰ ਵੱਲੋਂ ਜਾਰੀ ਕੀਤੀ ਗਈ ਨਵੀਂ ਟਰਾਂਸਪੋਰਟ ਪਾਲਿਸੀ ਪੰਜਾਬ ਸਰਕਾਰ ਨੇ ਹਾਲੇ ਤੱਕ ਲਾਗੂ ਨਹੀਂ ਕੀਤੀ ਹੈ।