ਚੰਡੀਗੜ੍ਹ: ਪੰਜਾਬ ਦੀ ਨਵੀਂ ਚਰਨਜੀਤ ਚੰਨੀ ਸਰਕਾਰ ਸਵਾਲਾਂ 'ਚ ਘਿਰ ਗਈ ਹੈ। ਡੀਜੀਪੀ ਤੋਂ ਬਾਅਦ ਨਵੇਂ ਐਡਵੋਕੇਟ ਜਨਰਲ (ਏਜੀ) ਦੀ ਨਿਯੁਕਤੀ ਨੂੰ ਲੈ ਕੇ ਵਿਵਾਦ ਛਿੜ ਗਿਆ ਹੈ। ਡੀਜੀਪੀ ਦਿਨਕਰ ਗੁਪਤਾ ਦੇ ਛੁੱਟੀ 'ਤੇ ਜਾਣ ਤੋਂ ਬਾਅਦ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਉਨ੍ਹਾਂ ਦੀ ਥਾਂ ਡੀਜੀਪੀ ਬਣਾਉਣ ਦੀ ਚੰਗਿਆੜੀ ਅਜੇ ਸੁਲਗ ਹੀ ਰਹੀ ਸੀ ਕਿ 5 ਦਿਨ ਦੀ ਸਖ਼ਤ ਮਿਹਨਤ ਤੋਂ ਬਾਅਦ ਐਡਵੋਕੇਟ ਜਨਰਲ ਦੀ ਨਿਯੁਕਤੀ ਨੇ ਚਰਨਜੀਤ ਚੰਨੀ ਦੀ ਸਰਕਾਰ ਨੂੰ ਸਵਾਲਾਂ ਦੇ ਕਟਹਿਰੇ 'ਚ ਖੜ੍ਹਾ ਕਰ ਦਿੱਤਾ ਹੈ। ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਤੋਂ ਬਾਅਦ ਹੋਏ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਨੂੰ ਐਡਵੋਕੇਟ ਜਨਰਲ ਨਿਯੁਕਤ ਕਰ ਦਿੱਤਾ ਹੈ।


ਇਸ ਨੂੰ ਲੈ ਕੇ ਵਿਰੋਧੀ ਧਿਰ ਨੇ ਹੰਗਾਮਾ ਖੜ੍ਹਾ ਕਰ ਦਿੱਤਾ ਹੈ ਤੇ ਕਿਹਾ ਹੈ ਕਿ ਹੁਣ ਸਿੱਖਾਂ ਨੂੰ ਬੇਅਦਬੀ ਮਾਮਲੇ 'ਚ ਨਿਆਂ ਦੀ ਉਮੀਦ ਛੱਡ ਦੇਣੀ ਚਾਹੀਦੀ ਹੈ। ਹਾਲਾਂਕਿ ਦਿਓਲ ਨੇ ਕਿਹਾ ਹੈ ਕਿ ਉਨ੍ਹਾਂ ਦਾ ਬੇਅਦਬੀ ਮਾਮਲਿਆਂ ਨਾਲ ਕੋਈ ਲੈਣਾ-ਦੇਣਾ ਨਹੀਂ। ਉਹ ਕਾਨੂੰਨ-ਵਿਵਸਥਾ ਨਾਲ ਸਬੰਧਤ ਕੋਟਕਪੂਰਾ ਗੋਲੀਕਾਂਡ 'ਚ ਸਿਰਫਡ ਇੱਕ ਪੁਲਿਸ ਅਧਿਕਾਰੀ ਦੇ ਵਕੀਲ ਰਹੇ ਹਨ, ਜਿਸ ਦਾ ਹੁਣ ਨਿਬੇੜਾ ਹੋ ਚੁੱਕਾ ਹੈ।


ਜ਼ਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ ਸ਼ਨੀਵਾਰ ਨੂੰ ਰੁਕੀ ਹੋਈ ਐਡਵੋਕੇਟ ਜਨਰਲ ਦੀ ਫਾਈਲ ਨੂੰ ਮਨਜ਼ੂਰੀ ਦੇ ਦਿੱਤੀ। ਰਾਜਪਾਲ ਤੋਂ ਮਨਜ਼ੂਰੀ ਮਿਲਣ ਤੋਂ ਬਾਅਦ ਏਪੀਐਸ ਦਿਓਲ ਨੂੰ ਨਵਾਂ ਐਡਵੋਕੇਟ ਜਨਰਲ ਨਿਯੁਕਤ ਕੀਤਾ ਗਿਆ। ਦਿਓਲ ਕੋਟਕਪੂਰਾ ਗੋਲੀ ਕਾਂਡ ਦੇ ਮੁਲਜ਼ਮ ਮੁਅੱਤਲ ਆਈਜੀ ਪਰਮਰਾਜ ਸਿੰਘ ਉਮਰਾਨੰਗਲ ਦੇ ਵਕੀਲ ਹਨ। ਉਨ੍ਹਾਂ ਨੇ ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ ਦਾ ਕੇਸ ਵੀ ਲੜਿਆ ਹੈ। ਉਹ ਅੰਮ੍ਰਿਤਸਰ ਇੰਪਰੂਵਮੈਂਟ ਟਰੱਸਟ ਘੁਟਾਲੇ ਦੇ ਮਾਮਲੇ 'ਚ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੇ ਵਕੀਲ ਵੀ ਰਹੇ ਹਨ ਤੇ ਉਨ੍ਹਾਂ ਨੇ ਇਹ ਕੇਸ ਜਿੱਤਵਾਇਆ ਸੀ।


ਕਾਂਗਰਸ ਦੇ ਸੀਨੀਅਰ ਆਗੂਆਂ ਸੁਖਜਿੰਦਰ ਸਿੰਘ ਰੰਧਾਵਾ, ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਨਵਜੋਤ ਸਿੱਧੂ ਨੇ ਬੇਅਦਬੀ ਮਾਮਲੇ 'ਚ ਦੋਸ਼ੀਆਂ ਨੂੰ ਨਿਆਂ ਦਿਵਾਉਣ 'ਚ ਨਾਕਾਮ ਰਹਿਣ ਲਈ ਕੈਪਟਨ ਅਮਰਿੰਦਰ ਸਿੰਘ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਉਨ੍ਹਾਂ ਨੇ ਕੈਪਟਨ ਵਿਰੁੱਧ ਬਗਾਵਤ ਕਰਨ ਤੇ ਉਨ੍ਹਾਂ ਨੂੰ ਮੁੱਖ ਮੰਤਰੀ ਦੀ ਕੁਰਸੀ ਤੋਂ ਹਟਾਉਣ 'ਚ ਵੀ ਅਹਿਮ ਭੂਮਿਕਾ ਨਿਭਾਈ ਸੀ। ਹੁਣ ਉਸੇ ਮਾਮਲੇ 'ਚ ਮੁਲਜ਼ਮ ਪੁਲਿਸ ਅਧਿਕਾਰੀ ਦਾ ਕੇਸ ਲੜਨ ਵਾਲੇ ਵਕੀਲ ਨੂੰ ਹੀ ਐਡਵੋਕੇਟ ਜਨਰਲ ਨਿਯੁਕਤ ਕਰਨ ਨਾਲ ਸਰਕਾਰ ਦੀ ਕਿਰਕਿਰੀ ਸ਼ੁਰੂ ਹੋ ਗਈ ਹੈ।


ਆਮ ਆਦਮੀ ਪਾਰਟੀ ਦੇ ਆਗੂ ਤੇ ਕੋਟਕਪੂਰਾ ਤੋਂ ਵਿਧਾਇਕ ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਬੇਅਦਬੀ ਮਾਮਲੇ 'ਚ ਸਿਆਸਤ ਕੀਤੀ ਜਾ ਰਹੀ ਹੈ। ਪਹਿਲਾਂ ਬਾਦਲ ਸਰਕਾਰ ਤੇ ਹੁਣ ਕਾਂਗਰਸ ਇਸ 'ਤੇ ਸਿਆਸਤ ਕਰ ਰਹੀ ਹੈ। ਮੁੱਖ ਮੰਤਰੀ ਚਰਨਜੀਤ ਚੰਨੀ ਵੱਲੋਂ ਏਪੀਐਸ ਦਿਓਲ ਨੂੰ ਏਜੀ ਨਿਯੁਕਤ ਕਰਨਾ ਹਿੱਤਾਂ ਦਾ ਟਕਰਾਅ ਹੈ। ਉਹ ਸਾਬਕਾ ਡੀਜੀਪੀ ਸੁਮੇਧ ਸੈਣੀ ਦੇ ਵਕੀਲ ਰਹੇ ਹਨ, ਜਿਨ੍ਹਾਂ ਨੂੰ ਇਨ੍ਹਾਂ ਮਾਮਲਿਆਂ 'ਚ ਉਨ੍ਹਾਂ ਨੇ ਜ਼ਮਾਨਤ ਦਿਵਾਈ ਹੈ। ਅਜਿਹੇ 'ਚ ਸਿੱਖਾਂ ਨੂੰ ਇਨਸਾਫ਼ ਮਿਲਣ ਦੀ ਉਮੀਦ ਨਾਂਹ ਦੇ ਬਰਾਬਰ ਹੈ।


ਭਾਰਤੀ ਜਨਤਾ ਪਾਰਟੀ ਦੇ ਸੂਬਾ ਜਨਰਲ ਸਕੱਤਰ ਡਾ. ਸੁਭਾਸ਼ ਸ਼ਰਮਾ ਨੇ ਕਾਂਗਰਸ ਸਰਕਾਰ ਵੱਲੋਂ ਕੋਟਕਪੂਰਾ ਗੋਲੀ ਕਾਂਡ ਦੇ ਦੋਸ਼ੀਆਂ ਦੇ ਵਕੀਲ ਅਮਰਪ੍ਰੀਤ ਸਿੰਘ ਦਿਓਲ ਦੀ ਪੰਜਾਬ ਸਰਕਾਰ ਦੇ ਐਡਵੋਕੇਟ ਜਨਰਲ ਵਜੋਂ ਨਿਯੁਕਤੀ 'ਤੇ ਸਖ਼ਤ ਇਤਰਾਜ਼ ਜਤਾਇਆ ਹੈ। ਉਨ੍ਹਾਂ ਕਿਹਾ ਕਿ ਹੁਣ ਪੰਜਾਬੀਆਂ ਨੂੰ ਇਸ ਸਰਕਾਰ ਤੋਂ ਨਿਆਂ ਦੀ ਆਸ ਨਹੀਂ ਰੱਖਣੀ ਚਾਹੀਦੀ। ਉਨ੍ਹਾਂ ਕਿਹਾ ਕਿ ਬੇਅਦਬੀ ਤੇ ਗੋਲੀਬਾਰੀ 'ਚ ਕਾਂਗਰਸ ਦੀ ਨੀਅਤ ਸਪਸ਼ਟ ਨਹੀਂ ਹੈ। ਪਹਿਲਾਂ ਸਾਢੇ ਚਾਰ ਸਾਲ ਕੈਪਟਨ ਅਮਰਿੰਦਰ ਸਿੰਘ ਇਸ ਮਾਮਲੇ ਨੂੰ ਲਟਕਾਉਂਦੇ ਰਹੇ ਤੇ ਹੁਣ ਦਿਓਲ ਦੀ ਨਿਯੁਕਤੀ ਕਰਕੇ ਨਵੇਂ ਮੁੱਖ ਮੰਤਰੀ ਨੇ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ ਇਹ ਕਾਂਗਰਸ ਲਈ ਸਿਰਫ਼ ਇਕ ਸਿਆਸੀ ਮੁੱਦਾ ਹੈ।


ਐਸਜੀਪੀਸੀ ਦੇ ਸਾਬਕਾ ਜਨਰਲ ਸਕੱਤਰ ਸੁਖਦੇਵ ਸਿੰਘ ਭੌਰ ਨੇ ਕਿਹਾ ਕਿ ਪਹਿਲਾਂ ਡੀਜੀਪੀ ਇਕਬਾਲ ਪ੍ਰੀਤ ਸਿੰਘ ਸਹੋਤਾ ਨੂੰ ਨਿਯੁਕਤ ਕੀਤਾ ਗਿਆ ਸੀ, ਜੋ ਬੇਅਦਬੀ ਮਾਮਲਿਆਂ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਦੇ ਮੁਖੀ ਸਨ। ਉਨ੍ਹਾਂ ਨੇ ਸਿਰਫ਼ ਬੇਗੁਨਾਹ ਸਿੱਖਾਂ ਵਿਰੁੱਧ ਕੇਸ ਦਾਇਰ ਕੀਤੇ। ਹੁਣ ਉਸ ਨੂੰ ਏਜੀ ਬਣਾ ਦਿੱਤਾ, ਜੋ ਮੁਲਜ਼ਮਾਂ ਦਾ ਵਕੀਲ ਰਿਹਾ ਹੈ।


ਇਹ ਵੀ ਪੜ੍ਹੋ: Amazon Laptop Offers: ਆਨਲਾਈਨ ਸ਼ਾਪਿੰਗ 'ਚ ਸਭ ਤੋਂ ਸਸਤੀ ਲੈਪਟਾਪ ਡੀਲ, 20 ਹਜ਼ਾਰ ਤੋਂ ਵੀ ਘੱਟ ਕੀਮਤ 'ਚ ਖਰੀਦੋ


ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:


https://play.google.com/store/apps/details?id=com.winit.starnews.hin


https://apps.apple.com/in/app/abp-live-news/id811114904