Punjab Weather: ਪਿਛਲੇ ਕੁਝ ਸਮੇਂ ਤੋਂ ਮੌਸਮ ਠੰਡ ਬਣਿਆ ਹੋਇਆ ਸੀ। ਪਰ ਪਿਛਲੇ ਦੋ ਦਿਨਾਂ ਤੋਂ ਮੌਸਮ ਦੇ ਵਿੱਚ ਗਰਮੀ ਨੇ ਤੇਜ਼ੀ ਫੜ ਲਈ ਹੈ। ਜਿਸ ਕਰਕੇ ਮੌਸਮ ਵਿਭਾਗ ਵੱਲੋਂ ਆਗਾਮੀ ਦਿਨਾਂ ਵਿਚ ਤਾਪਮਾਨ ਵਿੱਚ ਹੋਣ ਵਾਲੇ ਵਾਧੇ ਸਬੰਧੀ ਲਗਾਏ ਅਨੁਮਾਨ ਨੂੰ ਧਿਆਨ ਵਿਚ ਰੱਖਦਿਆਂ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਨੇ ਲੋਕਾਂ ਨੂੰ ਗਰਮੀ ਦੀਆਂ ਲਹਿਰਾਂ ਤੋਂ ਬਚਾਉਣ ਲਈ ਐਡਵਾਈਜ਼ਰੀ ਜਾਰੀ ਕੀਤੀ ਹੈ।


ਵਿਸ਼ੇਸ਼ ਹਦਾਇਤਾਂ 'ਤੇ ਜਾਰੀ


ਇਹ ਐਡਵਾਈਜ਼ਰੀ ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਵਿਸ਼ੇਸ਼ ਹਦਾਇਤਾਂ 'ਤੇ ਜਾਰੀ ਕੀਤੀ ਗਈ ਹੈ ਤਾਂ ਜੋ ਲੋਕ ਗਰਮੀ ਦੇ ਮੌਸਮ ਦੌਰਾਨ ਵਧੇਰੇ ਗਰਮੀ ਕਾਰਨ ਹੋਣ ਵਾਲੀਆਂ ਬਿਮਾਰੀਆਂ ਤੋਂ ਆਪਣੇ ਆਪ ਨੂੰ ਬਚਾ ਸਕਣ।


ਜ਼ਿਕਰਯੋਗ ਹੈ ਕਿ ਜੇਕਰ ਕਿਸੇ ਮੈਦਾਨੀ ਖੇਤਰ ਦਾ ਤਾਪਮਾਨ 40 ਡਿਗਰੀ ਜਾਂ ਇਸ ਤੋਂ ਵੱਧ, ਤੱਟਵਰਤੀ ਖੇਤਰਾਂ ਲਈ 37 ਡਿਗਰੀ ਜਾਂ ਇਸ ਤੋਂ ਵੱਧ ਅਤੇ ਪਹਾੜੀ ਖੇਤਰਾਂ ਲਈ 30 ਡਿਗਰੀ ਜਾਂ ਇਸ ਤੋਂ ਵੱਧ ਤੱਕ ਪਹੁੰਚ ਜਾਂਦਾ ਹੈ, ਤਾਂ ਇਸ ਸਥਿਤੀ ਨੂੰ ਗਰਮੀ ਦੀ ਲਹਿਰ ਕਿਹਾ ਜਾਂਦਾ ਹੈ। ਇਹ ਉੱਚ ਤਾਪਮਾਨ ਸਰੀਰ ਦੇ ਤਾਪਮਾਨ ਨਿਯੰਤ੍ਰਣ ਪ੍ਰਣਾਲੀ ਨੂੰ ਵਿਗਾੜਦਾ ਹੈ ਅਤੇ ਗਰਮੀ ਨਾਲ ਸਬੰਧਤ ਬਿਮਾਰੀਆਂ ਦਾ ਖਤਰਾ ਵੱਧ ਜਾਂਦਾ ਹੈ।


ਲੋਕਾਂ ਨੂੰ ਦਿੱਤੀ ਇਹ ਖ਼ਾਸ ਸਲਾਹ


ਲੋਕਾਂ ਨੂੰ ਸਿਹਤ ਵਿਭਾਗ ਵੱਲੋਂ ਜਾਰੀ ਐਡਵਾਈਜ਼ਰੀ ਦੀ ਪਾਲਣਾ ਕਰਨ ਦੀ ਅਪੀਲ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਮਈ ਅਤੇ ਜੂਨ ਦੇ ਮਹੀਨਿਆਂ ਦੌਰਾਨ ਗਰਮੀ ਦੀਆਂ ਲਹਿਰਾਂ ਚੱਲਣ ਦੀ ਸੰਭਾਵਨਾ ਜ਼ਿਆਦਾ ਹੁੰਦੀ ਹੈ ਅਤੇ ਇਸ ਸਮੇਂ ਦੌਰਾਨ ਆਮ ਲੋਕਾਂ ਦੇ ਨਾਲ-ਨਾਲ ਖਾਸ ਕਰਕੇ ਉਹਨਾਂ ਲੋਕਾਂ, ਜਿਹੜੇ ਜੋਖਮ ਸ਼੍ਰੇਣੀ ਵਿੱਚ ਆਉਂਦੇ ਹਨ, ਨੂੰ ਚੌਕਸ ਰਹਿਣ ਦੀ ਲੋੜ ਹੈ। ਉਨ੍ਹਾਂ ਸਲਾਹ ਦਿੰਦਿਆਂ ਕਿਹਾ ਕਿ ਟੀ.ਵੀ., ਰੇਡੀਓ, ਅਖਬਾਰਾਂ ਆਦਿ ਰਾਹੀਂ ਸਥਾਨਕ ਮੌਸਮ ਦੀਆਂ ਖਬਰਾਂ ਵੱਲ ਧਿਆਨ ਦਿੱਤਾ ਜਾਣਾ ਚਾਹੀਦਾ ਹੈ। ਇਸ ਤੋਂ ਇਲਾਵਾ ਮੌਸਮ ਵਿਭਾਗ ਦੀ ਵੈੱਬਸਾਈਟ http://mausam.imd.gov.in/ ਤੋਂ ਮੌਸਮ ਦੀ ਤਾਜ਼ਾ ਜਾਣਕਾਰੀ ਪ੍ਰਾਪਤ ਕੀਤੀ ਜਾ ਸਕਦੀ ਹੈ। ਲੋਕ ਪੂਰਵ ਅਨੁਮਾਨ ਦੇ ਅਨੁਸਾਰ ਆਪਣੀਆਂ ਰੋਜ਼ਾਨਾ ਦੀਆਂ ਗਤੀਵਿਧੀਆਂ ਦੀ ਯੋਜਨਾ ਬਣਾਉਣ।


ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸੂਬੇ ਦੇ ਸਮੂਹ ਸਿਵਲ ਸਰਜਨਾਂ ਨੂੰ ਇਸ ਸਬੰਧੀ ਵਿਸਥਾਰਤ ਹਦਾਇਤਾਂ ਜਾਰੀ ਕਰਨ ਦੇ ਨਾਲ-ਨਾਲ ਹੀਟ ਸਟ੍ਰੋਕ ਤੋਂ ਪ੍ਰਭਾਵਿਤ ਮਰੀਜ਼ਾਂ ਦੀ ਦੇਖਭਾਲ ਲਈ ਹਸਪਤਾਲਾਂ ਵਿੱਚ ਮੁਕੰਮਲ ਪ੍ਰਬੰਧ ਕਰਨ ਦੇ ਨਿਰਦੇਸ਼ ਦਿੱਤੇ ਗਏ ਹਨ। ਆਓ ਵਾਲੇ ਦਿਨਾਂ ਵਿੱਚ ਗਰਮੀ ਆਪਣਾ ਖਤਰਨਾਕ ਰੂਪ ਦਿਖਾ ਸਕਦੀ ਹੈ।