ਚੰਡੀਗੜ੍ਹ: ਯੂਨਾਈਟਿਡ ਅਕਾਲੀ ਦਲ ਨੇ ਮੰਗ ਕੀਤਾ ਹੈ ਕਿ ਡੇਰਾ ਮੁਖੀ ਨੂੰ ਅਕਾਲ ਤਖ਼ਤ ਵੱਲੋਂ ਮੁਆਫ਼ੀ ਦਿੱਤੇ ਜਾਣ ’ਤੇ ਸ਼੍ਰੋਮਣੀ ਕਮੇਟੀ ਵੱਲੋਂ ਦਿੱਤੇ 95 ਲੱਖ ਦੇ ਇਸ਼ਤਿਹਾਰਾਂ ਦੀ ਵਸੂਲੀ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਅਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਦੇ ਨਿੱਜੀ ਖਾਤਿਆਂ ਵਿੱਚੋਂ ਕੀਤੀ ਜਾਵੇ।
ਜਲੰਧਰ ਚ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਯੂਨਾਈਟਿਡ ਅਕਾਲੀ ਦਲ ਦੇ ਪ੍ਰਧਾਨ ਭਾਈ ਮੋਹਕਮ ਸਿੰਘ, ਸੀਨੀਅਰ ਮੀਤ ਪ੍ਰਧਾਨ ਵੱਸਣ ਸਿੰਘ ਜੱਫਰਵਾਲ, ਜਨਰਲ ਸਕੱਤਰ ਸਤਨਾਮ ਸਿੰਘ ਮਨਾਵਾ ਤੇ ਮੀਤ ਪ੍ਰਧਾਨ ਗਿਆਨੀ ਦਵਿੰਦਰ ਸਿੰਘ ਬਟਾਲਾ ਨੇ ਕਿਹਾ ਕਿ ਡੇਰਾ ਸਿਰਸਾ ਦੇ ਮੁਖੀ ਵਿਰੁੱਧ ਬਲਾਤਕਾਰ ਦੇ ਦੋਸ਼ 2002 ਵਿੱਚ ਲੱਗੇ ਸਨ, ਇਸ ਦੇ ਬਾਵਜੂਦ ਵੀ ਬਾਦਲਾਂ ਵੱਲੋਂ ਡੇਰਾ ਮੁਖੀ ਦੀ ਪੁਸ਼ਤ-ਪਨਾਹੀ ਕੀਤੀ ਜਾਂਦੀ ਰਹੀ। ਇਸ ਮਗਰੋਂ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਗੁਰਬਚਨ ਸਿੰਘ ਸਮੇਤ ਸਿੰਘ ਸਾਹਿਬਾਨ ਨੇ ਡੇਰਾ ਮੁਖੀ ਨੂੰ ਬਿਨਾਂ ਮੰਗਿਆਂ ਹੀ ਮੁਆਫ਼ੀ ਦੇ ਦਿੱਤੀ।
ਉਨ੍ਹਾਂ ਕਿਹਾ ਕਿ ਡੇਰਾ ਮੁਖੀ ਬਾਰੇ ਕੀਤੇ ਫ਼ੈਸਲੇ ਨੂੰ ਸਹੀ ਠਹਿਰਾਉਣ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਰਾਹੀਂ 95 ਲੱਖ ਰੁਪਏ ਦੇ ਇਸ਼ਤਿਹਾਰ ਦਿੱਤੇ ਗਏ ਸਨ, ਜਿਸ ਦੀ ਵਸੂਲੀ ਬਾਦਲਾਂ ਦੇ ਖਾਤਿਆਂ ਵਿੱਚੋਂ ਕੀਤੀ ਜਾਵੇ। ਉਨ੍ਹਾਂ ਡੇਰਾ ਪ੍ਰੇਮੀਆਂ ਨੂੰ ਆਪੋ-ਆਪਣੇ ਧਰਮਾਂ ਵੱਲ ਵਾਪਸ ਮੁੜਨ ਦੀ ਅਪੀਲ ਕੀਤੀ।