ਚੰਡੀਗੜ੍ਹ: ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਨੇ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲਿਆਂ ਦੀ ਜਾਇਦਾਦ ਜ਼ਬਤ ਕਰਨ ਦੀ ਮੰਗ ਕੀਤੀ ਹੈ। ਬਾਦਲ ਨੇ ਪਿੰਡ ਬੱਬੇਹਾਲੀ ਵਿਚ ਸਾਬਕਾ ਵਿਧਾਇਕ ਗੁਰਬਚਨ ਸਿੰਘ ਬੱਬੇਹਾਲੀ ਵੱਲੋਂ ਕਰਵਾਏ ਸੂਬਾ ਪੱਧਰੀ ਛਿੰਝ ਮੇਲੇ ਦੌਰਾਨ ਕਿਹਾ ਕਿ ਪੰਜਾਬ ਵਿਚ ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਦੀ ਸਜ਼ਾ ਨੂੰ ਲੈ ਕੇ ਹੋਏ ਵਿਵਾਦ ਦੌਰਾਨ ਭਾਰੀ ਨੁਕਸਾਨ ਹੋਇਆ ਹੈ ਜਿਸ ਦੀ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੂੰ ਕੋਈ ਖ਼ਬਰ ਹੀ ਨਹੀਂ ਹੈ। ਅਦਾਲਤ ਦੇ ਨਿਰਦੇਸ਼ਾਂ ਤਹਿਤ ਸਰਕਾਰੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਵਾਲੇ ਲੋਕਾਂ ਦੀ ਜਾਇਦਾਦ ਨੂੰ ਜ਼ਬਤ ਕਰ ਕੇ ਨੁਕਸਾਨ ਦੀ ਭਰਪਾਈ ਹੋਣੀ ਚਾਹੀਦੀ ਹੈ। ਸੁਖਬੀਰ ਨੇ ਕਿਹਾ ਕਿ ਉਕਤ ਵਿਵਾਦ ਦੌਰਾਨ ਪੰਜਾਬ ਵਿਚ ਕਈ ਥਾਵਾਂ 'ਤੇ ਹਿੰਸਕ ਘਟਨਾਵਾਂ ਹੋਈਆਂ ਅਤੇ ਸਰਕਾਰੀ ਤੇ ਗੈਰ ਸਰਕਾਰੀ ਸੰਪਤੀ ਦਾ ਭਾਰੀ ਨੁਕਸਾਨ ਹੋਇਆ ਪਰ ਕੈਪਟਨ ਨੂੰ ਇਸ ਸਬੰਧੀ ਕੋਈ ਜਾਣਕਾਰੀ ਹੀ ਨਹੀਂ ਹੈ।