ਚੰਡੀਗੜ੍ਹ:ਠੇਕਾ ਮੁਲਾਜ਼ਮ ਐਕਸ਼ਨ ਕਮੇਟੀ ਨੇ ‘ਸਰਕਾਰੀ ਅਣਦੇਖੀ’ ਦਾ ਗੰਭੀਰ ਨੋਟਿਸ ਲੈਂਦਿਆਂ 28 ਨਵੰਬਰ ਨੂੰ ਵਿਧਾਨ ਸਭਾ ਦਾ ਘਿਰਾਓ ਕਰਨ ਦਾ ਫ਼ੈਸਲਾ ਕੀਤਾ ਹੈ। ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਵੀ ਕੀਤਾ ਜਾਵੇਗਾ। ਐਕਸ਼ਨ ਕਮੇਟੀ ਦੇ ਆਗੂਆਂ ਨੇ ਦੱਸਿਆ ਕਿ ਹਾਲਾਂਕਿ ਕਾਂਗਰਸ ਨੇ ਵਿਧਾਨ ਸਭਾ ਚੋਣਾਂ ਵੇਲੇ ਘਰ-ਘਰ ਰੁਜ਼ਗਾਰ ਦੇਣ ਅਤੇ ਕੱਚੇ ਮੁਲਾਜ਼ਮਾਂ ਨੂੰ ਪੱਕੇ ਕਰਨ ਦਾ ਵਾਅਦਾ ਕੀਤਾ ਸੀ ਪਰ ਹੁਣ ਸਰਕਾਰ ਨੇ ਚੋਣ ਵਾਅਦੇ ਤੋਂ ਮੂੰਹ ਫੇਰ ਲਿਆ ਹੈ। ਦੱਸਣਯੋਗ ਹੈ ਕਿ ਕਿਸਾਨਾਂ ਨੇ ਵੀ ਵਿਧਾਨ ਸਭਾ ਦੇ ਘਿਰਾਓ ਦਾ ਕੱਲ੍ਹ ਐਲਾਨ ਕੀਤਾ ਹੈ। ਲੋਕ ਭਲਾਈ ਇਨਸਾਫ਼ ਵੈੱਲਫੇਅਰ ਸੁਸਾਇਟੀ, ਦੋਆਬਾ ਕਿਸਾਨ ਸੰਘਰਸ਼ ਕਮੇਟੀ ਤੇ ਹੋਰ ਕਿਸਾਨ ਜਥੇਬੰਦੀਆਂ ਵੱਲੋਂ 27 ਨਵੰਬਰ ਨੂੰ ਮੁਹਾਲੀ ਵਿੱਚ ਸੂਬਾ ਪੱਧਰੀ ਰੋਸ ਮੁਜ਼ਾਹਰਾ ਕਰਨ ਮਗਰੋਂ ਪੰਜਾਬ ਵਿਧਾਨ ਸਭਾ ਦਾ ਘਿਰਾਓ ਕਰਨ ਲਈ ਚੰਡੀਗੜ੍ਹ ਵੱਲ ਕੂਚ ਕੀਤਾ ਜਾਵੇਗਾ। ਸੰਘਰਸ਼ਸ਼ੀਲ ਆਗੂ ਬਲਦੇਵ ਸਿੰਘ ਸਿਰਸਾ ਨੇ ਦੱਸਿਆ ਕਿ ਪਿੰਡ ਪੱਧਰ ’ਤੇ ਕਿਸਾਨਾਂ ਅਤੇ ਕਾਸ਼ਤਕਾਰਾਂ ਤੇ ਖੇਤ ਮਜ਼ਦੂਰਾਂ ਦੀ ਲਾਮਬੰਦ ਕੀਤੀ ਜਾ ਰਹੀ ਹੈ ਅਤੇ ਪਿੰਡਾਂ ਦੀਆਂ ਸੱਥਾਂ ਵਿੱਚ ਨੁੱਕੜ ਮੀਟਿੰਗਾਂ ਕਰਕੇ ਸਰਕਾਰ ਵਿਰੁੱਧ ਦਿੱਤੇ ਜਾਣ ਵਾਲੇ ਧਰਨੇ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਆ ਜਾ ਰਿਹਾ ਹੈ।