Punjab News: ਪੰਜਾਬ ਸਕੂਲ ਸਿੱਖਿਆ ਵਿਭਾਗ ਵਿੱਚ 5994 ਈ.ਟੀ.ਟੀ. ਅਧਿਆਪਕਾਂ ਦੀ ਭਰਤੀ ਸਬੰਧੀ 12 ਦਸੰਬਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਕੇਸ ਦੀ ਸੁਣਵਾਈ ਹੋਈ। ਜਿਸ ਵਿੱਚ ਕੋਰਟ ਨੇ ਇਸ ਮਾਮਲੇ ਦੀ ਸੁਣਵਾਈ ਦੀ ਅਗਲੀ ਤਰੀਕ 30 ਜਨਵਰੀ, 2024 ਤੈਅ ਕਰਦਿਆਂ ਕਿਹਾ ਕਿ ਅਗਲੀ ਸੁਣਵਾਈ ਮੌਕੇ ਕੇਸ ਦੀ ਸੁਣਵਾਈ ਕੀਤੀ ਜਾ ਸਕਦੀ ਹੈ।


ਇਸ ਮਾਮਲੇ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਸਰਕਾਰ ਦੇ ਇੱਕ ਬੁਲਾਰੇ ਨੇ ਦੱਸਿਆ ਕਿ 5994 ਅਧਿਆਪਕਾਂ ਦੀ ਭਰਤੀ ਸਬੰਧੀ ਅੱਜ ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਅਮਰਜੋਤ ਭੱਟੀ ਦੀ ਅਗਵਾਈ ਵਾਲੇ ਡਬਲ ਬੈਂਚ ਕੋਲ ਸੁਣਵਾਈ ਲਈ ਕੇਸ ਲੱਗਿਆ ਸੀ।


ਸੁਣਵਾਈ ਦੌਰਾਨ ਪੰਜਾਬ ਸਰਕਾਰ ਵੱਲੋਂ ਸੀਨੀਅਰ ਡਿਪਟੀ ਐਡਵੋਕੇਟ ਜਨਰਲ ਰਮਨਦੀਪ ਸਿੰਘ ਪੰਧੇਰ ਪੇਸ਼ ਹੋਏ। ਉਨ੍ਹਾਂ ਪੰਜਾਬ ਸਰਕਾਰ ਦੇ ਪੱਖ ਨੂੰ ਜ਼ੋਰਦਾਰ ਤਰੀਕੇ ਨਾਲ ਰੱਖਦਿਆਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਏ ਗਏ ਫੈਸਲੇ ਦੇ ਨਾਲ ਮਿਲਦੇ-ਜੁਲਦੇ ਮਾਮਲਿਆਂ ਵਿੱਚ ਵੱਖ-ਵੱਖ ਕੋਰਟਾਂ ਵੱਲੋਂ ਅਤੀਤ ਵਿੱਚ ਹੱਕ ਵਿਚ ਫੈਸਲੇ ਸੁਣਾਏ ਜਾ ਚੁੱਕੇ ਹਨ। ਇਸ ਲਈ ਇਸ ਮਾਮਲੇ ਦਾ ਵੀ ਨਿਬੇੜਾ ਕੀਤਾ ਜਾਣਾ ਚਾਹੀਦਾ ਹੈ।



ਮਾਣਯੋਗ ਜਸਟਿਸ ਦੀਪਕ ਸਿੱਬਲ ਅਤੇ ਮਾਣਯੋਗ ਜਸਟਿਸ ਸੁਖਵਿੰਦਰ ਕੌਰ ਦੇ ਰੈਗੂਲਰ ਬੈਂਚ ਦੇ ਨਾ ਬੈਠਣ ਕਾਰਨ ਇਸ ਕੇਸ ਦੀ ਅਗਲੀ ਸੁਣਵਾਈ 30 ਜਨਵਰੀ 2024 ਤੈਅ ਕਰਦਿਆਂ ਕੋਰਟ ਵੱਲੋਂ ਕਿਹਾ ਗਿਆ ਕਿ ਮਿਤੀ 30 ਜਨਵਰੀ, 2024 ਤੱਕ ਜੇਕਰ ਸੁਪਰੀਮ ਕੋਰਟ ਵੱਲੋਂ ਕੋਈ ਫੈਸਲਾ ਨਹੀਂ ਸੁਣਾਇਆ ਜਾਂਦਾ ਤਾਂ ਉਹ 5994 ਮਾਮਲੇ ਸਬੰਧੀ ਦਾਇਰ ਰਿੱਟ ਪਟੀਸ਼ਨ ਦੀ ਸੁਣਵਾਈ ਸਬੰਧੀ ਫੈਸਲਾ ਲੈ ਲੈਣਗੇ।


ਇਥੇ ਇਹ ਦੱਸਣਾ ਜ਼ਰੂਰੀ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਇਸ ਭਰਤੀ ਪ੍ਰਕਿਰਿਆ ਜ਼ਲਦ ਮੁਕੰਮਲ ਕਰਨ ਲਈ ਯਤਨਸ਼ੀਲ ਹੈ। ਇਸ ਮਾਮਲੇ ਸਬੰਧੀ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਵਲੋਂ ਖੁਦ ਵਿਭਾਗੀ ਅਧਿਕਾਰੀਆਂ ਐਡਵੋਕੇਟ ਬਰਾਂਚ ਨਾਲ ਨਿੱਜੀ ਦਿਲਚਸਪੀ ਲੈ ਕੇ ਜਲਦ ਹੱਲ ਕਰਵਾਉਣ ਦੇ ਯਤਨ ਕੀਤੇ ਜਾ ਰਹੇ ਹਨ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।