ਪੰਜਾਬ ਵਿਧਾਨ ਸਭਾ ਦੇ ਪੰਜ ਦਿਨਾ ਇਜਲਾਸ ਦਾ ਐਲਾਨ
ਏਬੀਪੀ ਸਾਂਝਾ | 16 Aug 2018 12:57 PM (IST)
ਚੰਡੀਗੜ੍ਹ: ਪੰਜਾਬ ਮੰਤਰੀ ਮੰਡਲ ਨੇ ਫੈਸਲਾ ਕੀਤਾ ਹੈ ਕਿ ਵਿਧਾਨ ਸਭਾ ਦਾ ਅਗਲਾ ਇਜਲਾਸ ਆਉਣ ਵਾਲੀ 24 ਤੋਂ 28 ਅਗਸਤ ਤਕ ਰੱਖਿਆ ਜਾਵੇਗਾ। ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਿੱਚ ਹੋਈ ਕੈਬਨਿਟ ਬੈਠਕ ਵਿੱਚ ਇਹ ਫੈਸਲਾ ਲਿਆ ਗਿਆ ਹੈ। ਇਹ ਸੈਸ਼ਨ ਕਾਫੀ ਗਰਮਾਉਣ ਵਾਲਾ ਹੈ, ਕਿਉਂਕਿ ਪੰਜਾਬ ਸਰਕਾਰ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਲਈ ਬਣੇ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਕਰਨੀ ਹੈ। ਇਸ ਤੋਂ ਇਲਾਵਾ ਨਸ਼ਿਆਂ ਤੇ ਪਾਣੀਆਂ ਦੇ ਮੁੱਦੇ 'ਤੇ ਵਿਰੋਧੀ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੇ। ਮੰਤਰੀ ਮੰਡਲ ਦੇ ਫੈਸਲੇ 'ਤੇ ਸਹਿਮਤੀ ਦਿੰਦਿਆਂ ਪੰਜਾਬ ਦੇ ਗਵਰਨਰ ਵੀਪੀ ਸਿੰਘ ਬਦਨੌਰ ਨੇ 15ਵੀਂ ਪੰਜਾਬ ਵਿਧਾਨ ਸਭਾ ਦੇ ਪੰਜ ਦਿਨਾ ਚੱਲਣ ਵਾਲੇ ਪੰਜਵੇਂ ਇਜਲਾਸ ਨੂੰ ਪ੍ਰਵਾਨਗੀ ਦੇ ਦਿੱਤੀ ਹੈ। ਪੰਜਾਬ ਸਰਕਾਰ ਦੇ ਬੁਲਾਰੇ ਨੇ ਦੱਸਿਆ ਕਿ ਇਹ ਇਜਲਾਸ 24 ਅਗਸਤ ਨੂੰ ਬਾਅਦ ਦੁਪਹਿਰ ਵਿਛੜੀਆਂ ਰੂਹਾਂ ਨੂੰ ਸ਼ਰਧਾਂਜਲੀਆਂ ਨਾਲ ਸ਼ੁਰੂ ਹੋਵੇਗਾ ਤੇ 28 ਅਗਸਤ ਨੂੰ ਸਦਨ ਉਠਾ ਦਿੱਤਾ ਜਾਵੇਗਾ।