ਪੰਜਾਬ ਵਿੱਚ ਪਰਾਲੀ ਸਾੜਨ ਦੇ ਵੱਧ ਰਹੇ ਮਾਮਲਿਆਂ ਨੂੰ ਲੈ ਕੇ ਨੈਸ਼ਨਲ ਗ੍ਰੀਨ ਟ੍ਰਿਬਿਊਨਲ ਨੇ ਪੰਜਾਬ ਸਰਕਾਰ ਨੂੰ ਫਟਕਾਰ ਲਾਈ ਹੈ। ਪੰਜਾਬ ਵਿੱਚ ਪਰਾਲੀ ਸਾੜਨ ਦੇ ਮਾਮਲੇ 33 ਹਜ਼ਾਰ ਨੂੰ ਪਾਰ ਕਰ ਗਏ ਹਨ। ਜਿਸ ਨੂੰ ਦੇਖਦੇ ਸੁਪਰੀਮ ਕੋਰਟ ਅਤੇ ਐਨਜੀਟੀ ਨੇ ਸਖ਼ਤੀ ਕਰਨ ਦੇ ਹੁਕਮ ਜਾਰੀ ਕੀਤੇ ਸਨ।


ਪਰ ਲਗਾਤਾਰ ਵੱਧ ਰਹੇ ਕੇਸਾਂ ਨੂੰ ਦੇਖਦੇ ਐਨਜੀਟੀ ਨੇ ਮਾਨ ਸਰਕਾਰ ਨੂੰ ਕਿਹਾ ਕਿ ਤੁਹਾਡਾ ਪ੍ਰਸ਼ਾਸਨ ਪੂਰੀ ਤਰ੍ਹਾਂ ਨਾਲ ਫੇਲ੍ਹ ਹੈ। ਜੇਕਰ ਕੋਈ ਕਾਰਵਾਈ ਕੀਤੀ ਹੁੰਦੀ ਤਾਂ ਪਰਾਲੀ ਨਹੀਂ ਸਾੜੀ ਜਾਂਦੀ। ਐਨਜੀਟੀ ਨੇ ਸੁਣਵਾਈ ਦੌਰਾਨ ਸੈਟੇਲਾਈਟ ਦੀਆਂ ਤਸਵੀਰਾਂ ਵੀ ਦਿਖਾਈਆਂ ਤੇ ਕਿਹਾ ਕਿ ਪੰਜਾਬ ਪੂਰਾ ਲਾਲ ਹੋਇਆ ਪਿਆ ਹੈ। 


ਦਿੱਲੀ 'ਚ ਵਧਦੇ ਪ੍ਰਦੂਸ਼ਣ ਦੇ ਮੁੱਦੇ 'ਤੇ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਪੰਜਾਬ ਅਤੇ ਹਰਿਆਣਾ ਸਰਕਾਰਾਂ ਦੀ ਸਖ਼ਤ ਆਲੋਚਨਾ ਕੀਤੀ ਸੀ। ਇਸ ਤੋਂ ਬਾਅਦ ਤੁਰੰਤ ਪ੍ਰਭਾਵ ਨਾਲ ਪਰਾਲੀ ਨੂੰ ਅੱਗ ਲਗਾਉਣ ਤੋਂ ਰੋਕਣ ਅਤੇ ਕਿਸਾਨਾਂ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਆਦੇਸ਼ ਵੀ ਦਿੱਤੇ ਗਏ। ਅੱਜ ਇਕ ਵਾਰ ਫਿਰ ਸੁਪਰੀਮ ਕੋਰਟ ਦਿੱਲੀ 'ਚ ਵਧਦੇ ਪ੍ਰਦੂਸ਼ਣ ਦੇ ਮਾਮਲੇ 'ਤੇ ਸੁਣਵਾਈ ਕਰਨ ਜਾ ਰਹੀ ਹੈ। ਅੰਦਾਜ਼ਾ ਹੈ ਕਿ ਸੋਮਵਾਰ ਨੂੰ ਐਨਜੀਟੀ ਦੇ ਸਖ਼ਤ ਰਵੱਈਏ ਵਾਂਗ ਸੁਪਰੀਮ ਕੋਰਟ ਵੀ ਠੋਸ ਕਦਮ ਚੁੱਕ ਸਕਦੀ ਹੈ।


ਪੰਜਾਬ ਪੁਲਿਸ ਦੀ ਸਖ਼ਤੀ ਤੋਂ ਬਾਅਦ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਮੀ ਆਉਣ ਲੱਗੀ ਹੈ। ਡੀਜੀਪੀ ਲਾਅ ਐਂਡ ਆਰਡਰ ਅਰਪਿਤ ਸ਼ੁਕਲਾ ਦੇ ਅਨੁਸਾਰ, ਸੋਮਵਾਰ ਨੂੰ ਰਾਜ ਵਿੱਚ ਪਰਾਲੀ ਸਾੜਨ ਦੇ 634 ਮਾਮਲੇ ਸਾਹਮਣੇ ਆਏ। ਇਹ ਪਿਛਲੇ ਕੁਝ ਦਿਨਾਂ ਵਿੱਚ ਸਭ ਤੋਂ ਘੱਟ ਹੈ।


ਡੀਜੀਪੀ ਅਰਪਿਤ ਸ਼ੁਕਲਾ ਨੇ ਦੱਸਿਆ ਕਿ 8 ਨਵੰਬਰ ਤੋਂ ਹੁਣ ਤੱਕ ਪੁਲਿਸ ਟੀਮਾਂ ਨੇ 1084 ਐਫਆਈਆਰ ਦਰਜ ਕੀਤੀਆਂ ਹਨ। ਜਦਕਿ 7990 ਮਾਮਲਿਆਂ ਵਿੱਚ 1.87 ਕਰੋੜ ਰੁਪਏ ਦਾ ਜੁਰਮਾਨਾ ਲਗਾਇਆ ਗਿਆ ਹੈ। ਇਸ ਸਮੇਂ ਦੌਰਾਨ 340 ਕਿਸਾਨਾਂ ਦੇ ਮਾਲ ਰਿਕਾਰਡ ਵਿੱਚ ਲਾਲ ਐਂਟਰੀਆਂ ਵੀ ਕੀਤੀਆਂ ਗਈਆਂ ਹਨ।


 ਇਸ ਦੇ ਨਾਲ ਹੀ ਪੰਜਾਬ ਵਿੱਚ ਪਰਾਲੀ ਸਾੜਨ ਤੋਂ ਰੋਕਣ ਲਈ ਪੁਲਿਸ ਅਤੇ ਸਿਵਲ ਅਧਿਕਾਰੀਆਂ ਦੀਆਂ ਕੁੱਲ 1085 ਟੀਮਾਂ ਕੰਮ ਕਰ ਰਹੀਆਂ ਹਨ। ਇਸ ਤੋਂ ਇਲਾਵਾ ਇੱਕ ਪਾਸੇ ਜਿੱਥੇ ਕਿਸਾਨਾਂ ਨੂੰ ਮਨਾਉਣ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ, ਉੱਥੇ ਹੀ ਦੂਜੇ ਪਾਸੇ ਸੋਮਵਾਰ ਨੂੰ ਪੰਜਾਬ-ਹਰਿਆਣਾ ਭਰ ਦੇ ਜ਼ਿਲ੍ਹਿਆਂ ਦੇ ਡੀਸੀ ਦਫ਼ਤਰਾਂ ਦੇ ਬਾਹਰ 18 ਕਿਸਾਨ ਜਥੇਬੰਦੀਆਂ ਨੇ ਪ੍ਰਦਰਸ਼ਨ ਕੀਤਾ।