NHAI project in Punjab: ਪੰਜਾਬ ਵਿੱਚ NHAI ਦੇ ਚੱਲ ਰਹੇ ਪ੍ਰੋਜੈਕਟਾਂ ਵਿੱਚ ਦੇਰੀ ਕਾਰਨ ਸੂਬਾ ਸਰਕਾਰ ਨੂੰ ਕੇਂਦਰ ਨੇ ਜੋ ਘੁਰੀ ਵੱਟੀ ਸੀ ਤਾਂ ਉਸ ਤੋਂ ਬਾਅਦ ਹੁਣ ਪੰਜਾਬ ਸਰਕਾਰ ਵੀ ਇਸ ਪ੍ਰੋਜੈਕਟ ਨੂੰ ਲੈ ਕੇ ਕਾਫ਼ੀ ਸੀਰੀਅਸ ਦਿਖਾਈ ਦੇ ਰਹੀ ਹੈ। ਇਸ ਦੇ ਲਈ ਮੁੱਖ ਮੰਤਰੀ ਭਗਵੰਤ ਮਾਨ ਦਿੱਲੀ-ਅੰਮ੍ਰਿਤਸਰ-ਕਟੜਾ ਐਕਸਪ੍ਰੈੱਸਵੇਅ ਲਈ ਜ਼ਮੀਨ ਐਕੁਆਇਰ ਕੀਤੇ ਜਾਣ ਦਾ ਵਿਰੋਧ ਕਰ ਰਹੇ ਕਿਸਾਨਾਂ ਨਾਲ ਸਿੱਧੀ ਗੱਲਬਾਤ ਕਰਨਗੇ
ਲੁਧਿਆਣਾ, ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਜ਼ਿਲ੍ਹਿਆਂ 'ਚ ਜ਼ਮੀਨ ਐਕੁਆਇਰ ਕਰਨ ਵਿੱਚ ਦੇਰੀ ਕਾਰਨ ਐਕਸਪ੍ਰੈੱਸਵੇਅ ਦੇ ਕੰਮ ਦੀ ਰਫ਼ਤਾਰ ਮੱਠੀ ਪਈ ਹੈ। ਸੂਤਰਾਂ ਅਨੁਸਾਰ ਜ਼ਮੀਨ ਐਕੁਆਇਰ ਕਰਨ ਵਿੱਚ ਹੋ ਰਹੀ ਬੇਲੋੜੀ ਦੇਰੀ ਕਾਰਨ ਕੇਂਦਰ ਵੱਲੋਂ ਖਿਚਾਈ ਹੋਣ ਮਗਰੋਂ ਮੁੱਖ ਮੰਤਰੀ ਇਸ ਸਮੱਸਿਆ ਦਾ ਹੱਲ ਲੱਭਣ ਲਈ ਕਿਸਾਨਾਂ ਨਾਲ ਜਲਦੀ ਹੀ ਮੀਟਿੰਗਾਂ ਕਰਨਗੇ।
ਹਾਲ ਹੀ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਸੜਕੀ ਆਵਾਜਾਈ ਤੇ ਸ਼ਾਹਰਾਹ ਮੰਤਰੀ ਨਿਤਿਨ ਗਡਕਰੀ ਨੇ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਦੇ ਪ੍ਰਾਜੈਕਟਾਂ ਦਾ ਨੋਟਿਸ ਲੈਂਦਿਆਂ ਪੰਜਾਬ ਵਿੱਚ ਕਿਸਾਨਾਂ ਦੇ ਪ੍ਰਦਰਸ਼ਨਾਂ ਕਾਰਨ ਰੁਕੇ ਇਨ੍ਹਾਂ ਪ੍ਰਾਜੈਕਟਾਂ ਦਾ ਮੁੱਦਾ ਉਭਾਰਿਆ ਸੀ।
ਲੋਕ ਨਿਰਮਾਣ ਵਿਭਾਗ ਦੇ ਅਧਿਕਾਰੀ ਨੇ ਕਿਹਾ ਕਿ ਭਾਵੇਂ ਐਕਸਪ੍ਰੈੱਸਵੇਅ ਲਈ ਜ਼ਿਆਦਾਤਰ ਜ਼ਮੀਨ ਐਕੁਆਇਰ ਕਰ ਲਈ ਗਈ ਹੈ ਪਰ ਲੁਧਿਆਣਾ, ਤਰਨ ਤਾਰਨ, ਗੁਰਦਾਸਪੁਰ ਅਤੇ ਅੰਮ੍ਰਿਤਸਰ ਵਿੱਚ 100 ਏਕੜ ਦੇ ਕਰੀਬ ਜ਼ਮੀਨਾਂ ਹਾਲੇ ਐਕੁਆਇਰ ਹੋਣੀਆਂ ਬਾਕੀ ਹਨ, ਜੋ ਪ੍ਰਾਜੈਕਟ 'ਚ ਰੁਕਾਵਟ ਪੈਦਾ ਕਰ ਰਹੀਆਂ ਹਨ।
NHAI ਦੇ ਅਧਿਕਾਰੀਆਂ ਅਨੁਸਾਰ ਕਿਸਾਨਾਂ ਦੇ ਮੁਜ਼ਾਹਰਿਆਂ ਕਾਰਨ ਜ਼ਮੀਨ ਐਕੁਆਇਰ ਕਰਨ ਵਿੱਚ ਦੇਰੀ ਹੋ ਰਹੀ ਹੈ। ਅਧਿਕਾਰੀ ਨੇ ਕਿਹਾ, "ਉਮੀਦ ਹੈ ਕਿ ਜ਼ਮੀਨ ਮਾਲਕਾਂ ਨਾਲ ਸਿੱਧੀ ਗੱਲਬਾਤ ਰਾਹੀਂ ਸਮੱਸਿਆ ਦਾ ਹੱਲ ਨਿਕਲੇਗਾ।"