Amritpal Singh: ਆਸਾਮ ਦੀ ਡਿਬਰੂਗੜ੍ਹ ਜੇਲ੍ਹ ਅੰਦਰ ਬੰਦ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਉੱਪਰ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ (ਐਨਆਈਏ) ਦੀ ਰੇਡ ਮਗਰੋਂ ਉਨ੍ਹਾਂ ਦੇ ਹਮਾਇਤੀਆਂ ਨੇ ਪੰਜਾਬ ਤੇ ਕੇਂਦਰ ਸਰਕਾਰ ਉਪਰ ਗੰਭੀਰ ਇਲਜ਼ਾਮ ਲਾਏ ਹਨ। ਅੰਮ੍ਰਿਤਪਾਲ ਸਿੰਘ ਦੇ ਹਮਾਇਤੀਆਂ ਦਾ ਕਹਿਣਾ ਹੈ ਕਿ ਪੰਜਾਬ ਤੇ ਕੇਂਦਰ ਸਰਕਾਰ ਉਨ੍ਹਾਂ ਦੇ ਵਧਦੇ ਆਧਾਰ ਨੂੰ ਵੇਖ ਕੇ ਘਬਰਾ ਗਈ ਹੈ।
ਦਰਅਸਲ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰ ਛਾਪੇਮਾਰੀ ਤੋਂ ਬਾਅਦ ਉਨ੍ਹਾਂ ਦੀ ਟੀਮ ਵੀ ਸਰਗਰਮ ਹੋ ਗਈ ਹੈ। ਉਨ੍ਹਾਂ ਕੇਂਦਰ ਤੇ ਸੂਬਾ ਸਰਕਾਰਾਂ 'ਤੇ ਗੰਭੀਰ ਦੋਸ਼ ਲਾਏ ਹਨ। ਅੰਮ੍ਰਿਤਪਾਲ ਸਿੰਘ ਦੀ ਟੀਮ ਦੇ ਮੈਂਬਰ ਚਰਨਦੀਪ ਨੇ ਕਿਹਾ ਕਿ ਜਦੋਂ ਤੋਂ ਬਾਬਾ ਬਕਾਲਾ ਸਾਹਿਬ ਵਿਖੇ ਰੱਖੜ ਪੁੰਨਿਆ ਵਿਖੇ ਅੰਮ੍ਰਿਤਪਾਲ ਸਿੰਘ ਦੇ ਸਮਰਥਕਾਂ ਵੱਲੋਂ ਸਟੇਜ ਸਜਾਈ ਗਈ ਹੈ, ਉਦੋਂ ਤੋਂ ਕੇਂਦਰ ਤੇ ਸੂਬਾ ਸਰਕਾਰਾਂ ਘਬਰਾ ਗਈਆਂ ਹਨ।
ਉਨ੍ਹਾਂ ਨੇ ਕਿਹਾ ਕਿ ਅੱਜ ਅੰਮ੍ਰਿਤਪਾਲ ਸਿੰਘ ਦੇ ਚਾਚਾ, ਜੀਜਾ ਤੇ ਹੋਰ ਰਿਸ਼ਤੇਦਾਰਾਂ ਦੇ ਘਰ ਛਾਪੇ ਮਾਰ ਕੇ ਉਨ੍ਹਾਂ ਨੂੰ ਨਾਜਾਇਜ਼ ਤੰਗ ਪ੍ਰੇਸ਼ਾਨ ਕੀਤਾ ਗਿਆ ਹੈ। ਉਨ੍ਹਾਂ ਨੇ ਕਿਹਾ ਕਿ ਲੋਕਾਂ ਨੇ ਅੰਮ੍ਰਿਤਪਾਲ ਸਿੰਘ ਨੂੰ 1.97 ਲੱਖ ਵੋਟਾਂ ਨਾਲ ਜਤਾ ਕੇ ਲੋਕ ਸਭਾ ਭੇਜਿਆ ਹੈ ਪਰ ਸਰਕਾਰ ਉਨ੍ਹਾਂ ਨੂੰ ਰਿਹਾਅ ਕਰਨ ਦੀ ਬਜਾਏ ਪ੍ਰੇਸ਼ਾਨ ਕਰ ਰਹੀ ਹੈ।
ਦੱਸ ਦਈਏ ਕਿ ਕੌਮੀ ਜਾਂਚ ਏਜੰਸੀ (ਐਨਆਈਏ) ਨੇ ਅੱਜ ਸਵੇਰੇ 6 ਵਜੇ ਪੰਜਾਬ ਵਿੱਚ ਛਾਪੇਮਾਰੀ ਕੀਤੀ। ਅੰਮ੍ਰਿਤਸਰ 'ਚ ਟੀਮ ਨੇ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਦੇ ਘਰਾਂ 'ਤੇ ਛਾਪੇਮਾਰੀ ਕੀਤੀ।
ਰਈਆ ਦੇ ਫੇਰੂਮਾਨ ਰੋਡ 'ਤੇ ਅੰਮ੍ਰਿਤਪਾਲ ਸਿੰਘ ਦੇ ਚਾਚਾ ਪ੍ਰਗਟ ਸਿੰਘ ਦੇ ਘਰ ਪਹੁੰਚੇ ਟੀਮ ਨੇ ਪ੍ਰਗਟ ਸਿੰਘ ਦੀ ਪਤਨੀ ਨੂੰ ਹਿਰਾਸਤ ਵਿੱਚ ਲੈ ਲਿਆ। ਅਧਿਕਾਰੀ ਉਸ ਨੂੰ ਆਪਣੇ ਨਾਲ ਬਿਆਸ ਥਾਣੇ ਲੈ ਗਏ ਜਿੱਥੇ ਉਸ ਕੋਲੋਂ ਪੁੱਛਗਿੱਛ ਕੀਤੀ ਜਾ ਰਹੀ ਹੈ।
ਦੂਸਰੀ ਛਾਪੇਮਾਰੀ ਅੰਮ੍ਰਿਤਸਰ ਦੇ ਸਠਿਆਲਾ ਨੇੜੇ ਬੁਤਾਲਾ ਵਿੱਚ ਅੰਮ੍ਰਿਤਪਾਲ ਦੇ ਜੀਜਾ ਦੇ ਘਰ ਹੋਈ। ਇਸ ਦੇ ਨਾਲ ਹੀ ਟੀਮ ਨੇ ਅੰਮ੍ਰਿਤਪਾਲ ਦੇ ਜੀਜਾ ਦੇ ਜੀਜਾ ਦੇ ਘਰ ਵੀ ਛਾਪੇਮਾਰੀ ਕੀਤੀ। ਤਿੰਨੋਂ ਛਾਪੇ ਅੰਮ੍ਰਿਤਪਾਲ ਸਿੰਘ ਨਾਲ ਜੁੜੇ ਹੋਏ ਹਨ।
ਉਧਰ, ਦੱਸਿਆ ਜਾ ਰਿਹਾ ਹੈ ਕਿ ਵਿਦੇਸ਼ੀ ਫੰਡਿੰਗ ਨਾਲ ਜੁੜੇ ਸਬੂਤ ਤੇ ਜਾਣਕਾਰੀ ਇਕੱਠੀ ਕਰਨ ਲਈ NIA ਅੰਮ੍ਰਿਤਪਾਲ ਸਿੰਘ ਦੇ ਰਿਸ਼ਤੇਦਾਰਾਂ ਤੱਕ ਪਹੁੰਚੀ ਹੈ। ਦੂਜੇ ਪਾਸੇ ਅੰਮ੍ਰਿਤਪਾਲ ਦੀ ਟੀਮ ਨੇ ਕੇਂਦਰ ਤੇ ਸੂਬਾ ਸਰਕਾਰਾਂ ’ਤੇ ਤੰਗ ਪ੍ਰੇਸ਼ਾਨ ਕਰਨ ਦੇ ਦੋਸ਼ ਲਾਏ ਹਨ।