ਚੰਡੀਗੜ੍ਹ: ਸ਼੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਮਾਮਲੇ 'ਚੋਂ ਬਾਦਲਾਂ ਨੂੰ ਕਲੀਨ ਚਿੱਟ ਦੀਆਂ ਖ਼ਬਰਾਂ ਨੇ ਕਾਂਗਰਸ ਨੂੰ ਹਿਲਾ ਕੇ ਰੱਖ ਦਿੱਤਾ। ਜ਼ਿਮਨੀ ਚੋਣਾਂ ਤੋਂ ਪਹਿਲਾਂ ਇਸ ਚਰਚਾ ਨੇ ਪੰਜਾਬ ਦਾ ਸਿਆਸੀ ਪਾਰਾ ਵੀ ਚੜ੍ਹਾ ਦਿੱਤਾ। ਉਧਰ, ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਪਸ਼ਟ ਕੀਤਾ ਹੈ ਕਿ ਬੇਅਦਬੀ ਮਾਮਲੇ 'ਚੋਂ ਪ੍ਰਕਾਸ਼ ਸਿੰਘ ਬਾਦਲ ਨੂੰ ਕਲੀਨ ਚਿੱਟ ਨਹੀਂ ਦਿੱਤੀ। ਕੈਪਟਨ ਨੇ ਮੰਗਲਵਾਰ ਨੂੰ ਸਾਫ਼ ਕੀਤਾ ਹੈ ਕਿ ਉਨ੍ਹਾਂ ਨੇ ਬਰਗਾੜੀ ਕਾਂਡ, ਬੇਅਦਬੀ ਮਾਮਲੇ ਤੇ ਸੀਬੀਆਈ ਦੀ ਕਲੋਜ਼ਰ ਰਿਪੋਰਟ ਨੂੰ ਪ੍ਰਭਾਵਿਤ ਕਰਨ ਦੀਆਂ ਕੋਸ਼ਿਸ਼ਾਂ ਦੇ ਮਾਮਲੇ ‘ਚ ਬਾਦਲਾਂ ਨੂੰ ਕਲੀਨ ਚਿੱਟ ਨਹੀਂ ਦਿੱਤੀ। ਉਨ੍ਹਾਂ ਕਿਹਾ ਕਿ ਉਨ੍ਹਾਂ ਦੀ ਇੰਟਰਵਿਊ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ ਗਿਆ ਹੈ। ਉਨ੍ਹਾਂ ਸਾਫ਼ ਕੀਤਾ ਕਿ ਮੈਂ ਇਹ ਨਹੀਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਤੇ ਉਨ੍ਹਾਂ ਦਾ ਬੇਟਾ ਸੁਖਬੀਰ ਬਾਦਲ ਇਸ ਮਾਮਲੇ ‘ਚ ਸ਼ਾਮਲ ਨਹੀਂ ਸੀ। ਇੰਟਰਵਿਊ ਤੋਂ ਸਪਸ਼ਟ ਹੈ ਮੈਂ ਸਿਰਫ ਇਹ ਕਿਹਾ ਹੈ ਕਿ ਬਾਦਲ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਖੁਦ ਨਹੀਂ ਕਰਦੇ ਪਰ ਇਸ ਨਾਲ ਉਨ੍ਹਾਂ ਦੀ ਇਸ ਮਾਮਲੇ ‘ਚ ਸ਼ਮੂਲੀਅਤ ਨੂੰ ਨਕਾਰਿਆ ਨਹੀਂ ਜਾ ਸਕਦਾ।” ਮੁੱਖ ਮੰਤਰੀ ਨੇ ਕਿਹਾ ਕਿ ਬਾਦਲ ਓਨੇ ਹੀ ਜ਼ਿੰਮੇਵਾਰ ਹਨ ਜਿੰਨਾ ਅਸਲ ਬੇਅਦਬੀ ਕਰਨ ਵਾਲਾ ਸੀ। ਉਨ੍ਹਾਂ ਕਿਹਾ ਕਿ ਉਹ ਨਾ ਸਿਰਫ ਉਨ੍ਹਾਂ ਦੇ ਰਾਜ ‘ਚ ਅਜਿਹੇ ਅਪਰਾਧਾਂ ਨੂੰ ਰੋਕਣ ‘ਚ ਨਾਕਾਮਯਾਬ ਰਹੇ ਸਗੋਂ ਉਨ੍ਹਾਂ ਨੇ ਦੋਸ਼ੀਆਂ ਨੂੰ ਵੀ ਮੁਕਤ ਕਰਨ ਦੀ ਇਜਾਜ਼ਤ ਦਿੱਤੀ। ਮੁੱਖ ਮੰਤਰੀ ਨੇ ਆਪਣੇ ਬਿਆਨਾਂ ਨੂੰ ਗਲਤ ਤਰੀਕੇ ਨਾਲ ਪੇਸ਼ ਕਰਨ ਤੇ ਗਲਤ ਮੋੜ ਦੇਣ ਦੀ ਕੋਸ਼ਿਸ਼ ਕਰਨ ‘ਤੇ ਚਿੰਤਾ ਜ਼ਾਹਿਰ ਕੀਤੀ। ਉਨ੍ਹਾਂ ਕਿਹਾ ਕਿ ਬਾਦਲਾਂ ਦੀ ਸੱਤਾਂ ‘ਚ ਹੋਣ ਤੋਂ ਬਾਅਦ ਅਜਿਹੀਆਂ ਘਟਨਾਵਾਂ ਹੋਣ ਦੀ ਜ਼ਿੰਮੇਵਾਰੀ ਉਨ੍ਹਾਂ ਦੀ ਹੈ। ਇਸ ਦੇ ਨਾਲ ਉਨ੍ਹਾਂ ਕਿਹਾ ਕਿ ਉਹ (ਬਾਦਲ) ਇਸ ਮਾਮਲੇ ‘ਚ ਆਪਣੀ ਭੂਮਿਕਾ ਹੋਣ ਨੂੰ ਲੁਕਾ ਨਹੀਂ ਸਕਦੇ। ਇਸ ਦੇ ਨਾਲ ਹੀ ਕੈਪਟਨ ਨੇ ਸਵਾਲ ਚੁੱਕਿਆ ਗਿਆ ਕਿ ਮੁੱਖ ਮੰਤਰੀ ਹੋਣ ਕਰਕੇ ਮੈਂ ਅੱਜ ਸੂਬੇ ‘ਚ ਅਮਨ-ਕਾਨੂੰਨ ਦੀ ਸਥਿਤੀ ਲਈ ਜ਼ਿੰਮੇਵਾਰ ਨਹੀ ਹਾਂ? ਜੇਕਰ ਇੱਥੇ ਜ਼ੁਰਮ ਹੁੰਦਾ ਹੈ ਤਾਂ ਕੀ ਲੋਕ ਤੇ ਮੀਡੀਆ ‘ਮੇਰੇ ‘ਤੇ ਇਲਜ਼ਾਮ ਨਹੀਂ ਲਾਉਣਗੇ”?ਕੈਪਟਨ ਨੇ ਕਿਹਾ ਕਿ ਚੋਣਾਂ ਲਈ ਡੇਰੇ ਦੀ ਹਮਾਇਤ ਕਰਨਾ ਬਾਦਲਾਂ ਦੀ ਰਾਜਨੀਤਕ ਚਾਲ ਸੀ, ਪਰ ਇਸ ਨੇ ਅਪਰਾਧਿਕ ਕਰਵਾਈਆਂ ਸ਼ੁਰੂ ਕੀਤੀਆਂ। ਇਸ ਲਈ ਉਨ੍ਹਾਂ ਦੀ ਜਵਾਬਦੇਹੀ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਇਸ ਦੇ ਨਾਲ ਮੁੱਖ ਮੰਤਰੀ ਨੇ ਮੀਡੀਆ ਨੂੰ ਅਪੀਲ ਕੀਤੀ ਕਿ ਉਹ ਅਜਿਹੇ ਸੰਵੇਦਨਸ਼ੀਲ ਮੁੱਦੇ ਦੇ ਤੱਥਾਂ ਤੇ ਬਿਆਨਾਂ ਨੂੰ ਗਲਤ ਤਰੀਕੇ ਨਾਲ ਪੇਸ਼ ਨਾ ਕਰਨ। ਖਾਸਕਰ ਅਜਿਹੇ ਸਮੇਂ ਜਦੋਂ ਗੁਆਢੀ ਦੇਸ਼ ਤੋਂ ਸੂਬੇ ਨੂੰ ਰਾਸ਼ਟਰੀ ਸੁਰੱਖਿਆ ਚੁਣੌਤੀਆਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਇਸ ਦੇ ਨਾਲ ਹੀ ਸੂਬੇ ‘ਚ ਚਾਰ ਹਲਕਿਆਂ ‘ਚ ਜ਼ਿਮਨੀ ਚੋਣਾਂ ਹਨ। ਇਸ ਦੇ ਨਾਲ ਕੈਪਟਨ ਨੇ ਕਹਾ ਕਿ ਉਹ ਬਦਲਾਖੋਰੀ ਦੀ ਰਾਜਨੀਤੀ ‘ਚ ਯਕੀਨ ਨਹੀਂ ਰੱਖਦੇ।