Shiromani Akali Dal News:  ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਅਸਤੀਫੇ ਬਾਰੇ ਅਜੇ ਤੱਕ ਕੋਈ ਫੈਸਲਾ ਨਹੀਂ ਲਿਆ ਹੈ। ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਨੇ ਫੈਸਲਾ ਕੀਤਾ ਹੈ ਕਿ ਪਾਰਟੀ ਜ਼ਿਲ੍ਹਾ ਪ੍ਰਧਾਨਾਂ ਅਤੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਅਸਤੀਫ਼ੇ ਬਾਰੇ ਵਿਚਾਰ ਵਟਾਂਦਰਾ ਕਰੇਗੀ, ਉਸ ਤੋਂ ਬਾਅਦ ਹੀ ਕੋਈ ਫ਼ੈਸਲਾ ਲਿਆ ਜਾਵੇਗਾ। 




ਇਸ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦੀ ਵਰਕਿੰਗ ਕਮੇਟੀ ਦੀ ਮੀਟਿੰਗ ਤੋਂ ਪਹਿਲਾਂ ਪਾਰਟੀ ਵਰਕਰਾਂ ਨੇ ਕਮੇਟੀ ਮੈਂਬਰਾਂ ਨੂੰ ਸੁਖਬੀਰ ਸਿੰਘ ਬਾਦਲ ਦਾ ਪ੍ਰਧਾਨ ਦੇ ਅਹੁਦੇ ਤੋਂ ਦਿੱਤਾ ਅਸਤੀਫਾ ਪ੍ਰਵਾਨ ਨਾ ਕਰਨ ਦੀ ਅਪੀਲ ਕੀਤੀ। ਮੀਟਿੰਗ ਹਾਲ ਵਿੱਚ ਪਾਰਟੀ ਵਰਕਰ ਸੁਖਬੀਰ ਸਿੰਘ ਬਾਦਲ ਦੇ ਹੱਕ ਵਿੱਚ ਨਾਅਰੇਬਾਜ਼ੀ ਕਰਦੇ ਦੇਖੇ ਗਏ।


ਪਾਰਟੀ ਦੇ ਯੂਥ ਵਿੰਗ ਦੇ ਪ੍ਰਧਾਨ ਸਰਬਜੀਤ ਸਿੰਘ ਨੇ ਕਿਹਾ, "ਜੇ ਸੁਖਬੀਰ ਸਿੰਘ ਬਾਦਲ ਦਾ ਅਸਤੀਫਾ ਪ੍ਰਵਾਨ ਹੋ ਜਾਂਦਾ ਹੈ ਤਾਂ ਉਹ ਯੂਥ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਵੀ ਅਸਤੀਫਾ ਦੇ ਦੇਣਗੇ।" ਦੱਸ ਦੇਈਏ ਕਿ ਸੁਖਬੀਰ ਸਿੰਘ ਬਾਦਲ ਨੇ ਸ਼ਨੀਵਾਰ (16 ਨਵੰਬਰ) ਨੂੰ ਸ਼੍ਰੋਮਣੀ ਨੇ ਅਕਾਲੀ ਦਲ ਦੇ ਪ੍ਰਧਾਨ ਦੇ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ।


ਜ਼ਿਕਰ ਕਰ ਦਈਏ ਕਿ ਸੁਖਬੀਰ ਬਾਦਲ ਦਾ ਅਸਤੀਫਾ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਸਮੇਤ ਪਾਰਟੀ ਦੇ ਕਈ ਬਾਗੀ ਆਗੂਆਂ ਵੱਲੋਂ ਜ਼ੋਰਦਾਰ ਮੰਗ ਦੇ ਦੌਰਾਨ ਆਇਆ ਹੈ। ਉਹ ਸਾਰੇ ਚਾਹੁੰਦੇ ਸਨ ਕਿ ਵਿਧਾਨ ਸਭਾ ਤੇ ਸੰਸਦੀ ਚੋਣਾਂ ਵਿੱਚ ਪਾਰਟੀ ਦੇ ਲਗਾਤਾਰ ਨਿਰਾਸ਼ਾਜਨਕ ਪ੍ਰਦਰਸ਼ਨ ਤੋਂ ਬਾਅਦ ਅਹੁਦਾ ਛੱਡ ਦੇਣ।


2008 ਤੋਂ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ 


ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਸੁਖਬੀਰ ਸਿੰਘ ਬਾਦਲ ਨੂੰ ‘ਤਨਖਾਹੀਆ’ ਕਰਾਰ ਦਿੱਤਾ ਸੀ। ਸੁਖਬੀਰ ਸਿੰਘ ਬਾਦਲ 2008 ਤੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਨ। ਬਾਦਲ ਦੇ ਅਸਤੀਫੇ ਤੋਂ ਬਾਅਦ ਪਾਰਟੀ ਦੇ ਨਵੇਂ ਪ੍ਰਧਾਨ ਦੀ ਚੋਣ ਲਈ ਰਾਹ ਪੱਧਰਾ ਹੋ ਗਿਆ ਹੈ। 


NK ਸ਼ਰਮਾ ਨੇ ਵੀ ਦਿੱਤਾ ਅਸਤੀਫ਼ਾ


ਸ਼੍ਰੋਮਣੀ ਅਕਾਲੀ ਦਲ ਇਸ ਵੇਲੇ ਸਿਆਸੀ ਸੰਕਟ ਨਾਲ ਘਿਰਿਆ ਹੋਇਆ ਹੈ। ਸੁਖਬੀਰ ਬਾਦਲ ਦੇ ਅਸਤੀਫੇ ਤੋਂ ਬਾਅਦ ਹੁਣ ਪਾਰਟੀਆਂ ਵਿੱਚ ਅਸਤੀਫਿਆਂ ਦਾ ਦੌਰ ਸ਼ੁਰੂ ਹੋ ਗਿਆ ਹੈ। ਹੁਣ ਪਾਰਟੀ ਦੇ ਪੁਰਾਣੇ ਲੀਡਰ ਐਨਕੇ ਸ਼ਰਮਾ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿੱਪ ਤੋਂ ਦਿੱਤਾ ਅਸਤੀਫਾ ਦੇ ਦਿੱਤਾ ਹੈ। ਉਨ੍ਹਾਂ ਕਿਹਾ ਕਿ ਜਦੋਂ ਸੁਖਬੀਰ ਬਾਦਲ ਪਾਰਟੀ ਦੇ ਮੁੜ ਤੋਂ ਪ੍ਰਧਾਨ ਬਣਨਗੇ ਤਾਂ ਹੀ ਉਹ ਪਾਰਟੀ ਵਿੱਚ ਸ਼ਾਮਲ ਹੋਣਗੇ।