ਗੁਰਦਾਸਪੁਰ: ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਪਰਾਲੀ ਸਾੜਨ ਵਾਲੇ ਕਿਸਾਨਾਂ ਦੇ ਜ਼ਮੀਨੀ ਰਿਕਾਰਡ ਵਿੱਚ ਕੀਤੀ ਗਈ ਰੈੱਡ ਐਂਟਰੀ ਬਾਰੇ ਕਿਹਾ ਹੈ ਕਿ ਕਿਸਾਨਾਂ ਨੂੰ ਪ੍ਰੇਸ਼ਾਨ ਹੋਣ ਦੀ ਜ਼ਰੂਰਤ ਨਹੀਂ। ਕਿਸੇ ਵੀ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈਡ ਐਂਟਰੀ ਨਹੀਂ ਕੀਤੀ ਜਾਵੇਗੀ। ਜੇਕਰ ਕਿਸੇ ਕਿਸਾਨ ਦੇ ਜ਼ਮੀਨੀ ਰਿਕਾਰਡ ਵਿੱਚ ਰੈੱਡ ਐਂਟਰੀ ਕੀਤੀ ਗਈ ਹੈ ਤਾਂ ਉਹ ਗਲਤ ਹੈ ਕਿਉਂਕਿ ਪੰਜਾਬ ਸਰਕਾਰ ਦਾ ਅਜਿਹਾ ਕੋਈ ਏਜੰਡਾ ਨਹੀਂ ਹੈ।
ਗੁਰਦਾਸਪੁਰ ਮੰਡੀ ਵਿੱਚ ਪਹੁੰਚੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਪੰਜਾਬ ਵਿੱਚ ਹੁਣ ਤਕ 17 ਲੱਖ ਮਿਟਰਕ ਟਨ ਝੋਨੇ ਦੀ ਖਰੀਦ ਹੋ ਚੁੱਕੀ ਹੈ ਤੇ ਕਿਸਾਨਾਂ ਦੇ ਖਾਤਿਆਂ ਵਿੱਚ ਦੋ ਘੰਟਿਆਂ ਦੇ ਅੰਦਰ ਹੀ ਵੇਚੀ ਹੋਈ ਜਿਣਸ ਦੇ ਪੈਸੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਰੋਜਾਨਾ 1943 ਕਰੋੜ ਰੁਪਿਆ ਕਿਸਾਨਾਂ ਦੇ ਖਾਤਿਆਂ ਵਿੱਚ ਜਾ ਰਿਹਾ ਹੈ। ਸੰਗਰੂਰ ਵਿੱਚ ਲਾਏ ਗਏ ਕਿਸਾਨਾਂ ਦੇ ਧਰਨੇ ਬਾਰੇ ਉਨਾਂ ਨੇ ਕਿਹਾ ਕਿ ਇਹ ਕਿਸਾਨਾਂ ਦਾ ਜਮਹੂਰੀਅਤ ਹੱਕ ਹੈ। ਮਾਨ ਸਰਕਾਰ ਨੇ ਆਪਣੇ ਸਮੇਂ ਦੌਰਾਨ ਕਿਸਾਨਾਂ ਦੇ ਹਿੱਤ ਲਈ ਫੈਸਲੇ ਲਏ ਹਨ। ਆਪ ਸਰਕਾਰ ਕਿਸਾਨਾਂ ਦੇ ਨਾਲ ਹੈ।
ਐਸਵਾਈਐਲ ਮੁੱਦੇ ਨੂੰ ਲੈ ਕੇ ਹਰਿਆਣਾ ਤੇ ਪੰਜਾਬ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬਾਰੇ ਕਿਹਾ ਕਿ ਪੰਜਾਬ ਦੇ ਮੁੱਖ ਮੰਤਰੀ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਪੰਜਾਬ ਕੋਲ ਹਰਿਆਣਾ ਨੂੰ ਦੇਣ ਲਈ ਇੱਕ ਬੂੰਦ ਪਾਣੀ ਨਹੀਂ ਹੈ। ਸੂਬਾ ਸਰਕਾਰ ਲਈ ਪੰਜਾਬ ਦੇ ਹਿੱਤ ਪਹਿਲਾਂ ਹਨ।
ਬੀਐਸਐਫ ਦੇ ਜਵਾਨਾਂ ਵੱਲੋਂ ਅਜਨਾਲਾ ਵਿੱਚ ਸੁੱਟੇ ਗਏ ਪਾਕਿਸਤਾਨ ਡ੍ਰੋਨ ਮਾਮਲੇ ਤੇ ਉਨ੍ਹਾਂ ਕਿਹਾ ਕਿ ਉਹ ਬੀਐਸਐਫ ਦੇ ਜਵਾਨਾਂ ਤੇ ਪੰਜਾਬ ਪੁਲਿਸ ਦੇ ਜਵਾਨਾਂ ਨੂੰ ਵਧਾਈ ਦਿੰਦੇ ਹਨ ਕਿ ਪਾਕਿਸਤਾਨ ਵੱਲੋਂ ਕੀਤੀਆਂ ਜਾ ਰਹੀਆਂ ਨਾਪਾਕ ਹਰਕਤਾਂ ਨੂੰ ਮੂੰਹ ਤੋੜ ਜਵਾਬ ਦਿੱਤਾ ਜਾ ਰਿਹਾ ਹੈ ਤੇ ਭਵਿੱਖ ਵਿੱਚ ਵੀ ਪਾਕਿਸਤਾਨ ਦੀ ਕਿਸੇ ਵੀ ਨਾਪਾਕ ਹਰਕਤ ਨੂੰ ਕਾਮਯਾਬ ਨਹੀਂ ਹੋਣ ਦਿੱਤਾ ਜਾਵੇਗਾ।
ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।