Punjab News: ਪੰਜਾਬ ਵਿੱਚੋਂ ਬਿਜਲੀ ਸੰਕਟ ਨੂੰ ਖਤਮ ਕਰਨ ਲਈ ਭਗਵੰਤ ਮਾਨ ਸਰਕਾਰ ਐਕਸ਼ਨ ਮੋਡ ਵਿੱਚ ਹੈ। ਇਸ ਲਈ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦਣ ਤੋਂ ਬਾਅਦ ਪੰਜਾਬ ਸਰਕਾਰ ਨੇ ਹੁਣ ਇਸ ਨੂੰ ਚਲਾਉਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਸਰਕਾਰ ਗਰਮੀਆਂ ਤੇ ਝੋਨੇ ਦੇ ਸੀਜ਼ਨ ਯਾਨੀ ਜੂਨ ਤੱਕ ਇਸ ਪਲਾਂਟ ਤੋਂ ਬਿਜਲੀ ਪੈਦਾ ਕਰਨ ਦੀ ਕੋਸ਼ਿਸ਼ ਕਰ ਰਹੀ ਹੈ। ਪਲਾਂਟ ਦੀ ਸੰਭਾਲ ਲਈ ਇੱਕ ਕਮੇਟੀ ਬਣਾਈ ਗਈ ਹੈ। 



ਦੱਸ ਦਈਏ ਕਿ ਪੰਜਾਬ ਸਰਕਾਰ ਨੇ ਇਹ ਥਰਮਲ ਪਲਾਂਟ 1080 ਕਰੋੜ ਰੁਪਏ ਵਿੱਚ ਖਰੀਦਿਆ ਹੈ। 540 ਮੈਗਾਵਾਟ ਦਾ ਥਰਮਲ ਪਲਾਂਟ ਪਹਿਲਾਂ ਅੱਧੀ ਸਮਰੱਥਾ 'ਤੇ ਚੱਲ ਰਿਹਾ ਸੀ। ਹੁਣ ਇਸ ਨੂੰ ਵੱਧ ਸਮਰੱਥਾ ਨਾਲ ਚਲਾਉਣ ਲਈ ਯੋਜਨਾ ਤਿਆਰ ਕੀਤੀ ਜਾ ਰਹੀ ਹੈ ਤਾਂ ਜੋ ਲੋਕਾਂ ਨੂੰ ਬਿਜਲੀ ਲਈ ਕਿਸੇ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।



ਸਰਕਾਰ ਵੱਲੋਂ ਥਰਮਲ ਪਲਾਂਟਾਂ ਸਬੰਧੀ ਬਣਾਈ ਗਈ ਕਮੇਟੀ ਵਿੱਚ ਥਰਮਲ ਪਲਾਂਟਾਂ ਦੇ ਨਾਮਵਰ ਮਾਹਿਰਾਂ ਨੂੰ ਸ਼ਾਮਲ ਕੀਤਾ ਗਿਆ ਹੈ। ਲਹਿਰਾ ਮੁਹੱਬਤ ਥਰਮਲ ਪਲਾਂਟ ਦੇ ਚੀਫ਼ ਇੰਜਨੀਅਰ ਐਮਆਰ ਬਾਂਸਲ ਦੀ ਅਗਵਾਈ ਹੇਠ ਕਮੇਟੀ ਦਾ ਗਠਨ ਕੀਤਾ ਗਿਆ ਹੈ। ਇਸ ਕਮੇਟੀ ਵਿੱਚ ਲਹਿਰਾ ਥਰਮਲ ਦੇ ਉਪ ਮੁੱਖ ਇੰਜਨੀਅਰ ਇੰਦਰਜੀਤ ਸਿੰਘ ਸੰਧੂ, ਉਪ ਮੁੱਖ ਇੰਜਨੀਅਰ ਫਿਊਲ ਕੇਕੇ ਬਾਂਸਲ, ਰੋਪੜ ਥਰਮਲ ਪਲਾਂਟ ਦੇ ਸੁਪਰਡੈਂਟ ਇੰਜਨੀਅਰ ਰਣਜੀਤ ਸਿੰਘ, ਚੀਫ਼ ਆਡੀਟਰ ਰਾਜਨ ਗੁਪਤਾ, ਲਹਿਰਾ ਥਰਮਲ ਪਲਾਂਟ ਦੇ ਇੰਜਨੀਅਰ ਬਲਜੀਤ ਸਿੰਘ ਤੇ ਰੋਪੜ ਥਰਮਲ ਦੇ ਇੰਜਨੀਅਰ ਗੁਰਿੰਦਰ ਸਿੰਘ ਸ਼ਾਮਲ ਹਨ। 



ਹਾਸਲ ਜਾਣਕਾਰੀ ਮੁਤਾਬਕ ਥਰਮਲ ਪਲਾਂਟ ਦੀ ਪਿਛਲੇ ਲੰਮੇ ਸਮੇਂ ਤੋਂ ਮੁਰੰਮਤ ਨਹੀਂ ਹੋਈ। ਅਜਿਹੇ 'ਚ ਪਾਵਰਕੌਮ ਨੇ ਇਸ ਨੂੰ ਸ਼ੁਰੂ ਕਰਨ ਤੋਂ ਪਹਿਲਾਂ ਇਸ ਦੀਆਂ ਸਾਰੀਆਂ ਖਾਮੀਆਂ ਦਾ ਪਤਾ ਲਗਾਉਣ ਲਈ ਕੰਮ ਸ਼ੁਰੂ ਕਰ ਦਿੱਤਾ ਹੈ। ਇਸ ਦੀ ਪੂਰੀ ਰਿਪੋਰਟ ਜਲਦੀ ਹੀ ਤਿਆਰ ਕਰ ਲਈ ਜਾਵੇਗੀ। 


ਇਸ ਦੇ ਨਾਲ ਹੀ ਪਾਵਰਕੌਮ ਨੇ ਪਲਾਂਟ ਲਈ ਸ਼੍ਰੀ ਗੁਰੂ ਰਾਮਦਾਸ ਥਰਮਲ ਪਲਾਂਟ ਲਿਮਟਿਡ ਨਾਂ ਦੀ ਕੰਪਨੀ ਰਜਿਸਟਰਡ ਕੀਤੀ ਹੈ। ਸਰਕਾਰ ਇਸ ਹਫ਼ਤੇ ਜਾਂ ਅਗਲੇ ਹਫ਼ਤੇ ਤੱਕ ਪਲਾਂਟ ਦਾ ਕਬਜ਼ਾ ਲੈ ਲਵੇਗੀ। ਇਸ ਤੋਂ ਬਾਅਦ ਹਰ ਸਾਲ ਮੁਰੰਮਤ ਕੀਤੀ ਜਾਵੇਗੀ।


ਨੋਟ: ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ।ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ। ਤੁਸੀਂ ਸਾਨੂੰ ਫੇਸਬੁੱਕ, ਟਵਿੱਟਰ, ਕੂ, ਸ਼ੇਅਰਚੈੱਟ ਅਤੇ ਡੇਲੀਹੰਟ 'ਤੇ ਵੀ ਫੋਲੋ ਕਰ ਸਕਦੇ ਹੋ।