ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਾਫ਼ ਸ਼ਬਦਾਂ ਵਿਚ ਕਿਹਾ ਕਿ ਖੇਤੀ ਕਾਨੂੰਨਾਂ ਦੇ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਨੂੰ ਸਾਬੋਤਾਜ ਕਰਨ ਦਾ ਸਵਾਲ ਹੀ ਪੈਦਾ ਨਹੀਂ ਹੁੰਦਾ। ਕਿਉਂਕਿ ਉਨ੍ਹਾਂ ਦੀ ਸਰਕਾਰ ਖੁਦ ਵੀ ਇਨ੍ਹਾਂ ਕਾਨੂੰਨਾਂ ਦੀ ਜ਼ੋਰਦਾਰ ਮੁਖਾਲਫਤ ਕਰਦੀ ਹੈ। ਪਰ ਇਸ ਦੇ ਨਾਲ ਹੀ ਮੁਖ ਮੰਤਰੀ ਨੇ ਸ਼ਨੀਵਾਰ ਨੂੰ ਮੁੜ ਦੁਹਰਾਇਆ ਕਿ ਸੂਬੇ ਦੀ ਮੌਜੂਦਾ ਗੰਭੀਰ ਸਥਿਤੀ ਦੇ ਮੱਦੇਨਜ਼ਰ ਕਿਸੇ ਵੀ ਕੀਮਤ ‘ਤੇ ਹਫਤਾਵਾਰੀ ਲੌਕਡਾਊਨ ਅਤੇ ਹੋਰ ਬੰਦਿਸ਼ਾਂ ਦੀ ਉਲੰਘਣਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾ ਸਕਦੀ।
ਮੁੱਖ ਮੰਤਰੀ ਨੇ ਕਿਹਾ, ‘‘ਜ਼ਿੰਦਗੀਆਂ ਦਾਅ ‘ਤੇ ਲੱਗੀਆਂ ਹੋਈਆਂ ਹਨ ਜਿਨ੍ਹਾਂ ਨੂੰ ਬਚਾਉਣਾ ਸਾਡੀ ਮੁੱਖ ਤਰਜੀਹ ਹੈ ਅਤੇ ਇਹ ਹਰੇਕ ਪੰਜਾਬੀ ਦੀ ਵੀ ਜ਼ਿੰਮੇਵਾਰੀ ਬਣਦੀ ਹੈ।’’ ਉਨ੍ਹਾਂ ਨੇ ਭਾਰਤੀ ਕਿਸਾਨ ਯੂਨੀਅਨ (ਏਕਤਾ-ਉਗਰਾਹਾਂ) ਅਤੇ ਭਾਰਤੀ ਕਿਸਾਨ ਯੂਨੀਅਨ (ਏਕਤਾ ਡਕੌਂਦਾ) ਦੇ ਨੇਤਾਵਾਂ ਨੂੰ ਇਸ ਮੁੱਦੇ ‘ਤੇ ਬੀਤੇ ਦਿਨ ਉਨਾਂ ਵੱਲੋਂ ਕੀਤੀਆਂ ਟਿੱਪਣੀਆਂ ਨੂੰ ਹੋਰ ਰੰਗਤ ਨਾ ਦੇਣ ਦੀ ਅਪੀਲ ਕੀਤੀ ਹੈ।
ਮੁੱਖ ਮੰਤਰੀ ਨੇ ਕਿਹਾ ਕਿ ਦੋ ਜਥੇਬੰਦੀਆਂ ਦੇ ਆਗੂਆਂ ਨੇ ਖੇਤੀ ਕਾਨੂੰਨਾਂ ਖਿਲਾਫ ਚੱਲ ਰਹੇ ਕਿਸਾਨ ਅੰਦੋਲਨ ਬਾਰੇ ਉਨ੍ਹਾਂ ਦੇ ਇਰਾਦਿਆਂ ਬਾਰੇ ਸ਼ੰਕੇ ਪੈਦਾ ਕਰਨ ਲਈ ਦਿੱਤੇ ਉਨ੍ਹਾਂ ਦੇ ਬਿਆਨ ਨੂੰ ਗਲਤ ਢੰਗ ਨਾਲ ਪੇਸ਼ ਕੀਤਾ। ਮੁੱਖ ਮੰਤਰੀ ਨੇ ਪੁੱਛਿਆ, ‘‘ਸਾਡੀ ਸਰਕਾਰ ਕਿਸਾਨਾਂ ਦੇ ਹਿੱਤਾਂ ਦੇ ਖਿਲਾਫ ਕਿਵੇਂ ਜਾ ਸਕਦੀ ਹੈ ਜਦੋਂ ਕਿ ਮੇਰੀ ਸਰਕਾਰ ਦੇਸ਼ ਵਿੱਚ ਪਹਿਲੀ ਸੀ ਜਿਸ ਨੇ ਕੇਂਦਰ ਸਰਕਾਰ ਦੇ ਖਤਰਨਾਕ ਖੇਤੀ ਕਾਨੂੰਨਾਂ ਨੂੰ ਬੇਅਸਰ ਕਰਨ ਲਈ ਵਿਧਾਨ ਸਭਾ ਵਿੱਚ ਸੋਧਨਾ ਬਿੱਲ ਲਿਆਂਦੇ।’’ ਉਨ੍ਹਾਂ ਕਿਹਾ ਕਿ ਜਿੱਥੋਂ ਤੱਕ ਕੇਂਦਰੀ ਕਾਨੂੰਨਾਂ ਦਾ ਸਬੰਧ ਹੈ, ਉਨਾਂ ਦੀ ਸਰਕਾਰ ਸਪੱਸ਼ਟ ਅਤੇ ਲਗਾਤਾਰ ਇਨਾਂ ਦੇ ਖਿਲਾਫ ਹੈ।
ਸੂਬੇ ਵਿੱਚ ਸਥਿਤੀ ਦੇ ਬੇਹਦ ਗੰਭੀਰ ਹੋਣ ਦੀ ਗੱਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ 6 ਮਈ ਨੂੰ ਸੂਬੇ ਵਿੱਚ 24 ਘੰਟਿਆਂ ਅੰਦਰ 8874 ਪੌਜ਼ੇਟਿਵ ਕੇਸ ਆਏ ਜਦੋਂ ਕਿ 154 ਮੌਤਾਂ ਹੋਈਆਂ ਅਤੇ 265 ਮਰੀਜ਼ ਏਕਾਂਤਵਾਸ ਸੇਵਾਵਾਂ ਵਿੱਚ ਦਾਖਲ ਕੀਤੇ, 30 ਮਰੀਜ਼ ਉਚ ਨਿਰਭਰਤਾ ਇਕਾਈਆਂ ਅਤੇ 16 ਮਰੀਜ਼ ਵੈਂਟੀਲੇਟਰ ਸਪੋਰਟ ਉਤੇ ਰੱਖੇ ਗਏ। ਉਨਾਂ ਕਿਹਾ, ‘‘ਇਹ ਰਾਜਨੀਤੀ ਕਰਨ ਦਾ ਵੇਲਾ ਨਹੀਂ ਬਲਕਿ ਹਰੇਕ ਵਿਅਕਤੀ ਦੀ ਜਾਨ ਬਚਾਉਣ ਲਈ ਸਾਨੂੰ ਸਾਰੀਆਂ ਸ਼ਕਤੀਆਂ ਜੋੜਨ ਦੀ ਲੋੜ ਹੈ।’’
ਕੋਵਿਡ ਸੰਕਟ ਨਾਲ ਨਜਿੱਠਣ ਲਈ ਕਿਸਾਨਾਂ ਨੂੰ ਸੂਬਾ ਸਰਕਾਰ ਨੂੰ ਹਰ ਤਰਾਂ ਦੇ ਸਮਰਥਨ ਅਤੇ ਸਹਿਯੋਗ ਦੇਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਦੀਆਂ ਜ਼ਿੰਦਗੀਆਂ ਅਤੇ ਉਨਾਂ ਦੀ ਸੁਰੱਖਿਆ ਸੂਬਾ ਸਰਕਾਰ ਦੀ ਵੱਡੀ ਪਹਿਲ ਹੈ। ਉਨਾਂ ਇਹ ਦੁਹਰਾਇਆ ਕਿ ਕੋਵਿਡ ਸੰਕਟ ਦੇ ਚੱਲਦਿਆਂ ਉਹ ਕਿਸੇ ਵੀ ਪੰਜਾਬੀ ਦੀ ਜਾਨ ਨੂੰ ਖਤਰੇ ਵਿੱਚ ਨਹੀਂ ਪੈਣ ਦੇਣਗੇ।
ਇਹ ਵੀ ਪੜ੍ਹੋ: ਪੰਜਾਬ ਪੁਲਿਸ ਨੂੰ ਮਿਲੀ ਵੱਡੀ ਕਾਮਯਾਬੀ, ਗੈਂਗਸਟਰ ਗੈਵੀ ਦੇ ਪੰਜ ਸਾਥੀ ਹੈਰੋਇਨ ਅਤੇ ਹਥਿਆਰਾਂ ਸਮੇਤ ਗ੍ਰਿਫ਼ਤਾਰ
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ਕਰੋ ਐਪ ਡਾਊਨਲੋਡ:
https://play.google.com/store/apps/details?id=com.winit.starnews.hin