ਚੰਡੀਗੜ੍ਹ: ਆਮ ਆਦਮੀ ਪਾਰਟੀ ਦੇ ਦਾਖਾ ਤੋਂ ਵਿਧਾਇਕ ਹਰਵਿੰਦਰ ਸਿੰਘ ਫੂਲਕਾ ਨੇ ਮੰਗਲਵਾਰ ਨੂੰ ਆਪਣੇ ਅਸਤੀਫ਼ੇ 'ਤੇ ਅਟੱਲ ਰਹਿਣ ਦਾ ਦਾਅਵਾ ਕੀਤਾ ਹੈ। ਫੂਲਕਾ ਨੇ ਇਹ ਪ੍ਰਗਟਾਵਾ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੋਲ ਨਿੱਜੀ ਤੌਰ 'ਤੇ ਪੇਸ਼ ਹੋਣ ਤੋਂ ਬਾਅਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਵਿਅਕਤੀਗਤ ਰੂਪ ਵਿੱਚ ਵਿਧਾਨ ਸਭਾ ਦੇ ਸਪੀਕਰ ਨੂੰ ਇੱਕ ਵਾਰ ਫਿਰ ਆਪਣਾ ਅਸਤੀਫ਼ਾ ਸੌਂਪ ਦਿੱਤਾ ਹੈ।

ਫੂਲਕਾ ਨੇ ਦਾਅਵਾ ਕੀਤਾ ਹੈ ਕਿ ਉਨ੍ਹਾਂ ਬੀਤੀ 12 ਅਕਤੂਬਰ ਨੂੰ ਆਪਣਾ ਅਸਤੀਫ਼ਾ ਵਿਧਾਨ ਸਭਾ ਸਪੀਕਰ ਨੂੰ ਭੇਜਿਆ ਸੀ, ਪਰ ਇਸ 'ਤੇ ਕੋਈ ਜਵਾਬ ਨਹੀਂ ਆਇਆ। ਇਸ ਲਈ ਉਨ੍ਹਾਂ ਸਪੀਕਰ ਰਾਣਾ ਕੇਪੀ ਸਿੰਘ ਤੋਂ ਸਮਾਂ ਲੈ ਕੇ ਖ਼ੁਦ ਆਪਣਾ ਅਸਤੀਫ਼ਾ ਸੌਂਪਿਆ ਹੈ। ਫੂਲਕਾ ਨੇ ਸਪੀਕਰ ਨੂੰ ਇਹ ਵੀ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਅਸਤੀਫ਼ੇ ਨੂੰ ਪ੍ਰਵਾਨ ਕਰਕੇ 13 ਦਸੰਬਰ ਤੋਂ ਸ਼ੁਰੂ ਹੋਣ ਵਾਲੇ ਵਿਧਾਨ ਸਭਾ ਇਜਲਾਸ ਦੌਰਾਨ ਸਦਨ ਨੂੰ ਇਸ ਬਾਰੇ ਸੂਚਿਤ ਵੀ ਕਰ ਦਿੱਤਾ ਜਾਵੇ।

ਐਚਐਸ ਫੂਲਕਾ ਨੇ ਇੱਥੇ ਫਿਰ ਦਾਅਵਾ ਕੀਤਾ ਹੈ ਕਿ ਜਸਟਿਸ (ਸੇਵਾਮੁਕਤ) ਰਣਜੀਤ ਸਿੰਘ ਕਮਿਸ਼ਨ ਦੀ ਬੇਅਦਬੀ ਤੇ ਗੋਲ਼ੀਕਾਂਡਾਂ 'ਤੇ ਤਿਆਰ ਰਿਪੋਰਟ ਵਿਧਾਨ ਸਭਾ ਵਿੱਚ ਪੇਸ਼ ਹੋਣ ਤੋਂ ਬਾਅਦ ਕੈਪਟਨ ਸਰਕਾਰ ਦੇ ਮੰਤਰੀਆਂ ਨੇ ਵਾਅਦਾ ਕੀਤਾ ਸੀ ਕਿ ਤਤਕਾਲੀ ਮੁੱਖ ਮੰਤਰੀ ਤੇ ਉਪ ਮੁੱਖ ਮੰਤਰੀ ਦੇ ਨਾਲ-ਨਾਲ ਡੇਰਾ ਸਿਰਸਾ ਮੁਖੀ ਤੇ ਪੰਜਾਬ ਪੁਲਿਸ ਦੇ ਤਤਕਾਲੀ ਮੁਖੀ ਵਿਰੁੱਧ ਵੀ ਕੇਸ ਦਰਜ ਕੀਤੇ ਜਾਣਗੇ, ਪਰ ਅਜਿਹਾ ਨਹੀਂ ਹੋਇਆ। ਉਨ੍ਹਾਂ ਕਿਹਾ ਹੈ ਕਿ ਉਹ ਇਸ ਸਟੈਂਡ 'ਤੇ ਅੱਜ ਵੀ ਕਾਇਮ ਹਨ ਤੇ ਮੰਤਰੀਆਂ ਵੱਲੋਂ ਕਾਰਵਾਈ ਨਾ ਕਰਨ ਅਤੇ ਨਾਲ ਅਸਤੀਫ਼ੇ ਦੇਣ ਦੇ ਰੋਸ ਵਜੋਂ ਉਹ ਖ਼ੁਦ ਵਿਧਾਨ ਸਭਾ ਦੀ ਮੈਂਬਰੀ ਤਿਆਗ ਰਹੇ ਹਨ।