ਚੰਡੀਗੜ੍ਹ: ਪੰਜਾਬ ਸਰਕਾਰ ਤੈਅ ਸੀਮਾਂ ਤੋਂ ਵੱਧ ਜ਼ਮੀਨਾਂ ਦੇ ਮਾਲਕਾਂ ਖਿਲਾਫ ਕੋਈ ਕਾਰਵਾਈ ਨਹੀਂ ਕਰੇਗੀ। ਚੋਣਾਂ ਸਿਰ ਉੱਪਰ ਹੋਣ ਕਰਕੇ ਪੰਜਾਬ ਸਰਕਾਰ ਨੇ ਪੈਰ ਪਿਛਾਂਹ ਖਿੱਚ ਲਏ ਹਨ। ਮੁੱਖ ਮੰਤਰੀ ਚਰਨਜੀਤ ਚੰਨੀ ਨੇ 10 ਦਸੰਬਰ ਨੂੰ ਵੱਡੇ ਕਿਸਾਨਾਂ ਦੀ ਸ਼ਨਾਖ਼ਤ ਕਰਨ ਲਈ ਪੱਤਰ ਜਾਰੀ ਕੀਤਾ ਸੀ। ਇਸ ਬਾਰੇ ਚਰਚਾ ਛਿੜਨ ਮਗਰੋਂ ਸਰਕਾਰ ਨੇ ਯੂ-ਟਰਨ ਲੈ ਲਿਆ ਹੈ।
ਦੱਸ ਦਈਏ ਕਿ ਪੰਜਾਬ ਸਰਕਾਰ ਨੇ ਲੈਂਡ ਸੀਲਿੰਗ ਬਾਰੇ ਕਾਰਵਾਈ ਲਈ ਮੁਹਿੰਮ ਵਿੱਢੀ ਸੀ। ਮੁੱਖ ਮੰਤਰੀ ਨੇ ਡਿਪਟੀ ਕਮਿਸ਼ਨਰਾਂ ਨੂੰ ਪੱਤਰ ਜਾਰੀ ਕਰਕੇ ‘ਦ ਪੰਜਾਬ ਲੈਂਡ ਰਿਫਾਰਮਜ਼ ਐਕਟ-1972’ ਤਹਿਤ ਲੈਂਡ ਸੀਲਿੰਗ ਤੋਂ ਵੱਧ ਜ਼ਮੀਨ ਰੱਖਣ ਵਾਲੇ ਮਾਲਕਾਂ ਦੀ ਰਿਪੋਰਟ ਭੇਜਣ ਲਈ ਕਿਹਾ ਸੀ। ਪੰਜਾਬ ਸਰਕਾਰ ਨੇ ਚੋਣਾਂ ਤੋਂ ਐਨ ਪਹਿਲਾਂ ਜ਼ਮੀਨੀ ਸੁਧਾਰਾਂ ਸਬੰਧੀ ਹਿਲਜੁਲ ਸ਼ੁਰੂ ਕੀਤੀ ਸੀ।
ਮਾਲ ਵਿਭਾਗ ਵੱਲੋਂ ਜਾਰੀ ਪੱਤਰ 'ਚ ਕਿਹਾ ਗਿਆ ਸੀ ਕਿ 23 ਨਵੰਬਰ ਨੂੰ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਦੀ ਪ੍ਰਧਾਨਗੀ ਹੇਠ ਪੇਂਡੂ ਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਨੁਮਾਇੰਦਿਆਂ ਨਾਲ ਮੀਟਿੰਗ ਕੀਤੀ ਗਈ ਸੀ। ਇਸ ਮੀਟਿੰਗ ਦੌਰਾਨ ਮੁੱਖ ਮੰਤਰੀ ਨੇ ਵੱਧ ਜ਼ਮੀਨਾਂ ਰੱਖਣ ਵਾਲੇ ਮਾਲਕਾਂ ਦਾ ਰਿਕਾਰਡ ਮੰਗਿਆ ਸੀ।
ਕਾਬਲੇਗੌਰ ਹੈ ਕਿ ਪੰਜਾਬ ਵਿੱਚ ਇਸ ਵੇਲੇ ਕਰੀਬ 10.50 ਲੱਖ ਕਿਸਾਨ ਪਰਿਵਾਰ ਹਨ ਤੇ ਕਰੀਬ 86 ਫ਼ੀਸਦੀ ਕਿਸਾਨਾਂ ਕੋਲ ਪੰਜ ਏਕੜ ਤੋਂ ਘੱਟ ਜ਼ਮੀਨ ਦੀ ਮਾਲਕੀ ਹੈ। ਜਾਣਕਾਰੀ ਅਨੁਸਾਰ ਸੂਬੇ ਵਿਚ 14.50 ਲੱਖ ਟਿਊਬਵੈੱਲ ਕੁਨੈਕਸ਼ਨ ਹਨ, ਜਿਨ੍ਹਾਂ ’ਚੋਂ 1.82 ਲੱਖ ਕਿਸਾਨਾਂ ਕੋਲ ਦੋ ਜਾਂ ਦੋ ਤੋਂ ਜ਼ਿਆਦਾ ਕੁਨੈਕਸ਼ਨ ਹਨ। ਵੱਧ ਮੋਟਰਾਂ ਵਾਲੇ ਕਰੀਬ ਛੇ ਫ਼ੀਸਦੀ ਕਿਸਾਨ ਬਿਜਲੀ ਸਬਸਿਡੀ ਦਾ 26 ਫ਼ੀਸਦੀ ਭਾਵ 1700 ਕਰੋੜ ਲੈ ਰਹੇ ਹਨ। ਅੰਦਾਜ਼ਾ ਹੈ ਕਿ ਇਨ੍ਹਾਂ ’ਚ ਜ਼ਮੀਨੀ ਹੱਦਬੰਦੀ ਤੋਂ ਜ਼ਿਆਦਾ ਜ਼ਮੀਨਾਂ ਵਾਲੇ ਮਾਲਕ ਸ਼ਾਮਲ ਹਨ।
‘ਦ ਪੰਜਾਬ ਲੈਂਡ ਰਿਫਾਰਮਜ਼ ਐਕਟ 1972’ ਤਹਿਤ 17.50 ਏਕੜ ਦੀ ਸੀਲਿੰਗ ਹੈ। ਪੰਜਾਬ ਵਿਚ ਮੁੱਢਲੇ ਪੜਾਅ ’ਤੇ 1952 ਵਿੱਚ ਜ਼ਮੀਨੀ ਸੁਧਾਰਾਂ ਦਾ ਕੰਮ ਸ਼ੁਰੂ ਹੋਇਆ ਸੀ। ਸਰਕਾਰ ਰਿਕਾਰਡ ਅਨੁਸਾਰ ਉਦੋਂ ਜ਼ਮੀਨਾਂ ਦੀ ਮਾਲਕੀ ਦੀ ਸ਼ਨਾਖ਼ਤ ਕੀਤੀ ਗਈ ਸੀ ਤੇ ਲੈਂਡ ਰਿਫਾਰਮਜ਼ ਕਮੇਟੀ ਨੇ 9 ਮਈ 1952 ਨੂੰ ਜੋ ਰਿਪੋਰਟ ਦਿੱਤੀ ਸੀ, ਉਸ ਅਨੁਸਾਰ ਸਾਂਝੇ ਪੰਜਾਬ ਦੇ 13 ਜ਼ਿਲ੍ਹਿਆਂ ਵਿੱਚ ਕੁੱਲ 25.73 ਲੱਖ ਕਿਸਾਨ ਜ਼ਮੀਨਾਂ ਦੇ ਮਾਲਕ ਸਨ।
ਇਨ੍ਹਾਂ ’ਚੋਂ 10 ਏਕੜ ਤਕ ਦੇ ਮਾਲਕ ਕਿਸਾਨਾਂ ਦੀ ਗਿਣਤੀ 20.04 ਲੱਖ ਬਣਦੀ ਸੀ, ਜੋ 78 ਫ਼ੀਸਦੀ ਦੇ ਕਰੀਬ ਸੀ। ਸੌ ਏਕੜ ਤੋਂ 250 ਏਕੜ ਜ਼ਮੀਨ ਦੀ ਮਾਲਕੀ ਵਾਲੇ ਕਿਸਾਨਾਂ ਦੀ ਗਿਣਤੀ 9,683 ਬਣਦੀ ਸੀ ਜਦੋਂਕਿ 250 ਏਕੜ ਤੋਂ ਜ਼ਿਆਦਾ ਜ਼ਮੀਨ ਦੇ ਮਾਲਕ ਕਿਸਾਨਾਂ ਦੀ ਗਿਣਤੀ 2,002 ਬਣਦੀ ਸੀ।
ਪੰਜਾਬ 'ਚ ਵੱਧ ਜ਼ਮੀਨ ਵਾਲੇ ਕਿਸਾਨਾਂ ਦੇ ਨਹੀਂ ਹੋਣਗੇ ਰਿਕਾਰਡ ਚੈੱਕ, ਮੁੱਖ ਮੰਤਰੀ ਚੰਨੀ ਦਾ ਯੂ-ਟਰਨ
abp sanjha
Updated at:
13 Dec 2021 10:30 AM (IST)
ਪੰਜਾਬ ਸਰਕਾਰ ਤੈਅ ਸੀਮਾਂ ਤੋਂ ਵੱਧ ਜ਼ਮੀਨਾਂ ਦੇ ਮਾਲਕਾਂ ਖਿਲਾਫ ਕੋਈ ਕਾਰਵਾਈ ਨਹੀਂ ਕਰੇਗੀ। ਚੋਣਾਂ ਸਿਰ ਉੱਪਰ ਹੋਣ ਕਰਕੇ ਪੰਜਾਬ ਸਰਕਾਰ ਨੇ ਪੈਰ ਪਿਛਾਂਹ ਖਿੱਚ ਲਏ ਹਨ।
ਚਰਨਜੀਤ ਚੰਨੀ
NEXT
PREV
Published at:
13 Dec 2021 10:30 AM (IST)
- - - - - - - - - Advertisement - - - - - - - - -