ਚੰਡੀਗੜ੍ਹ: ਪੰਜਾਬ ਸਰਕਾਰ ਦੇ ਮੁਲਾਜ਼ਮਾਂ ਨੂੰ ਇਸ ਮਹੀਨੇ ਦੀ ਤਨਖਾਹ ਅਜੇ ਨਹੀਂ ਮਿਲੇਗੀ। ਉਨ੍ਹਾਂ ਨੂੰ ਤਨਖਾਹ ਲਈ ਕੁਝ ਦਿਨ ਉਡੀਕ ਕਰਨੀ ਪਏਗੀ। ਗੰਭੀਰ ਵਿੱਤੀ ਸੰਕਟ ਵਿੱਚ ਫਸੀ ਪੰਜਾਬ ਸਰਕਾਰ ਕੋਲ ਤਨਖਾਹ ਦੇਣ ਲਈ ਲੋੜੀਂਦੇ ਫੰਡ ਨਹੀਂ ਹਨ। ਉਂਝ, ਸਰਕਾਰ ਦਰਜਾ ਚਾਰ ਮੁਲਾਜ਼ਮਾਂ ਨੂੰ ਜੁਲਾਈ ਮਹੀਨੇ ਦੀ ਤਨਖ਼ਾਹ ਦੇ ਰਹੀ ਹੈ। ਦੱਸ ਦਈਏ ਕਿ ਸੂਬਾ ਸਰਕਾਰ ਨੂੰ ਪ੍ਰਤੀ ਮਹੀਨਾ ਤਨਖ਼ਾਹ ਲਈ 2303.62 ਕਰੋੜ ਰੁਪਏ ਦੀ ਲੋੜ ਹੈ।

ਉਧਰ, ਤਨਖ਼ਾਹਾਂ ਰੋਕਣ ਨਾਲ ਮੁਲਾਜ਼ਮਾਂ ਵਿੱਚ ਰੋਸ ਹੈ। ਸਾਂਝਾ ਮੁਲਾਜ਼ਮ ਮੰਚ ਦੇ ਕਨਵੀਨਰ ਮੇਘ ਸਿੰਘ ਸਿੱਧੂ, ਡੈਮੋਕ੍ਰੈਟਿਕ ਮੁਲਾਜ਼ਮ ਫੈਡਰੇਸ਼ਨ ਦੇ ਸੂਬਾ ਪ੍ਰਧਾਨ ਭੁਪਿੰਦਰ ਸਿੰਘ ਵੜੈਚ ਤੇ ਡੀਟੀਐਫ ਦੇ ਸੂਬਾ ਪ੍ਰਧਾਨ ਦਵਿੰਦਰ ਸਿੰਘ ਪੂਨੀਆ ਨੇ ਤਨਖ਼ਾਹਾਂ ਰੋਕੇ ਜਾਣ ਦੀ ਅਲੋਚਨਾ ਕੀਤੀ ਹੈ। ਉਨ੍ਹਾਂ ਕਿਹਾ ਕਿ ਕੋਵਿਡ-19 ਦੌਰਾਨ ਸਾਰੇ ਮੁਲਾਜ਼ਮ ਆਪਣੀ ਜਾਨ ਜੋਖ਼ਮ ਵਿੱਚ ਪਾ ਕੇ ਡਿਊਟੀ ਕਰ ਰਹੇ ਹਨ। ਸਰਕਾਰ ਮੁਲਾਜ਼ਮਾਂ ਨੂੰ ਹੀ ਹਮੇਸ਼ਾ ਨਿਸ਼ਾਨੇ ’ਤੇ ਲੈਂਦੀ ਹੈ ਜਦੋਂਕਿ ਵਿਧਾਇਕਾਂ ਤੇ ਵਜ਼ੀਰਾਂ ਦੀ ਕਦੇ ਕੋਈ ਤਨਖ਼ਾਹ ਨਹੀਂ ਰੁਕੀ।

ਇਸ ਬਾਰੇ ਵਿੱਤ ਵਿਭਾਗ ਦੇ ਅਧਿਕਾਰੀਆਂ ਦਾ ਕਹਿਣਾ ਹੈ ਕਿ ਜਦੋਂ ਫੰਡਾਂ ਦਾ ਪ੍ਰਬੰਧ ਹੋ ਜਾਵੇਗਾ, ਉਦੋਂ ਹੀ ਮੁਲਾਜ਼ਮਾਂ ਨੂੰ ਤਨਖ਼ਾਹਾਂ ਰਿਲੀਜ਼ ਕਰ ਦਿੱਤੀਆਂ ਜਾਣਗੀਆਂ। ਫ਼ਿਲਹਾਲ ਇਕੱਲੇ ਦਰਜਾ ਚਾਰ ਮੁਲਾਜ਼ਮਾਂ ਨੂੰ ਤਨਖ਼ਾਹ ਜਾਰੀ ਕੀਤੀ ਜਾਵੇਗੀ। ਪੰਜਾਬ ਵਿੱਚ ਕਰੀਬ 45 ਹਜ਼ਾਰ ਦਰਜਾ ਚਾਰ ਮੁਲਾਜ਼ਮ ਹਨ ਜਦਕਿ ਬਾਕੀ ਤਿੰਨ ਲੱਖ ਮੁਲਾਜ਼ਮ ਤਨਖ਼ਾਹ ਤੋਂ ਵਾਂਝੇ ਰਹਿਣਗੇ। ਸੂਤਰਾਂ ਅਨੁਸਾਰ ਵਿੱਤ ਵਿਭਾਗ ਨੇ ਜ਼ੁਬਾਨੀ ਹੁਕਮ ਜਾਰੀ ਕਰਕੇ ਤਨਖ਼ਾਹਾਂ ਰੋਕੀਆਂ ਹਨ।