Lok Sabha Election: ਅੱਜ ਦਾ ਦਿਨ ਆਮ ਆਦਮੀ ਪਾਰਟੀ ਦੀ ਸਿਆਸਤ ਲਈ ਖ਼ੁਸ਼ਖ਼ਬਰੀ ਦਾ ਦਿਨ ਹੈ ਕਿਉਂਕਿ ਸੁਪਰੀਮ ਕੋਰਟ ਨੇ ਦਿੱਲੀ ਦੇ ਮੁੱਖ ਮੰਤਰੀ ਤੇ ਆਪ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ 1 ਜੂਨ ਤੱਕ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ ਪਰ ਦੂਜੇ ਪਾਸੇ ਚੰਡੀਗੜ੍ਹ ਹਾਈਕੋਰਟ ਨੇ ਜੇਲ੍ਹ ਵਿੱਚ ਬੰਦ ਅੰਮ੍ਰਿਤਪਾਲ ਸਿੰਘ ਦੀ ਆਰਜੀ ਰਿਹਾਈ ਵਾਲੀ ਪਟੀਸ਼ਨ ਨੂੰ ਰੱਦ ਕਰ ਦਿੱਤਾ ਹੈ।


ਹਾਲਾਂਕਿ ਇਨ੍ਹਾਂ ਦੋਵਾਂ ਆਗੂਆਂ ਦਾ ਕੋਈ ਮੇਲ ਨਹੀਂ ਹੈ ਕਿਉਂਕਿ ਇੱਕ ਲੀਡਰ ਦਿੱਲੀ ਦਾ ਮੁੱਖ ਮੰਤਰੀ ਤੇ ਕੌਮੀ ਪਾਰਟੀ ਦਾ ਕਨਵੀਨਰ ਹੈ ਤੇ ਦੂਜੇ ਪਾਸੇ ਇੱਕ ਨੌਜਵਾਨ ਜੋ ਕਿ ਇੱਕ ਲੋਕ ਸਭਾ ਹਲਕੇ ਤੋਂ ਆਜ਼ਾਦ ਉਮੀਦਵਾਰ ਦੇ ਤੌਰ ਉੱਤੇ ਚੋਣ ਲੜਨਾ ਚਾਹੁੰਦਾ ਹੈ ਪਰ ਇੱਥੇ ਜੋ ਸਵਾਲ ਹੈ ਉਹ ਰਾਜਨੀਤੀ ਤੇ ਲੋਕਤੰਰਤ ਨਾਲ ਜੁੜਿਆ ਹੋਇਆ ਹੈ ਕਿਉਂਕਿ ਅਰਵਿੰਦ ਕੇਜੀਰਵਾਲ ਨੂੰ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦਿੱਤੀ ਗਈ ਹੈ ਜਦੋਂ ਕਿ ਅੰਮ੍ਰਿਤਪਾਲ ਸਿੰਘ ਨੇ ਖਡੂਰ ਸਾਹਿਬ ਸੀਟ ਤੋਂ ਚੋਣ ਲੜਨ ਲਈ ਨਾਮਜ਼ਦਗੀ ਭਰਨ ਵਾਸਤੇ 7 ਦਿਨਾਂ ਲਈ ਆਰਜੀ ਰਿਹਾਈ ਦੀ ਮੰਗ ਕੀਤੀ ਸੀ ਜਿਸ ਨੂੰ ਪੰਜਾਬ ਤੇ ਹਰਿਆਣਾ ਹਾਈਕੋਰਟ ਨੇ ਰੱਦ ਕਰ ਦਿੱਤਾ ਹੈ।


ਕੇਜਰੀਵਾਲ ਨੂੰ ਮਿਲੀ ਅੰਤਰਿਮ ਜ਼ਮਾਨਤ


ਦਿੱਲੀ ਦੇ ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਮੁਖੀ ਅਰਵਿੰਦ ਕੇਜਰੀਵਾਲ ਨੂੰ ਸੁਪਰੀਮ ਕੋਰਟ ਤੋਂ ਵੱਡੀ ਰਾਹਤ ਮਿਲੀ ਹੈ। ਸੁਪਰੀਮ ਕੋਰਟ ਨੇ ਸ਼ੁੱਕਰਵਾਰ (10 ਮਈ) ਨੂੰ ਕੇਜਰੀਵਾਲ ਨੂੰ 1 ਜੂਨ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਦਿੱਲੀ ਦੇ ਮੁੱਖ ਮੰਤਰੀ ਨੇ ਲੋਕ ਸਭਾ ਚੋਣ ਪ੍ਰਚਾਰ ਲਈ ਅੰਤਰਿਮ ਜ਼ਮਾਨਤ ਦੇਣ ਲਈ ਅਦਾਲਤ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ 1 ਜੂਨ ਤੱਕ ਅੰਤਰਿਮ ਰਿਹਾਈ ਦੇਣ ਜਾ ਰਹੇ ਹਾਂ। 2 ਜੂਨ ਨੂੰ ਆਤਮ ਸਮਰਪਣ ਕਰਨਾ ਹੋਵੇਗਾ


ਅੰਮ੍ਰਿਤਪਾਲ ਸਿੰਘ ਦੇ ਮਾਮਲੇ ਵਿੱਚ ਕੀ ਹੋਇਆ ?


ਖਾਲਿਸਤਾਨੀ ਸਮਰਥਕ ਤੇ ਵਾਰਿਸ ਪੰਜਾਬ ਦੇ ਸੰਗਠਨ ਦੇ ਮੁਖੀ ਅੰਮ੍ਰਿਤਪਾਲ ਸਿੰਘ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਚੋਣ ਲੜਨਗੇ। ਅੰਮ੍ਰਿਤਪਾਲ ਸਿੰਘ ਦੇ ਵਕੀਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਪਟੀਸ਼ਨ ਪਾਈ ਸੀ ਜਿਸ ਵਿੱਚ ਅੰਮ੍ਰਿਤਪਾਲ ਨੇ ਨਾਮਜ਼ਦਗੀ ਦਾਖ਼ਲ ਕਰਨ ਲਈ 7 ਦਿਨਾਂ ਦਾ ਸਮਾਂ ਮੰਗਿਆ ਸੀ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਫੈਸਲੇ ਵਿੱਚ ਕਿਹਾ ਕਿ ਅੰਮ੍ਰਿਤਪਾਲ ਦੀ ਨਾਮਜ਼ਦਗੀ ਦੀ ਸਾਰੀ ਪ੍ਰਕਿਰਿਆ ਡਿਬਰੂਗੜ੍ਹ ਜੇਲ੍ਹ ਦੇ ਸੁਪਰਡੈਂਟ ਸੰਭਾਲਣਗੇ। ਅਦਾਲਤ ਨੇ ਕਿਹਾ ਹੈ ਕਿ ਇਹ ਸਾਰੀ ਪ੍ਰਕਿਰਿਆ ਸੋਮਵਾਰ ਤੱਕ ਪੂਰੀ ਕਰ ਲਈ ਜਾਵੇ।


ਦੋਵਾਂ ਉੱਤੇ ਕੀ ਹੈ ਇਲਜ਼ਾਮ


ਅੰਮ੍ਰਿਤਪਾਲ ਸਿੰਘ ਨੂੰ ਸਾਲ ਪਹਿਲਾਂ ਰਾਸ਼ਟਰੀ ਸੁਰੱਖਿਆ ਕਾਨੂੰਨ (ਐਨਐਸਏ) ਤਹਿਤ ਅਸਾਮ ਦੀ ਡਿਬਰੂਗੜ੍ਹ ਵਿੱਚ ਬੰਦ ਹੈ। ਦੂਜੇ ਪਾਸੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੂੰ ਲੰਬੀ ਪੁੱਛਗਿੱਛ ਤੋਂ ਬਾਅਦ ਈਡੀ ਨੇ 21 ਮਾਰਚ ਨੂੰ ਉਨ੍ਹਾਂ ਦੇ ਘਰ ਤੋਂ ਗ੍ਰਿਫ਼ਤਾਰ ਕੀਤਾ ਸੀ। ਕੇਜਰੀਵਾਲ ਉੱਤੇ ਦਿੱਲੀ ਸ਼ਰਾਬ ਘੋਟਾਲਾ ਤੇ ਮਨੀ ਲਾਂਡ੍ਰਿਗ ਮਾਮਲੇ ਵਿੱਚ ਕਾਰਵਾਈ ਕੀਤੀ ਗਈ ਹੈ।