Punjab News: ਪੰਜਾਬ ਵਿੱਚ ਪੰਚਾਇਤੀ ਚੋਣਾਂ ਲਈ ਨਾਮਜ਼ਦਗੀਆਂ ਦਾ ਅੱਜ (ਸ਼ੁੱਕਰਵਾਰ) ਆਖਰੀ ਦਿਨ ਹੈ। ਹਾਲਾਂਕਿ ਨਾਮਜ਼ਦਗੀ ਦਾਖਲ ਕਰਨ ਦਾ ਸਮਾਂ ਦੁਪਹਿਰ 3 ਵਜੇ ਖਤਮ ਹੋ ਗਿਆ ਪਰ ਕਾਫੀ ਦੇਰ ਤੱਕ ਨਾਮਜ਼ਦਗੀ ਕੇਂਦਰਾਂ ਦੇ ਬਾਹਰ ਲੋਕਾਂ ਦੀਆਂ ਲੰਮੀਆਂ ਕਤਾਰਾਂ ਲੱਗ ਗਈਆਂ। ਕੁਝ ਥਾਵਾਂ 'ਤੇ ਮਾਮੂਲੀ ਲੜਾਈ ਦੀਆਂ ਵੀ ਖ਼ਬਰਾਂ ਹਨ।
ਦੂਜੇ ਪਾਸੇ ਸ਼੍ਰੋਮਣੀ ਅਕਾਲੀ ਦਲ ਨੇ ਪੰਚਾਇਤੀ ਚੋਣਾਂ ਨਿਰਪੱਖ ਕਰਾਉਣ ਦੇ ਮੁੱਦੇ ’ਤੇ ਸਰਕਾਰ ਨੂੰ ਘੇਰਿਆ ਹੈ। ਅਕਾਲੀ ਦਲ ਦੇ ਆਗੂਆਂ ਨੇ ਸਰਕਾਰ ਨੂੰ ਘੇਰਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਦਲਜੀਤ ਸਿੰਘ ਚੀਮਾ ਆਪਣੇ ਸੋਸ਼ਲ ਮੀਡੀਆ ਅਕਾਊਂਟ ਐਕਸ 'ਤੇ ਝੜਪ ਦੀਆਂ ਕਈ ਵੀਡੀਓ ਸਾਂਝੀਆਂ ਕੀਤੀਆਂ ਹਨ।
ਚੀਮਾ ਨੇ ਕਿਹਾ ਕਿ ਹਾਕਮ ਧਿਰ ਦੇ ਗੁੰਡਿਆਂ ਵੱਲੋਂ ਵਿਰੋਧੀ ਉਮੀਦਵਾਰਾਂ ਦੇ ਸਾਰੇ ਨਾਮਜ਼ਦਗੀ ਪੱਤਰ ਪਾੜ ਦਿੱਤੇ ਗਏ। ਇਸ ਦੇ ਨਾਲ ਹੀ ਇਸ ਮਾਮਲੇ ਨੂੰ ਲੈ ਕੇ ਅਕਾਲੀ ਦਲ ਸ਼ਾਮ ਨੂੰ ਪੰਜਾਬ ਦੇ ਚੋਣ ਕਮਿਸ਼ਨਰ ਨਾਲ ਮੁਲਾਕਾਤ ਕਰੇਗਾ।
ਇਸੇ ਤਰ੍ਹਾਂ ਮਜੀਠੀਆ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ 'ਤੇ ਪੋਸਟ ਕੀਤਾ ਹੈ ਕਿ ਆਮ ਆਦਮੀ ਪਾਰਟੀ ਮਜੀਠਾ ਇਲਾਕੇ 'ਚ ਗੁੰਡਾਗਰਦੀ ਕਰ ਰਹੀ ਹੈ। ਪੁਲਿਸ ਅਤੇ ਪ੍ਰਸ਼ਾਸਨ ਸੁਤੰਤਰ ਚੋਣਾਂ ਕਰਵਾਉਣ ਵਿੱਚ ਬੁਰੀ ਤਰ੍ਹਾਂ ਫੇਲ੍ਹ ਹੋ ਚੁੱਕੇ ਹਨ।
ਦੱਸ ਦਈਏ ਕਿ ਇਸ ਵੇਲੇ 13937 ਗ੍ਰਾਮ ਪੰਚਾਇਤਾਂ ਹਨ। ਇੱਥੇ 19110 ਪੋਲਿੰਗ ਬੂਥ ਹਨ ਅਤੇ 1,33,97,932 ਵੋਟਰ ਹਨ। ਜ਼ਿਕਰ ਕਰ ਦਈਏ ਕਿ ਪੰਜਾਬ ਰਾਜ ਚੋਣ ਕਮਿਸ਼ਨ ਨੇ 25 ਸਤੰਬਰ ਨੂੰ ਰਾਜ ਵਿੱਚ ਪੰਚਾਇਤੀ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕੀਤਾ ਸੀ। ਇਸ ਅਨੁਸਾਰ ਪੰਚ ਅਤੇ ਸਰਪੰਚ ਦੇ ਅਹੁਦਿਆਂ ਲਈ ਨਾਮਜ਼ਦਗੀਆਂ ਭਰਨ ਦਾ ਸਮਾਂ 27 ਤੋਂ ਅੱਜ ਤੱਕ ਨਿਸ਼ਚਿਤ ਕੀਤਾ ਗਿਆ ਸੀ।