ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ ਨੇ ਗਣਤੰਤਰ ਦਿਵਸ 2027 ਮੌਕੇ ਦਿੱਤੇ ਜਾਣ ਵਾਲੇ ਦੇਸ਼ ਦੇ ਸਰਵੋੱਚ ਨਾਗਰਿਕ ਸਨਮਾਨ—ਪਦਮ ਵਿਭੂਸ਼ਨ, ਪਦਮ ਭੂਸ਼ਨ ਅਤੇ ਪਦਮ ਸ਼੍ਰੀ—ਲਈ ਨਾਮਜ਼ਦਗੀਆਂ ਮੰਗੀਆਂ ਹਨ। ਸਰਕਾਰ ਨੇ ਵੱਖ-ਵੱਖ ਖੇਤਰਾਂ ਵਿੱਚ ਅਸਾਧਾਰਨ ਯੋਗਦਾਨ ਪਾਉਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ਭੇਜਣ ਦੀ ਅਪੀਲ ਕੀਤੀ ਹੈ। ਨਾਮਜ਼ਦਗੀ ਭੇਜਣ ਦੀ ਅੰਤਿਮ ਮਿਤੀ 31 ਜੁਲਾਈ 2026 ਨਿਰਧਾਰਤ ਕੀਤੀ ਗਈ ਹੈ।

Continues below advertisement

ਇਸ ਸਬੰਧੀ ਜਾਣਕਾਰੀ ਦਿੰਦਿਆਂ ਮੋਗਾ ਦੇ ਡਿਪਟੀ ਕਮਿਸ਼ਨਰ ਸਾਗਰ ਸੇਤੀਆ ਨੇ ਦੱਸਿਆ ਕਿ ਇਹ ਸਨਮਾਨ ਉਨ੍ਹਾਂ ਵਿਅਕਤੀਆਂ ਨੂੰ ਦਿੱਤੇ ਜਾਂਦੇ ਹਨ ਜਿਨ੍ਹਾਂ ਨੇ ਕਲਾ, ਸਾਹਿਤ ਤੇ ਸਿੱਖਿਆ, ਸਮਾਜ ਸੇਵਾ, ਵਿਗਿਆਨ ਅਤੇ ਇੰਜੀਨੀਅਰਿੰਗ, ਚਿਕਿਤਸਾ, ਖੇਡਾਂ, ਲੋਕ ਪ੍ਰਸ਼ਾਸਨ, ਵਪਾਰ ਅਤੇ ਉਦਯੋਗ, ਖੇਤੀਬਾੜੀ, ਵਾਤਾਵਰਨ ਸੰਭਾਲ ਸਮੇਤ ਹੋਰ ਖੇਤਰਾਂ ਵਿੱਚ ਵਿਲੱਖਣ ਅਤੇ ਸ਼ਲਾਘਾਯੋਗ ਯੋਗਦਾਨ ਪਾਇਆ ਹੈ।

ਡੀਸੀ ਸਾਗਰ ਸੇਤੀਆ ਨੇ ਕਿਹਾ ਕਿ ਸਮਾਜ ਵਿੱਚ ਅਜਿਹੇ ਕਈ ਅਣਗੌਲੇ ਨਾਇਕ ਹਨ ਜੋ ਬਿਨਾਂ ਕਿਸੇ ਪ੍ਰਚਾਰ ਦੇ ਦੇਸ਼ ਅਤੇ ਸਮਾਜ ਦੀ ਤਰੱਕੀ ਲਈ ਮਹੱਤਵਪੂਰਨ ਕੰਮ ਕਰ ਰਹੇ ਹਨ। ਉਨ੍ਹਾਂ ਅਜਿਹੀਆਂ ਪ੍ਰਤਿਭਾਵਾਂ ਨੂੰ ਸਾਹਮਣੇ ਲਿਆਉਣ ਅਤੇ ਉਨ੍ਹਾਂ ਦੇ ਨਾਮ ਪਦਮ ਪੁਰਸਕਾਰਾਂ ਲਈ ਭੇਜਣ ਦੀ ਲੋੜ 'ਤੇ ਜ਼ੋਰ ਦਿੱਤਾ।

Continues below advertisement

ਉਨ੍ਹਾਂ ਮੋਗਾ ਜ਼ਿਲ੍ਹੇ ਦੇ ਸਾਰੇ ਸਰਕਾਰੀ ਵਿਭਾਗਾਂ, ਵਿਦਿਅਕ ਅਦਾਰਿਆਂ, ਸਮਾਜਿਕ ਸੰਸਥਾਵਾਂ, ਉਦਯੋਗਿਕ ਅਤੇ ਵਪਾਰਕ ਸੰਗਠਨਾਂ, ਸਥਾਨਕ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਆਮ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਰ ਵਿੱਚ ਬੇਮਿਸਾਲ ਕੰਮ ਕਰਨ ਵਾਲੀਆਂ ਸ਼ਖ਼ਸੀਅਤਾਂ ਦੀ ਪਛਾਣ ਕਰਕੇ ਸਮੇਂ ਸਿਰ ਉਨ੍ਹਾਂ ਦੀ ਨਾਮਜ਼ਦਗੀ ਭੇਜਣ।

ਪਦਮ ਪੁਰਸਕਾਰਾਂ ਲਈ ਅਰਜ਼ੀ ਦੀ ਪੂਰੀ ਪ੍ਰਕਿਰਿਆ ਆਨਲਾਈਨ ਰੱਖੀ ਗਈ ਹੈ। ਇੱਛੁਕ ਵਿਅਕਤੀ ਜਾਂ ਸੰਸਥਾਵਾਂ ਕੇਂਦਰ ਸਰਕਾਰ ਦੇ ਅਧਿਕਾਰਤ ਪੋਰਟਲ ਰਾਹੀਂ ਆਪਣੀ ਨਾਮਜ਼ਦਗੀ ਜਮ੍ਹਾਂ ਕਰਵਾ ਸਕਦੇ ਹਨ। ਅਰਜ਼ੀ ਦੇ ਨਾਲ ਉਮੀਦਵਾਰ ਦਾ ਸੰਖੇਪ ਜੀਵਨ-ਵੇਰਵਾ, ਉਸ ਦੀਆਂ ਪ੍ਰਾਪਤੀਆਂ ਅਤੇ ਸਮਾਜ ਲਈ ਕੀਤੇ ਵਿਸ਼ੇਸ਼ ਯੋਗਦਾਨ ਦੀ ਜਾਣਕਾਰੀ ਦੇਣਾ ਲਾਜ਼ਮੀ ਹੋਵੇਗਾ।

ਪ੍ਰਸ਼ਾਸਨ ਨੇ ਯੋਗ ਉਮੀਦਵਾਰਾਂ ਦੇ ਨਾਮ ਵੱਧ ਤੋਂ ਵੱਧ ਗਿਣਤੀ ਵਿੱਚ ਭੇਜਣ ਦੀ ਅਪੀਲ ਕਰਦਿਆਂ ਕਿਹਾ ਹੈ ਕਿ ਦੇਸ਼ ਦੀ ਸੇਵਾ ਕਰਨ ਵਾਲੀਆਂ ਅਸਲ ਪ੍ਰਤਿਭਾਵਾਂ ਨੂੰ ਇਹ ਮਾਣਯੋਗ ਸਨਮਾਨ ਮਿਲਣਾ ਯਕੀਨੀ ਬਣਾਇਆ ਜਾਣਾ ਚਾਹੀਦਾ ਹੈ।