ਚੰਡੀਗੜ੍ਹ: ਪੰਜਾਬ ਦੀ ਤਰਨਤਾਰਨ ਏਸੀਜੀਐਮ ਅਦਾਲਤ ਨੇ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ, ਡਿਪਟੀ ਸਪੀਕਰ ਜੈ ਕਿਸ਼ਨ ਰੌੜੀ, ਮੰਤਰੀਆਂ ਲਾਲਜੀਤ ਸਿੰਘ ਭੁੱਲਰ, ਹਰਭਜਨ ਸਿੰਘ, ਗੁਰਮੀਤ ਸਿੰਘ ਮੀਤ ਹੇਅਰ ਅਤੇ ਵਿਧਾਇਕ ਮਨਜੀਤ ਸਿੰਘ ਬਿਲਾਸਪੁਰ ਖ਼ਿਲਾਫ਼ ਗੈਰ-ਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ‘ਆਪ’ ਆਗੂਆਂ ਵੱਲੋਂ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਸਾਲ 2020 ਵਿੱਚ ਦਿੱਤੇ ਧਰਨੇ ਖ਼ਿਲਾਫ਼ ਦਰਜ ਕੀਤੀ ਗਈ ਐਫਆਈਆਰ ਤਹਿਤ ਜਾਰੀ ਕੀਤੇ ਗਏ ਹਨ।
ਜੁਲਾਈ 2020 ਵਿੱਚ ਪੰਜਾਬ ਦੇ ਵੱਖ-ਵੱਖ ਹਿੱਸਿਆਂ ਵਿੱਚ ਨਕਲੀ ਸ਼ਰਾਬ ਕਾਰਨ ਕਈ ਜਾਨਾਂ ਚਲੀਆਂ ਗਈਆਂ ਸਨ। ਇਸ ਦੇ ਵਿਰੋਧ ਵਿੱਚ ‘ਆਪ’ ਆਗੂਆਂ ਨੇ ਤਰਨਤਾਰਨ ਦੇ ਪ੍ਰਬੰਧਕੀ ਬਲਾਕ ਦੇ ਬਾਹਰ ਤਤਕਾਲੀ ਕਾਂਗਰਸ ਸਰਕਾਰ ਖ਼ਿਲਾਫ਼ ਧਰਨਾ ਦਿੱਤਾ। ਕਾਂਗਰਸ ਸਰਕਾਰ ਨੇ ਤਰਨਤਾਰਨ ਦੇ ਥਾਣਾ ਸਦਰ 'ਚ 'ਆਪ' ਆਗੂਆਂ ਖਿਲਾਫ ਮਾਮਲਾ ਦਰਜ ਕੀਤਾ ਸੀ। ਕੇਸ ਦਰਜ ਹੋਣ ਤੋਂ ਬਾਅਦ ਮਾਮਲੇ ਦੀ ਸੁਣਵਾਈ ਏਸੀਜੀਐਮ ਬਾਗ ਸਿੰਘ ਦੀ ਅਦਾਲਤ ਵਿੱਚ ਚੱਲ ਰਹੀ ਸੀ।
ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾ ਸਮੇਤ ਹੋਰ ਮੁਲਜ਼ਮ ਵੀ ਅਦਾਲਤ ਵਿੱਚ ਪੇਸ਼ ਨਹੀਂ ਹੋਏ। ‘ਆਪ’ ਆਗੂਆਂ ਦੇ ਵਕੀਲ ਬੂਟਾ ਸਿੰਘ ਸੰਧੂ ਨੇ ਅਦਾਲਤ ਵਿੱਚ ਮੁਲਜ਼ਮਾਂ ਦੀ ਹਾਜ਼ਰੀ ਵਿੱਚ ਛੋਟ ਲਈ ਅਰਜ਼ੀ ਦਿੱਤੀ ਸੀ, ਪਰ ਜੱਜ ਨੇ ਇਹ ਕਹਿ ਕੇ ਇਹ ਅਰਜ਼ੀ ਰੱਦ ਕਰ ਦਿੱਤੀ ਕਿ ਸਾਰਿਆਂ ਦੇ ਨਾ ਹੋਣ ਕਾਰਨ ਕੇਸ ਲਟਕ ਰਿਹਾ ਹੈ। ਇਸ ਤੋਂ ਬਾਅਦ ਅਦਾਲਤ ਨੇ ਸਾਰਿਆਂ ਖਿਲਾਫ ਗੈਰ-ਜ਼ਮਾਨਤੀ ਵਾਰੰਟ ਜਾਰੀ ਕਰ ਦਿੱਤੇ ਹਨ। ਮਾਮਲੇ ਦੀ ਅਗਲੀ ਸੁਣਵਾਈ 9 ਸਤੰਬਰ ਨੂੰ ਹੋਵੇਗੀ।
ਪੰਜਾਬੀ ‘ਚ ਤਾਜ਼ਾ ਖਬਰਾਂ ਪੜ੍ਹਨ ਲਈ ABP NEWS ਦਾ ਐਪ ਡਾਊਨਲੋਡ ਕਰੋ :
Android ਫੋਨ ਲਈ ਕਲਿਕ ਕਰੋ
Iphone ਲਈ ਕਲਿਕ ਕਰੋ