ਉੱਤਰੀ-ਅਮਰੀਕਨ ਪੰਜਾਬੀ ਐਸੋਸੀਏਸ਼ਨ (ਨਾਪਾ) ਨੇ ਭਗਵੰਤ ਮਾਨ ਸਰਕਾਰ ਤੋਂ ਐਨਆਰਆਈਜ਼ ਲਈ ਅਸਲੇ ਦੇ ਲਾਇਸੈਂਸ ਮੰਗੇ ਹਨ। ਨਾਪਾ ਦੇ ਕਾਰਜਕਾਰੀ ਨਿਰਦੇਸ਼ਕ ਸਤਨਾਮ ਸਿੰਘ ਚਾਹਲ ਨੇ ਕਿਹਾ ਹੈ ਕਿ ਗੈਂਗਵਾਰ ਪਰਵਾਸੀ ਪੰਜਾਬੀਆਂ ਲਈ ਚਿੰਤਾ ਦਾ ਵਿਸ਼ਾ ਹੈ। ਉਨ੍ਹਾਂ ਪਰਵਾਸੀ ਭਾਰਤੀਆਂ ਨੂੰ ਅਸਲਾ ਲਾਇਸੈਂਸ ਦਿੱਤੇ ਜਾਣੇ ਚਾਹੀਦੇ ਹਨ ,ਜੋ ਅਸੁਰੱਖਿਅਤ ਮਹਿਸੂਸ ਕਰਦੇ ਹਨ।
ਉਨ੍ਹਾਂ ਕਿਹਾ ਕਿ ਵੇਲੇ ਸਿਰ ਨਿਆਂ ਯਕੀਨੀ ਬਣਾਉਣ ਲਈ ਪੰਜਾਬ ਵਿੱਚ ਐੱਨਆਰਆਈ ਅਦਾਲਤਾਂ ਦੀ ਗਿਣਤੀ ਵਧਾਈ ਜਾਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਪਰਵਾਸੀ ਪੰਜਾਬੀ ਜਲੰਧਰ, ਮੁਹਾਲੀ, ਲੁਧਿਆਣਾ, ਮੋਗਾ ਤੇ ਅੰਮ੍ਰਿਤਸਰ ਵਿੱਚ ਐੱਨਆਰਆਈਜ਼ ਦੀ ਸਮੱਸਿਆਵਾਂ ਬਾਰੇ ਪੰਜਾਬ ਸਰਕਾਰ ਵੱਲੋਂ ਐਲਾਨੀਆਂ ਮੀਟਿੰਗਾਂ ਬਾਰੇ ਉਤਸ਼ਾਹਿਤ ਹਨ। ਚਾਹਲ ਨੇ ਕਿਹਾ, ‘ਸੂਬੇ ਵਿੱਚ ਇਹ ਪਹਿਲੀ ਵਾਰ ਹੈ ਜਦੋਂ ਕੋਈ ਸਰਕਾਰ ਪਰਵਾਸੀ ਪੰਜਾਬੀਆਂ ਦੇ ਮੁੱਦਿਆਂ ਤੇ ਚਿੰਤਾਵਾਂ ਨੂੰ ਉਨ੍ਹਾਂ ਦੇ ਦਰਵਾਜ਼ੇ 'ਤੇ ਹੱਲ ਕਰਨ ਦੀ ਕੋਸ਼ਿਸ਼ ਕਰ ਰਹੀ ਹੈ।’
ਦੱਸ ਦੇਈਏ ਕਿ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ 'ਤੇ ਇਹ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਤਹਿਤ ਲਾਇਸੈਂਸਧਾਰਕਾਂ ਦੇ ਪਤੇ ਦੀ ਤਸਦੀਕ ਕਰਨ ਦੇ ਨਾਲ-ਨਾਲ ਲਾਇਸੈਂਸਸ਼ੁਦਾ ਹਥਿਆਰਾਂ ਦੀ ਪੜਤਾਲ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਅੱਗੇ ਦੱਸਿਆ ਕਿ ਲੋਕਾਂ ਨੂੰ ਹਥਿਆਰਾਂ ਦੇ ਪ੍ਰਦਰਸ਼ਨ ਤੋਂ ਰੋਕਣ ਲਈ ਸੋਸ਼ਲ ਮੀਡੀਆ ਪਲੇਟਫਾਰਮਾਂ ਤੋਂ ਹਥਿਆਰਾਂ ਨਾਲ ਆਪਣੀਆਂ ਤਸਵੀਰਾਂ ਹਟਾਉਣ ਲਈ 72 ਘੰਟਿਆਂ ਦਾ ਸਮਾਂ ਦਿੱਤਾ ਗਿਆ ਸੀ।