Punjab News: ਪੰਜਾਬ ਸਰਕਾਰ ਵੱਲੋਂ ਸੜਕ ਸੁਰੱਖਿਆ ਫੋਰਸ (SSF) ਲਈ ਖਰੀਦੀਆਂ ਗਈਆਂ 144 ਟੋਇਟਾ ਹਾਈਲਕਸ ਗੱਡੀਆਂ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਹੈ। ਕਾਂਗਰਸ ਦੇ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਇਸ ਖਰੀਦ ਵਿੱਚ ਕਰੋੜਾਂ ਦਾ ਘਪਲਾ ਹੋਣ ਦਾ ਲਗਾਤਾਰ ਦੋਸ਼ ਲਾ ਰਹੇ ਹਨ। ਇਸ ਨੂੰ ਲੈ ਕੇ ਖਹਿਰਾ ਨੇ ਮੁੜ ਤੋਂ ਵੱਡੇ ਸਵਾਲ ਖੜ੍ਹੇ ਕੀਤੇ ਹਨ।
ਸੁਖਪਾਲ ਸਿੰਘ ਖਹਿਰਾ ਨੇ ਸੋਸ਼ਲ ਮੀਡੀਆ ਉੱਤੇ ਆਪਣੇ ਬਿਆਨ ਵਿੱਚ ਕਿਹਾ ਕਿ ਪੰਜ ਦਿਨ ਬੀਤ ਜਾਣ ਤੋਂ ਬਾਅਦ ਵੀ ਮੁੱਖ ਮੰਤਰੀ ਭਗਵੰਤ ਮਾਨ ਦੀ ਸਰਕਾਰ, ਆਮ ਆਦਮੀ ਪਾਰਟੀ ਦੇ ਆਗੂ ਜਾਂ ਪੰਜਾਬ ਪੁਲਿਸ ਦੇ ਡੀਜੀਪੀ ਵੱਲੋਂ ਕੋਈ ਜਵਾਬ ਨਹੀਂ ਆਇਆ ਹੈ।
ਖਹਿਰਾ ਦਾ ਦਾਅਵਾ ਹੈ ਕਿ ਉਨ੍ਹਾਂ ਨੂੰ ਜਾਣਕਾਰੀ ਮਿਲੀ ਹੈ ਕਿ ਭਗਵੰਤ ਮਾਨ ਦੇ ਕਾਰਜਕਾਲ ਦੌਰਾਨ ਸਕੋਰਪੀਓ ਅਤੇ ਹੋਰ ਗੱਡੀਆਂ ਦੀ ਖਰੀਦ ਵਿੱਚ ਵੀ ਇਸੇ ਤਰ੍ਹਾਂ ਦਾ ਕਮਿਸ਼ਨ ਦਿੱਤਾ ਗਿਆ ਸੀ। ਉਨ੍ਹਾਂ ਦੋਸ਼ ਲਗਾਇਆ ਕਿ ਸਰਕਾਰ ਦਾ ਇੱਕ ਮੀਡੀਆ ਸਲਾਹਕਾਰ ਇਨ੍ਹਾਂ ਸ਼ੱਕੀ ਸੌਦਿਆਂ ਵਿੱਚ ਕੜੀ ਦਾ ਕੰਮ ਕਰਦਾ ਹੈ।
ਇਸ ਮੌਕੇ ਕਾਂਗਰਸ ਆਗੂ ਨੇ ਮੁੱਖ ਧਾਰਾ ਮੀਡੀਆ ਦੀ ਚੁੱਪ ਉੱਤੇ ਹੈਰਾਨੀ ਜ਼ਾਹਿਰ ਕੀਤੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਨੇ ਮੁੱਖ ਮੰਤਰੀ ਜਾਂ ਉਨ੍ਹਾਂ ਦੇ ਮੰਤਰੀਆਂ ਜਿਵੇਂ ਕਿ ਹਰਪਾਲ ਚੀਮਾ ਤੋਂ ਇਸ ਘੁਟਾਲੇ ਬਾਰੇ ਇੱਕ ਵੀ ਸਵਾਲ ਨਹੀਂ ਪੁੱਛਿਆ, ਜਦੋਂ ਕਿ ਇਹ ਰੋਜ਼ਾਨਾ ਪ੍ਰੈਸ ਕਾਨਫਰੰਸਾਂ ਕਰਦੇ ਰਹਿੰਦੇ ਹਨ।
ਫਿਲਹਾਲ ਆਮ ਆਦਮੀ ਪਾਰਟੀ ਦੀ ਸਰਕਾਰ ਜਾਂ ਪੁਲਿਸ ਵਿਭਾਗ ਵੱਲੋਂ ਇਨ੍ਹਾਂ ਦੋਸ਼ਾਂ ਬਾਰੇ ਕੋਈ ਅਧਿਕਾਰਿਕ ਬਿਆਨ ਜਾਰੀ ਨਹੀਂ ਕੀਤਾ ਗਿਆ ਹੈ। ਜਨਤਾ ਇਸ ਮਾਮਲੇ ਵਿੱਚ ਸਪੱਸ਼ਟੀਕਰਨ ਦਾ ਇੰਤਜ਼ਾਰ ਕਰ ਰਹੀ ਹੈ।
ਨੋਟ : - ਪੰਜਾਬੀ ਦੀਆਂ ਬ੍ਰੇਕਿੰਗ ਖ਼ਬਰਾਂ ਪੜ੍ਹਨ ਲਈ ਤੁਸੀਂ ਸਾਡੇ ਐਪ ਨੂੰ ਡਾਊਨਲੋਡ ਕਰ ਸਕਦੇ ਹੋ। ਜੇ ਤੁਸੀਂ ਵੀਡੀਓ ਵੇਖਣਾ ਚਾਹੁੰਦੇ ਹੋ ਤਾਂ ABP ਸਾਂਝਾ ਦੇ YouTube ਚੈਨਲ ਨੂੰ Subscribe ਕਰ ਲਵੋ। ABP ਸਾਂਝਾ ਸਾਰੇ ਸੋਸ਼ਲ ਮੀਡੀਆ ਪਲੇਟਫਾਰਮਾਂ ਤੇ ਉਪਲੱਬਧ ਹੈ।