ਨਵੀਂ ਦਿੱਲੀ: ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬੀਜੀਪੀ ਦੇ ਸਾਬਕਾ ਆਗੂ ਨਵਜੋਤ ਸਿੰਘ ਸਿੱਧੂ ਨੂੰ 'ਮਨੁੱਖੀ ਬੰਬ' ਦੱਸਦਿਆਂ ਆਖਿਆ ਹੈ ਕਿ ਕਾਂਗਰਸ ਵਿੱਚ ਸ਼ਾਮਲ ਹੋਣ ਉੱਤੇ ਉਹ ਪੂਰੀ ਪਾਰਟੀ ਨੂੰ ਉਡਾ ਦੇਣਗੇ।
ਨਵਜੋਤ ਸਿੰਘ ਸਿੱਧੂ ਦੀਆਂ ਅੱਜਕੱਲ੍ਹ ਕਾਂਗਰਸ ਵਿੱਚ ਸ਼ਾਮਲ ਹੋਣ ਦੀਆਂ ਅਟਕਲਾਂ ਚੱਲ ਰਹੀਆਂ ਹਨ ਜਿਸ ਦੀ ਪੁਸ਼ਟੀ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਪਹਿਲਾਂ ਹੀ ਕਰ ਚੁੱਕੇ ਹਨ। ਬਾਜਵਾ ਨੇ ਆਖਿਆ ਸੀ ਕਿ ਸਿੱਧੂ ਦੀਵਾਲੀ ਵਾਲੇ ਦਿਨ ਉਨ੍ਹਾਂ ਦੀ ਪਾਰਟੀ ਵਿੱਚ ਸ਼ਾਮਲ ਹੋ ਸਕਦੇ ਹਨ।
ਦਿੱਲੀ ਵਿਖੇ ਪੀ.ਟੀ.ਆਈ. ਨਾਲ ਗੱਲਬਾਤ ਕਰਦਿਆਂ ਸੁਖਬੀਰ ਬਾਦਲ ਨੇ ਕੈਪਟਨ ਅਮਰਿੰਦਰ ਸਿੰਘ ਤੇ ਪ੍ਰਤਾਪ ਸਿੰਘ ਬਾਜਵਾ ਦੇ ਰਿਸ਼ਤਿਆਂ ਉੱਤੇ ਵੀ ਚੁਟਕੀ ਲਈ। ਉਨ੍ਹਾਂ ਆਖਿਆ ਕਿ ਕੈਪਟਨ ਅਮਰਿੰਦਰ ਸਿੰਘ ਸਿੱਧੂ ਨੂੰ ਪਾਰਟੀ ਵਿੱਚ ਸ਼ਾਮਲ ਕੀਤੇ ਜਾਣ ਬਾਰੇ ਕੋਈ ਇਤਰਾਜ਼ ਨਾ ਹੋਣ ਦਾ ਬਿਆਨ ਦੇ ਕੇ ਬਾਜਵਾ ਨੂੰ ਅਸਲ ਵਿੱਚ ਥੱਲੇ ਲEਉਣਾ ਚਾਹੁੰਦੇ ਹਨ। ਉਨ੍ਹਾਂ ਆਖਿਆ ਕੈਪਟਨ ਤੇ ਬਾਜਵਾ ਹਮੇਸ਼ਾ ਇੱਕ ਦੂਜੇ ਨੂੰ ਥੱਲੇ ਲਾਉਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡਦੇ। ਉਨ੍ਹਾਂ ਸਿੱਧੂ ਨੂੰ ਮਨੁੱਖੀ ਬੰਬ ਦੱਸਦਿਆਂ ਆਖਿਆ ਕਿ ਉਸ ਵਿੱਚ ਧਮਾਕਾ ਕਾਂਗਰਸ ਵਿੱਚ ਜਾ ਕੇ ਹੋਵੇਗਾ।
ਦੂਜੇ ਪਾਸੇ ਕਾਂਗਰਸ ਦੇ ਰਾਜ ਸਭਾ ਮੈਂਬਰ ਪ੍ਰਤਾਪ ਸਿੰਘ ਬਾਜਵਾ ਨੇ ਆਖਿਆ ਹੈ ਕਿ ਸਿੱਧੂ ਦੇ ਦੀਵਾਲੀ ਮੌਕੇ ਪਾਰਟੀ ਵਿੱਚ ਸ਼ਾਮਲ ਹੋਣ ਦੀ ਪੂਰੀ ਸੰਭਾਵਨਾ ਹੈ। ਬਾਜਵਾ ਨੇ ਇੱਕ ਹੋਰ ਖ਼ੁਲਾਸਾ ਕਰਦਿਆਂ ਆਖਿਆ ਕਿ ਜੇਕਰ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ  ਉਨ੍ਹਾਂ ਨੂੰ ਵਿਧਾਨ ਸਭਾ ਚੋਣ ਲੜਨ ਦਾ ਆਦੇਸ਼ ਦੇਣਗੇ ਤਾਂ ਉਹ ਜ਼ਰੂਰ ਚੋਣ ਲੜਨਗੇ। ਉਨ੍ਹਾਂ ਆਖਿਆ ਇਸ ਲਈ ਉਹ ਰਾਜ ਸਭਾ ਸੀਟ ਛੱਡਣ ਲਈ ਵੀ ਤਿਆਰ ਹਨ। ਉਨ੍ਹਾਂ ਆਖਿਆ ਕਿ ਸਭ ਤੋਂ ਪਹਿਲਾਂ ਉਨ੍ਹਾਂ ਨੇ ਹੀ ਸਿੱਧੂ ਤੇ ਉਨ੍ਹਾਂ ਦੇ ਫ਼ਰੰਟ ਨੂੰ ਕਾਂਗਰਸ ਵਿੱਚ ਸ਼ਾਮਲ ਕਰਨ ਦੀ ਵਕਾਲਤ ਕੀਤੀ ਸੀ।