ਚੰਡੀਗੜ੍ਹ: ਬੇਅਦਬੀ ਤੇ ਗੋਲੀ ਕਾਂਡ ਮਾਮਲੇ ਵਿੱਚ ਪੰਜਾਬ ਪੁਲਿਸ ਦੀ ਵਿਸ਼ੇਸ਼ ਜਾਂਚ ਟੀਮ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਅੰਮ੍ਰਿਤਸਰ ਦੀ ਬਜਾਏ ਚੰਡੀਗੜ੍ਹ ਵਿੱਚ ਪੁੱਛਗਿੱਛ ਕੀਤੀ ਜਾਵੇਗੀ। ਵਿਸ਼ੇਸ਼ ਜਾਂਚ ਟੀਮ ਨੇ ਬਾਦਲ ਦੀ ਉਮਰ ਨੂੰ ਵੇਖਦਿਆਂ ਉਨ੍ਹਾਂ ਨੂੰ ਰਾਹਤ ਦਿੱਤੀ ਹੈ। ਵਿਸ਼ੇਸ਼ ਜਾਂਚ ਟੀਮ ਬਾਦਲ ਤੋਂ ਸਰਕਾਰੀ ਫਲੈਟ 'ਚ ਪੁੱਛਗਿੱਛ ਕਰੇਗੀ। ਅਕਾਲੀ ਦਲ ਨੇ ਕਿਹਾ ਹੈ ਬਾਦਲ ਜਾਂਚ ਵਿੱਚ ਸ਼ਾਮਲ ਹੋਣਗੇ ਤੇ ਸਿੱਟ ਨੂੰ ਪੂਰਾ ਸਹਿਯੋਗ ਦੇਣਗੇ। ਯਾਦ ਰਹੇ ਬੇਅਦਬੀ ਤੇ ਗੋਲੀਕਾਂਡ ਮਾਮਲੇ 'ਚ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਬਾਦਲ ਤੇ ਅਦਾਕਾਰ ਅਕਸ਼ੇ ਕੁਮਾਰ ਨੂੰ ਸੰਮਨ ਭੇਜੇ ਸਨ। ਉਧਰ, ਅਕਾਲੀ ਦਲ ਨੇ ਸਿੱਟ ਦੇ ਮੈਂਬਰ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਹਟਾਉਣ ਦੀ ਮੰਗ ਕੀਤੀ ਹੈ। ਉਨ੍ਹਾਂ ਕਿਹਾ ਹੈ ਕਿ ਕੁੰਵਰ ਵਿਜੇ ਪ੍ਰਤਾਪ ਪੇਸ਼ੇ ਵਜੋਂ ਕੰਮ ਨਹੀਂ ਕਰ ਰਹੇ। ਅਕਾਲੀ ਦਲ ਨੇ ਕਿਹਾ ਹੈ ਕਿ ਆਈਜੀ ਕੁੰਵਰ ਵਿਜੇ ਪ੍ਰਤਾਪ ਸਿੰਘ ਨੂੰ ਸਿੱਟ 'ਚੋਂ ਹਟਾਇਆ ਜਾਵੇ। ਉਨ੍ਹਾਂ ਇਲਜ਼ਾਮ ਲਾਇਆ ਕਿ ਅਫ਼ਸਰ ਦਾ ਰਵੱਈਆ ਗ਼ੈਰ ਜ਼ਿੰਮੇਵਾਰਾਨਾ ਹੈ। ਇਸ ਬਾਰੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਤੇ ਚੀਫ਼ ਸੈਕਟਰੀ ਨੂੰ ਸ਼ਿਕਾਇਤ ਕੀਤੀ ਹੈ।