ਮੁੱਖ ਮੰਤਰੀ ਨੇ ਅਰਬਨ ਰਿਨਿਊਅਲ ਐਂਡ ਰਿਫਾਰਮਜ਼ ਕੌਂਸਲੇਟਿਵ ਗਰੁੱਪ ਦੀ ਦੂਜੀ ਮੀਟਿੰਗ ਵਿੱਚ ਪਾਣੀ ਦੀ ਘਾਟ ਦੀ ਸਥਿਤੀ ਦਾ ਜਾਇਜ਼ਾ ਲੈਂਦੇ ਹੋਏ ਪਾਣੀ ਦੀ ਬਰਬਾਦੀ ਵਿਰੁੱਧ ਸਖਤੀ ਕਰਨ ਦੇ ਨਿਰਦੇਸ਼ ਜਾਰੀ ਕੀਤੇ ਹਨ। ਕੈਪਟਨ ਨੇ ਇਸ ਸਬੰਧ ਵਿੱਚ ਨਿਯਮਾਂ ਨੂੰ ਸਖਤੀ ਨਾਲ ਲਾਗੂ ਕਰਨ ’ਤੇ ਜ਼ੋਰ ਦਿੰਦੇ ਹੋਏ ਸਬੰਧਤ ਵਿਭਾਗਾਂ ਨੂੰ ਇਨ੍ਹਾਂ ਵਿੱਚ ਕੀਤੀਆਂ ਜਾਣ ਵਾਲੀਆਂ ਲੋੜੀਂਦੀਆਂ ਸੋਧਾਂ ਬਾਰੇ ਸੁਝਾਅ ਦੇਣ ਲਈ ਵੀ ਕਿਹਾ ਹੈ। ਇਸ ਦਾ ਮਕਸਦ ਹੈ ਕਿ ਪਾਣੀ ਦੀ ਬਰਬਾਦੀ ਕਰਨ ਵਾਲਿਆਂ ਨੂੰ ਰੋਕਣ ਲਈ ਉਨ੍ਹਾਂ ਦੇ ਪਾਣੀ ਦੇ ਬਕਾਏ ਦੇ ਭੁਗਤਾਨ ਲਈ ਮਜਬੂਰ ਕੀਤਾ ਜਾ ਸਕੇ।
ਯਾਦ ਰਹੇ ਇਸ ਤੋਂ ਪਹਿਲਾਂ ਕੈਪਟਨ ਨੇ ਬਿਜਲੀ ਚੋਰਾਂ 'ਤੇ ਸ਼ਿਕੰਜ਼ਾ ਕੱਸਣ ਦੇ ਹੁਕਮ ਦਿੱਤੇ ਹਨ। ਇਸ ਲਈ ਬਿਜਲੀ ਮਹਿਕਮੇ ਨੂੰ ਪੁਲਿਸ ਦੀ ਸਹਾਇਤਾ ਲੈਣ ਲਈ ਵੀ ਕਿਹਾ ਹੈ। ਬਿਜਲੀ ਦੀ ਸਥਿਤੀ ਬਾਰੇ ਸੀਨੀਅਰ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰੇ ਦੌਰਾਨ ਕੈਪਟਨ ਨੇ ਪੰਜਾਬ ਪੁਲਿਸ ਦੇ ਮੁਖੀ ਦਿਨਕਰ ਗੁਪਤਾ ਤੇ ਸੂਬੇ ਦੇ ਮੁੱਖ ਸਕੱਤਰ ਕਰਨ ਅਵਤਾਰ ਸਿੰਘ ਨੂੰ ਬਿਜਲੀ ਚੋਰਾਂ ਨੂੰ ਹੱਥ ਪਾਉਣ ਦੀ ਹਦਾਇਤ ਕੀਤੀ।