ਨਵੀਂ ਦਿੱਲੀ: ਸ਼੍ਰੋਮਣੀ ਅਕਾਲੀ ਦਲ ਅੰਦਰ ਪੰਜਾਬ ਦੇ ਨਾਲ-ਨਾਲ ਦਿੱਲੀ ਵਿੱਚ ਵੀ ਖਲਾਰਾ ਪੈ ਗਿਆ ਹੈ। ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਵੱਲੋਂ ਅਹੁਦਾ ਛੱਡਣ ਮਗਰੋਂ ਕਮੇਟੀ ਪ੍ਰਧਾਨ ਮਨਜੀਤ ਸਿੰਘ ਜੀਕੇ ਨੇ ਆਪਣੇ ਘਰ ਹੰਗਾਮੀ ਮੀਟਿੰਗ ਬੁਲਾਈ। ਇਸ ਮੀਟਿੰਗ ਵਿੱਚ 20 ਦੇ ਕਰੀਬ ਮੈਂਬਰ ਪਹੁੰਚੇ।

ਕਾਬਲੇਗੌਰ ਹੈ ਕਿ ਕਮੇਟੀ ਦੇ ਜਨਰਲ ਸਕੱਤਰ ਮਨਜਿੰਦਰ ਸਿੰਘ ਸਿਰਸਾ ਨੇ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਵਿੱਚ ਘਿਰੇ ਜਨਰਲ ਮੈਨੇਜਰ ਨੂੰ ਜੀਕੇ ਵੱਲੋਂ ਬਹਾਲ ਕਰਨ ਦੇ ਵਿਰੋਧ ਵਿੱਚ ਆਪਣਾ ਚਾਰਜ ਛੱਡ ਦਿੱਤਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਬਾਦਲ ਨੇ ਤੁਰੰਤ ਦਿੱਲੀ ਪੁੱਜ ਕੇ ਮੀਟਿੰਗਾਂ ਦਾ ਸਿਲਸਿਲਾ ਵਿੱਢਿਆ ਸੀ ਪਰ ਸਿਰਸਾ ਸ਼ਾਂਤ ਨਹੀਂ ਹੋਏ। ਸਿਰਸਾ ਨੇ ਦਾਅਵਾ ਕੀਤਾ ਸੀ ਕਿ ਉਨ੍ਹਾਂ ਵੱਲੋਂ ਮੁਅੱਤਲ ਕੀਤੇ ਜਨਰਲ ਮੈਨੇਜਰ ਨੂੰ ਬਹਾਲ ਕਰਕੇ ਜੀਕੇ ਨੇ ਗਲਤ ਕਦਮ ਚੁੱਕਿਆ ਹੈ।

ਸੁਖਬੀਰ ਬਾਦਲ ਵੱਲੋਂ ਦਖਲ ਦੇਣ ਦੇ ਬਾਵਜੂਦ ਜੀਕੇ ਬਨਾਮ ਸਿਰਸਾ ਲੜਾਈ ਹੋਰ ਗੰਭੀਰ ਹੁੰਦੀ ਨਜ਼ਰ ਆ ਰਹੀ ਹੈ। ਇਸ ਦੇ ਸੰਕੇਤ ਅੱਜ ਜੀਕੇ ਦੇ ਸ਼ਕਤੀ ਪ੍ਰਦਰਸ਼ਨ ਤੋਂ ਵੀ ਮਿਲੇ। ਉਨ੍ਹਾਂ ਵੱਲੋਂ ਆਪਣੇ ਘਰ ਬੁਲਾਈ ਗਈ ਮੀਟਿੰਗ ਵਿੱਚ ਤਖ਼ਤ ਸ਼੍ਰੀ ਪਟਨਾ ਸਾਹਿਬ ਦੇ ਪ੍ਰਧਾਨ ਅਵਤਾਰ ਸਿੰਘ ਹਿੱਤ ਤੇ ਦਿੱਲੀ ਮਹਿਲਾ ਵਿੰਗ ਦੀ ਪ੍ਰਧਾਨ ਰਣਜੀਤ ਕੌਰ ਵੀ ਮੌਜੂਦ ਸੀ।

ਹਾਲਾਂਕਿ ਮੀਟਿੰਗ ਮਗਰੋਂ ਕੋਈ ਵੀ ਬੋਲਣ ਲਈ ਤਿਆਰ ਨਹੀਂ ਪਰ ਬਹੁਤੇ ਮੈਂਬਰ ਦੱਬੀ ਸੁਰ ਵਿੱਚ ਭ੍ਰਿਸ਼ਟਾਚਾਰ ਦੇ ਇਲਜ਼ਾਮਾਂ ਦੀ ਜਾਂਚ ਕਰਾਉਣ ਦੀ ਮੰਗ ਕਰਦੇ ਨਜ਼ਰ ਆਏ। ਇਸ ਮੌਕੇ ਜਦੋਂ ਮੀਟਿੰਗ ਦਾ ਕਾਰਨ ਪੁੱਛਿਆ ਗਿਆ ਤਾਂ ਮੈਂਬਰਾਂ ਨੇ ਅਵਤਾਰ ਸਿੰਘ ਹਿੱਤ ਨੂੰ ਸਨਮਾਨ ਕਰਨ ਦੀ ਗੱਲ ਕਹੀ। ਸੂਤਰਾਂ ਦਾ ਕਹਿਣਾ ਹੈ ਕਿ ਅਗਲੇ ਦਿਨਾਂ ਵਿੱਚ ਇਹ ਲੜਾਈ ਹੋਰ ਗੰਭੀਰ ਰੂਪ ਅਖਤਿਆਰ ਕਰ ਸਕਦੀ ਹੈ ਜਿਸ ਨਾਲ ਅਕਾਲੀ ਦਲ ਲਈ ਵੱਡਾ ਸੰਕਟ ਖੜ੍ਹਾ ਹੋ ਸਕਦਾ ਹੈ।